ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 25 ਫਰਵਰੀ
ਧਰਮ ਪ੍ਰਚਾਰ ਕਮੇਟੀ ਵੱਲੋਂ 1999 ’ਚ ਫ਼ਤਹਿਗੜ੍ਹ ਸਾਹਿਬ ਵਿੱਚ ਹੋਈ ਇਕੱਤਰਤਾ ਵਿੱਚ ਪਾਸ ਕੀਤਾ ਮਤਾ ਸੋਸ਼ਲ ਮੀਡੀਆ ’ਤੇ ਵਾਇਰਲ ਹੋਇਆ ਹੈ ਜਿਸ ਵਿਚ ਕਿਹਾ ਗਿਆ ਹੈ ਕਿ ਅਕਾਲ ਤਖ਼ਤ ਤੇ ਹੋਰ ਤਖ਼ਤ ਸਾਹਿਬਾਨ ਗੁਰਦੁਆਰਾ ਐਕਟ-1925 ਦੇ ਘੇਰੇ ਵਿੱਚ ਨਹੀਂ ਆਉਂਦੇ।
ਦੂਜੇ ਪਾਸੇ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਕਿਹਾ ਕਿ ਇਸ ਮਤੇ ਨੂੰ 30 ਮਾਰਚ 1999 ਨੂੰ ਸਾਲਾਨਾ ਬਜਟ ਇਜਲਾਸ ਸਮੇਂ ਮਤਾ ਨੰਬਰ 201 ਰਾਹੀਂ ਰੱਦ ਕਰ ਕੇ ਧਰਮ ਪ੍ਰਚਾਰ ਕਮੇਟੀ ਨੂੰ ਆਪਣੀਆਂ ਸੀਮਾਵਾਂ ’ਚ ਰਹਿ ਕੇ ਕੰਮ ਦਾ ਆਦੇਸ਼ ਦਿੱਤਾ ਸੀ। ਜ਼ਿਕਰਯੋਗ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਅਕਾਲ ਤਖ਼ਤ ਦੇ ਜਥੇਦਾਰ ਵਿਚਾਲੇ ਅਧਿਕਾਰ ਖੇਤਰ ਬਾਰੇ ਚਰਚਾ ਚੱਲ ਰਹੀ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਤਖ਼ਤ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਖ਼ਤਮ ਕਰਨ ਮਗਰੋਂ ਸ਼੍ਰੋਮਣੀ ਕਮੇਟੀ ਤੇ ਅਕਾਲ ਤਖ਼ਤ ਦੇ ਜਥੇਦਾਰ ਵਿਚਾਲੇ ਇਸ ਮਾਮਲੇ ਤੋਂ ਵਿਚਾਰਕ ਵੱਖਰੇਵੇਂ ਉੱਭਰੇ ਹਨ।