ਛਤਰਪੁਰ (ਮੱਧ ਪ੍ਰਦੇਸ਼), 23 ਫਰਵਰੀ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਦੀਆਂ ਧਾਰਮਿਕ ਅਤੇ ਸੱਭਿਆਚਾਰਕ ਪਰੰਪਰਾਵਾਂ ਦਾ ਵਿਰੋਧ ਕਰਨ ਵਾਲਿਆਂ ਦੀ ਨਿਖੇਧੀ ਕਰਦਿਆਂ ਪ੍ਰਯਾਗਰਾਜ ਵਿੱਚ ਚੱਲ ਰਹੇ ਮਹਾਂਕੁੰਭ ਨੂੰ ‘ਏਕਤਾ ਦਾ ਮਹਾਂਕੁੰਭ’ ਕਰਾਰ ਦਿੱਤਾ। ਉਨ੍ਹਾਂ ਅੱਜ ਛਤਰਪੁਰ ਵਿਚ ਬਾਗੇਸ਼ਵਰ ਧਾਮ ਮੈਡੀਕਲ ਅਤੇ ਵਿਗਿਆਨ ਖੋਜ ਕੇਂਦਰ ਅਤੇ ਕੈਂਸਰ ਹਸਪਤਾਲ ਦਾ ਉਦਘਾਟਨ ਕਰਨ ਤੋਂ ਬਾਅਦ ਲੋਕਾਂ ਨੂੰ ਸੰਬੋਧਨ ਕਰਦਿਆਂ ਧਾਰਮਿਕ ਪ੍ਰਪੰਰਾਵਾਂ ਦਾ ਵਿਰੋਧ ਕਰਨ ਵਾਲਿਆਂ ’ਤੇ ਨਿਸ਼ਾਨਾ ਸੇਧਿਆ। ਇਸ ਵੇਲੇ ਉੱਤਰ ਪ੍ਰਦੇਸ਼ ਦੇ ਪ੍ਰਯਾਗਰਾਜ ਵਿਚ ਚੱਲ ਰਿਹਾ ਮਹਾਂਕੁੰਭ 144 ਸਾਲਾਂ ਬਾਅਦ ਹੋ ਰਿਹਾ ਹੈ। ਨਰਿੰਦਰ ਮੋਦੀ ਨੇ ਕਿਹਾ, ‘ਅਜੋਕੇ ਸਮੇਂ ਅਸੀਂ ਦੇਖਦੇ ਹਾਂ ਕਿ ਅਜਿਹੇ ਆਗੂਆਂ ਦਾ ਇੱਕ ਵਰਗ ਹੈ ਜੋ ਧਰਮ ਦਾ ਮਜ਼ਾਕ ਉਡਾ ਰਿਹਾ ਹੈ ਅਤੇ ਲੋਕਾਂ ਨੂੰ ਵੰਡ ਰਿਹਾ ਹੈ… ਅਤੇ ਕਈ ਵਾਰ ਵਿਦੇਸ਼ੀ ਸ਼ਕਤੀਆਂ ਵੀ ਇਨ੍ਹਾਂ ਲੋਕਾਂ ਦਾ ਸਮਰਥਨ ਕਰਕੇ ਦੇਸ਼ ਅਤੇ ਧਰਮ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕਰਦੀਆਂ ਨਜ਼ਰ ਆਉਂਦੀਆਂ ਹਨ।’
ਮਹਾਕੁੰਭ ਨੂੰ ਸਫਲ ਬਣਾਉਣ ਲਈ ਸਫ਼ਾਈ ਕਰਮੀਆਂ ਅਤੇ ਪੁਲੀਸ ਮੁਲਾਜ਼ਮਾਂ ਦੀ ਸ਼ਲਾਘਾ ਕਰਦਿਆਂ ਮੋਦੀ ਨੇ ਇਹ ਵੀ ਕਿਹਾ ਕਿ ਇਸ ‘ਏਕਤਾ ਦੇ ਮਹਾਨ ਕੁੰਭ’ ਵਿੱਚ ਹਜ਼ਾਰਾਂ ਡਾਕਟਰ ਅਤੇ ਵਾਲੰਟੀਅਰ ਸਮਰਪਣ ਅਤੇ ਸੇਵਾ ਦੀ ਭਾਵਨਾ ਨਾਲ ਸਵੈਇੱਛਾ ਨਾਲ ਲੱਗੇ ਹੋਏ ਹਨ। ਉਨ੍ਹਾਂ ਕਿਹਾ, ‘ਏਕਤਾ ਦੇ ਇਸ ਮਹਾਨ ਕੁੰਭ ਵਿੱਚ ਜਾਣ ਵਾਲੇ ਲੋਕ ਇਨ੍ਹਾਂ ਯਤਨਾਂ ਦੀ ਸ਼ਲਾਘਾ ਕਰ ਰਹੇ ਹਨ।’ ਉਨ੍ਹਾਂ ਕੁੰਭ ਮੇਲੇ ਵਿੱਚ ਅੱਖਾਂ ਦੇ ਡਾਕਟਰਾਂ ਵੱਲੋਂ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸੇਵਾਵਾਂ ਦੀ ਵੀ ਸ਼ਲਾਘਾ ਕੀਤੀ। ਕੈਂਸਰ ਨਾਲ ਲੜਨ ਲਈ ਆਪਣੀ ਸਰਕਾਰ ਵੱਲੋਂ ਕੀਤੇ ਗਏ ਯਤਨਾਂ ਦਾ ਜ਼ਿਕਰ ਕਰਦਿਆਂ ਮੋਦੀ ਨੇ ਕਿਹਾ ਕਿ ਇਸ ਸਾਲ ਦੇ ਬਜਟ ਵਿੱਚ ਇਸ ਬਿਮਾਰੀ ਨਾਲ ਲੜਨ ਲਈ ਕਈ ਐਲਾਨ ਕੀਤੇ ਗਏ ਹਨ ਅਤੇ ਕੈਂਸਰ ਦੀਆਂ ਦਵਾਈਆਂ ਨੂੰ ਸਸਤੀਆਂ ਕਰਨ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅਗਲੇ ਤਿੰਨ ਸਾਲਾਂ ਵਿੱਚ ਦੇਸ਼ ਦੇ ਹਰ ਜ਼ਿਲ੍ਹੇ ਵਿੱਚ ਕੈਂਸਰ ਡੇਅ ਕੇਅਰ ਸੈਂਟਰ ਖੋਲ੍ਹੇ ਜਾਣਗੇ। -ਪੀਟੀਆਈ