ਕਈ ਪਿੰਡਾਂ ਵਿੱਚ ਕਣਕ ਦੀ ਫ਼ਸਲ ’ਤੇ ਗੁਲਾਬੀ ਸੁੰਡੀ ਦਾ ਹਮਲਾ

Must read


ਮਿਹਰ ਸਿੰਘ

ਕੁਰਾਲੀ, 30 ਨਵੰਬਰ

ਇਲਾਕੇ ਦੇ ਕਈ ਪਿੰਡਾਂ ਵਿੱਚ ਕਣਕ ਦੀ ਫ਼ਸਲ ’ਤੇ ਗੁਲਾਬੀ ਸੁੰਡੀ ਦਾ ਹਮਲਾ ਦੇਖਣ ਨੂੰ ਮਿਲ ਰਿਹਾ ਹੈ। ਇਸ ’ਤੇ ਖੇਤੀਬਾੜੀ ਵਿਭਾਗ ਦੀ ਟੀਮ ਨੇ ਬਲਾਕ ਮਾਜਰੀ ਦੇ ਕਈ ਪਿੰਡਾਂ ਦਾ ਦੌਰਾ ਕਰਦਿਆਂ ਕਣਕ ਦੀ ਫਸਲ ਦਾ ਨਿਰੀਖਣ ਕੀਤਾ ਅਤੇ ਕਿਸਾਨਾਂ ਨੂੰ ਗੁਲਾਬੀ ਸੁੰਡੀ ਦੇ ਹਮਲੇ ਤੋਂ ਬਚਾਅ ਸਬੰਧੀ ਨੁਕਤੇ ਦੱਸੇ। ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਬਚਨ ਸਿੰਘ ਦੇ ਨਿਰਦੇਸ਼ ਹੇਠ ਬਲਾਕ ਮਾਜਰੀ ਦੇ ਖੇਤੀਬਾੜੀ ਵਿਭਾਗ ਦੇ ਮਾਹਿਰਾਂ ਦੀ ਟੀਮ ਵੱਲੋਂ ਪਿੰਡ ਗੁੰਨੋ ਮਾਜਰਾ, ਪੜੌਲ, ਖਿਜ਼ਰਾਬਾਦ ਆਦਿ ਦਾ ਦੌਰਾ ਕੀਤਾ ਅਤੇ ਖੇਤਾਂ ਵਿੱਚ ਖੜ੍ਹੀ ਕਣਕ ਦੀ ਫਸਲ ਦਾ ਨਿਰੀਖਣ ਕੀਤਾ। ਏਡੀਓ ਗੁਰਪ੍ਰੀਤ ਸਿੰਘ ਦੀ ਅਗਵਾਈ ਵਾਲੀ ਟੀਮ ਨੇ ਦੇਖਿਆ ਕਿ ਇਲਾਕੇ ਦੇ ਖੇਤਾਂ ਵਿੱਚ ਕਿਤੇ ਕਿਤੇ ਗੁਲਾਬੀ ਸੁੰਡੀ ਵੱਲੋਂ ਹਮਲਾ ਕੀਤਾ ਹੋਇਆ ਹੈ। ਉਨ੍ਹਾਂ ਖੇਤਾਂ ਦੀ ਜਾਂਚ ਕੀਤੀ ਅਤੇ ਕਿਸਾਨਾਂ ਨੂੰ ਜਾਣਕਾਰੀ ਵੀ ਦਿੱਤੀ। ਇਸ ਮੌਕੇ ਡਾ. ਗੁਰਪ੍ਰੀਤ ਸਿੰਘ ਨੇ ਕਿਸਾਨਾਂ ਨੂੰ ਸੁਚੇਤ ਕਰਦਿਆਂ ਦੱਸਿਆ ਕਿ ਇਹ ਗੁਲਾਬੀ ਰੰਗ ਦੀਆਂ ਸੁੰਡੀਆਂ ਛੋਟੇ ਬੂਟਿਆਂ ਦੇ ਤਣਿਆਂ ’ਚ ਮੋਰੀਆਂ ਕਰ ਕੇ ਅੰਦਰ ਚਲੀਆਂ ਜਾਂਦੀਆਂ ਹਨ ਅਤੇ ਅੰਦਰਲਾ ਮਾਦਾ ਖਾਂਦੀਆਂ ਹਨ। ਉਨ੍ਹਾਂ ਦੱਸਿਆ ਕਿ ਗੁਲਾਬੀ ਸੁੰਡੀ ਦੇ ਹਮਲੇ ਕਾਰਨ ਕਣਕ ਦੀ ਫਸਲ ਦੇ ਬੂਟੇ ਪੀਲੇ ਪੈ ਕੇ ਕੁਝ ਸਮੇਂ ਵਿੱਚ ਹੀ ਸੁੱਕ ਜਾਂਦੇ ਹਨ। ਖੇਤੀਬਾੜੀ ਵਿਸਥਾਰ ਅਫ਼ਸਰ ਸੋਨੀਆ ਪਰਾਸ਼ਰ ਨੇ ਕਿਸਾਨਾਂ ਨੂੰ ਫਸਲ ’ਤੇ ਧਿਆਨ ਦੇਣ ਦੀ ਸਲਾਹ ਦਿੱਤੀ। ਖੇਤੀਬਾੜੀ ਮਾਹਿਰਾਂ ਨੇ ਕਿਸਾਨਾਂ ਨੂੰ ਦੱਸਿਆ ਕਿ ਗੁਲਾਬੀ ਸੁੰਡੀ ਦੇ ਹਮਲੇ ਤੋਂ ਬਚਾਅ ਅਤੇ ਇਸ ਦੀ ਰੋਕਥਾਮ ਲਈ 1 ਕਿਲੋ ਕਲੋਰਪਾਈਰੀਫਾਸ ਜਾਂ 7 ਕਿਲੋ ਫਿਪਰੋਨਿਲ 0.37 ਨੂੰ 20 ਕਿਲੋ ਸਲਾਬੀ ਮਿੱਟੀ ’ਚ ਰਲ਼ਾ ਕੇ ਛਿੱਟਾ ਦੇਣ ਦੀ ਸਲਾਹ ਦਿੱਤੀ। ਉਨ੍ਹਾਂ ਕਿਸਾਨਾਂ ਨੂੰ ਦੱਸਿਆ ਕਿ ਛਿੜਕਾਅ ਨਾਲੋਂ ਛਿੱਟਾ ਦੇਣਾ ਜ਼ਿਆਦਾ ਲਾਹੇਵੰਦ ਹੁੰਦਾ ਹੈ ਇਸ ਲਈ ਸਪਰੇਅ ਤੋਂ ਪਰਹੇਜ਼ ਕਰਨਾ ਚਾਹੀਦਾ ਹੈ। ਇਸ ਮੌਕੇ ਖੇਤੀਬਾੜੀ ਉਪ ਨਿਰੀਖਕ ਸ਼ੁਚਪਾਲ, ਕਿਸਾਨ ਜਸਵੀਰ ਸਿੰਘ ਅਤੇ ਗੁਰਪ੍ਰੀਤ ਸਿੰਘ ਆਦਿ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ। 





News Source link

- Advertisement -

More articles

- Advertisement -

Latest article