ਆਤਿਸ਼ ਗੁਪਤਾ
ਚੰਡੀਗੜ੍ਹ, 25 ਫਰਵਰੀ
ਚੰਡੀਗੜ੍ਹ ਕਾਂਗਰਸ ਵੱਲੋਂ ਅੱਜ ਕਿਸਾਨਾਂ ਦੀ ਹਮਾਇਤ ਵਿੱਚ ਚੰਡੀਗੜ੍ਹ ਦੇ ਪਿੰਡ ਬਡਹੇੜੀ ਵਿੱਚ ਮਸ਼ਾਲ ਮਾਰਚ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਕਾਂਗਰਸੀਆਂ ਨੇ ਭਾਜਪਾ ਵਿਰੁੱਧ ਨਾਅਰੇਬਾਜ਼ੀ ਕੀਤੀ ਅਤੇ ਭਾਜਪਾ ’ਤੇ ਕਿਸਾਨ ਵਿਰੋਧੀ ਹੋਣ ਦੇ ਦੋਸ਼ ਲਗਾਏ। ਇਹ ਮਸ਼ਾਲ ਮਾਰਚ ਪਿੰਡ ਬਡਹੇੜੀ ਤੇ ਬਟੇਰਲਾ ਵਿੱਚ ਕੀਤਾ ਗਿਆ ਹੈ। ਇਸ ਵਿੱਚ ਕਾਂਗਰਸ ਦੇ ਸੀਨੀਅਰ ਆਗੂ ਤੇ ਸਾਬਕਾ ਕੇਂਦਰੀ ਮੰਤਰੀ ਪਵਨ ਕੁਮਾਰ ਬਾਂਸਲ, ਐਡਵੋਕੇਟ ਅਤਿੰਦਰਜੀਤ ਸਿੰਘ ਰੋਬੀ, ਸੱਤਿਆਵਾਨ ਗਹਿਲੋਤ, ਰਮੇਸ਼ ਅਹੂਜਾ, ਅਸ਼ੀਸ਼ ਗਜਵਨੀ ਤੇ ਦੀਪਕ ਲੁਬਾਣਾ ਸਣੇ ਵੱਡੀ ਗਿਣਤੀ ਵਿੱਚ ਬਲਾਕ ਕਾਂਗਰਸ ਦੇ ਆਗੂ ਮੌਜੂਦ ਰਹੇ। ਪ੍ਰਦਰਸ਼ਨਕਾਰੀਆਂ ਨੇ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਨੌਜਵਾਨ ਸ਼ੁਭਕਰਨ ਦੀ ਮੌਤ ਦੇ ਜ਼ਿੰਮੇਵਾਰ ਲੋਕਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ।
ਪਵਨ ਕੁਮਾਰ ਬਾਂਸਲ ਨੇ ਕਿਹਾ ਕਿ ਕੇਂਦਰ ਸਰਕਾਰ ਐੱਮਐੱਸਪੀ ਦੇ ਨਾਂ ’ਤੇ ਕਿਸਾਨਾਂ ਨੂੰ ਗੁਮਰਾਹ ਕਰ ਰਹੀ ਹੈ ਜਦੋਂਕਿ ਬਜਟ ਵਿੱਚ 0.4 ਫ਼ੀਸਦ ਦਾ ਵਾਧਾ ਕਰ ਕੇ ਕਿਸਾਨਾਂ ਨੂੰ ਯਕੀਨੀ ਐੱਮਐੱਸਪੀ ਦਿੱਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਅੱਜ ਦੇਸ਼ ਵਿੱਚ ਦਾਲਾਂ ਤੇ ਤੇਲ ਬੀਜ ਬਾਹਰ ਤੋਂ ਮੰਗਵਾਏ ਜਾ ਰਹੇ ਹਨ, ਜੇ ਕਿਸਾਨਾਂ ਨੂੰ ਦਾਲਾਂ ਤੇ ਤੇਲ ਬੀਜਾਂ ਦੀ ਖ਼ਰੀਦ ਐੱਮਐੱਸਪੀ ’ਤੇ ਯਕੀਨੀ ਬਣਾਈ ਜਾਵੇ ਤਾਂ ਇਨ੍ਹਾਂ ਦੋਵਾਂ ਦੀ ਪੈਦਾਵਾਰ ਭਾਰਤ ਵਿੱਚ ਹੋ ਸਕੇਗੀ। ਇਸ ਤਰ੍ਹਾਂ ਵਿਦੇਸ਼ਾਂ ਵਿੱਚੋਂ ਮੰਗਵਾਈ ਜਾਣ ਵਾਲੀਆਂ ਦਾਲਾਂ ਤੇ ਤੇਲ ਬੀਜਾਂ ਵਿੱਚ ਕਟੌਤੀ ਹੋਵੇਗੀ। ਇਸ ਨਾਲ ਮੁਲਕ ਦੇ ਸਰਮਾਏ ਦੀ ਬਚਤ ਕੀਤੀ ਜਾ ਸਕਦੀ ਹੈ।
ਐਡਵੋਕੇਟ ਅਤਿੰਦਰਜੀਤ ਸਿੰਘ ਰੋਬੀ ਨੇ ਕਿਹਾ ਕਿ ਦੇਸ਼ ਦਾ ਅੰਨਦਾਤਾ ਆਪਣੇ ਹੱਕਾਂ ਲਈ ਦਿੱਲੀ ਕੂਚ ਕਰਨ ਲਈ ਸੰਘਰਸ਼ ਕਰ ਰਿਹਾ ਹੈ ਪਰ ਭਾਜਪਾ ਵੱਲੋਂ ਪੰਜਾਬ ਤੇ ਹਰਿਆਣਾ ਦੀਆਂ ਹੱਦਾਂ ’ਤੇ ਵੱਡੀ-ਵੱਡੀਆਂ ਰੋਕਾਂ ਲਗਾ ਕੇ ਕਿਸਾਨਾਂ ਨੂੰ ਅੱਗੇ ਵਧਣ ਤੋਂ ਰੋਕਿਆ ਜਾ ਰਿਹਾ ਹੈ। ਇੰਨਾ ਹੀ ਨਹੀਂ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਕਿਸਾਨਾਂ ’ਤੇ ਅੱਥਰੂ ਗੈਸ ਦੇ ਗੋਲੇ ਸੁੱਟੇ ਜਾ ਰਹੇ ਹਨ ਅਤੇ ਕਿਸਾਨਾਂ ਦੇ ਵਾਹਨਾਂ ਦਾ ਨੁਕਸਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਕੇਂਦਰ ਸਰਕਾਰ ਨੂੰ ਕਿਸਾਨਾਂ ਦੀ ਮੰਗ ਮੰਨਣੀ ਚਾਹੀਦੀ ਹੈ ਅਤੇ ਜਮਹੂਰੀ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਪ੍ਰਦਰਸ਼ਨ ਕਰਨ ਦੇਣਾ ਚਾਹੀਦਾ ਹੈ।
News Source link
#ਚਡਗੜਹ #ਕਗਰਸ #ਵਲ #ਕਸਨ #ਦ #ਹਮਇਤ #ਵਚ #ਮਸ਼ਲ #ਮਰਚ