ਅਜੇ ਮਲਹੋਤਰਾ
ਸ੍ਰੀ ਫ਼ਤਹਿਗੜ੍ਹ ਸਾਹਿਬ, 5 ਜਨਵਰੀ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚਲਾਏ ਜਾ ਰਹੇ ਸਥਾਨਕ ਬਾਬਾ ਬੰਦਾ ਸਿੰਘ ਬਹਾਦਰ ਇੰਜਨੀਅਰਿੰਗ ਕਾਲਜ ਵਿੱਚ ਪਰਸੋਂ ਰਾਤ ਹੋਈ ਹਿੰਸਕ ਝੜਪ ਤੋਂ ਬਾਅਦ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਇੱਥੇ ਪਹੁੰਚ ਕੇ ਕਾਲਜ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨਾਲ ਤਾਜ਼ਾ ਸਥਿਤੀ ਬਾਰੇ ਗੱਲਬਾਤ ਕੀਤੀ। ਇਸ ਮਗਰੋਂ ਸ੍ਰੀ ਧਾਮੀ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਸ਼ਹੀਦੀ ਸਭਾ ਦੌਰਾਨ ਅੰਮ੍ਰਿਤਪਾਲ ਸਿੰਘ ਨੂੰ ਕਾਲਜ ਕੈਂਪਸ ਵਿੱਚ ਠਹਿਰਨ ਦੀ ਇਜਾਜ਼ਤ ਨਹੀਂ ਦਿੱਤੀ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੱਜ ਕਾਲਜ ਨੂੰ ਪੁਲੀਸ ਛਾਉਣੀ ਵਿੱਚ ਤਬਦੀਲ ਕਰ ਦਿੱਤਾ ਗਿਆ। ਕਾਲਜ ਵਿੱਚ ਸਥਿਤੀ ਭਾਵੇਂ ਕੰਟਰੋਲ ਹੇਠ ਹੈ ਪਰ ਵਿਦਿਆਰਥੀਆਂ ਵਿੱਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ।
ਜ਼ਿਕਰਯੋਗ ਹੈ ਕਿ ਲੰਘੇ ਦਿਨੀਂ ਮੁੰਡਿਆਂ ਦੇ ਹੋਸਟਲ ਵਿੱਚ ਜਨਮ ਦਿਨ ਦੀ ਪਾਰਟੀ ਚੱਲ ਰਹੀ ਸੀ। ਇਸ ਦੌਰਾਨ ਵਿਦਿਆਰਥੀਆਂ ਤੇ ਸੁਰੱਖਿਆ ਕਰਮਚਾਰੀਆਂ ਵਿੱਚ ਵਿਵਾਦ ਹੋ ਗਿਆ ਜੋ ਹਿੰਸਕ ਝੜਪ ਦਾ ਰੂਪ ਧਾਰਨ ਕਰ ਗਿਆ। ਇਸ ਦੌਰਾਨ ਬਿਹਾਰ ਦੇ ਵਿਦਿਆਰਥੀਆਂ ਨੇ ਦੋਸ਼ ਲਾਇਆ ਸੀ ਕਿ ਸ਼ਹੀਦੀ ਸਭਾ ਦੌਰਾਨ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਆਗੂ ਅੰਮ੍ਰਿਤਪਾਲ ਸਿੰਘ ਨੇ ਕਾਲਜ ਕੈਂਪਸ ਵਿੱਚ ਭੜਕਾਊ ਭਾਸ਼ਨ ਦਿੱਤਾ ਸੀ, ਉਸ ਤੋਂ ਬਾਅਦ ਹੀ ਕਾਲਜ ਦਾ ਮਾਹੌਲ ਖ਼ਰਾਬ ਹੋਣਾ ਸ਼ੁਰੂ ਹੋਇਆ ਹੈ।
ਐਡਵੋਕੇਟ ਧਾਮੀ ਨੇ ਦੱਸਿਆ ਕਿ ਇਸ ਘਟਨਾ ਦੀ ਜਾਂਚ ਲਈ ਸ਼੍ਰੋਮਣੀ ਕਮੇਟੀ ਦੇ ਮੀਤ ਪ੍ਰਧਾਨ ਅਵਤਾਰ ਸਿੰਘ ਰਿਆ, ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਜਗਦੀਪ ਸਿੰਘ ਚੀਮਾ, ਜਥੇਦਾਰ ਕਰਨੈਲ ਸਿੰਘ ਪੰਜੋਲੀ ਅਤੇ ਐਡਵੋਕੇਟ ਅਮਰਦੀਪ ਸਿੰਘ ਧਾਰਨੀ ’ਤੇ ਆਧਾਰਿਤ ਕਮੇਟੀ ਦਾ ਗਠਨ ਕੀਤਾ ਗਿਆ ਹੈ ਜੋ ਆਪਣੀ ਰਿਪੋਰਟ ਜਲਦੀ ਹੀ ਸ਼੍ਰੋਮਣੀ ਕਮੇਟੀ ਨੂੰ ਸੌਂਪੇਗੀ। ਇਸ ਤੋਂ ਬਾਅਦ ਅਗਲੇਰੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਕਿਸੇ ਨਾਲ ਕੋਈ ਵਿਤਕਰਾ ਨਹੀਂ ਕਰਦੀ। ਅੱਜ ਕਾਲਜ ਦੇ ਮੁੱਖ ਗੇਟ ਕੋਲ ਅੰਮਿ੍ਰਤਪਾਲ ਸਿੰਘ ਦੀ ਜਥੇਬੰਦੀ ‘ਵਾਰਿਸ ਪੰਜਾਬ ਦੇ’ ਦੇ ਆਗੂ ਪੱਪਲਪ੍ਰੀਤ ਸਿੰਘ ਨੇ ਆਪਣੇ ਸਾਥੀਆਂ ਸਣੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਕਾਲਜਾਂ ਵਿੱਚ ਦਾਖਲੇ ਲਈ ਸਿੱਖ ਵਿਦਿਆਰਥੀਆਂ ਨੂੰ 95 ਫੀਸਦੀ ਰਿਜਵੇਸ਼ਨ ਦਿੱਤੀ ਜਾਵੇ।
ਬਿਹਾਰੀ ਵਿਦਿਆਰਥੀਆਂ ਦੇ ਕਾਲਜ ਛੱਡਣ ਦੀਆਂ ਅਫ਼ਵਾਹਾਂ ਨੂੰ ਨਕਾਰਿਆ
ਕਾਲਜ ਪ੍ਰਿੰਸੀਪਲ ਡਾ. ਲਖਵੀਰ ਸਿੰਘ ਨੇ ਬਿਹਾਰ ਦੇ ਵਿਦਿਆਰਥੀਆਂ ਵੱਲੋਂ ਕਾਲਜ ਛੱਡ ਕੇ ਜਾਣ ਦੀਆਂ ਅਫਵਾਹਾਂ ਨੂੰ ਨਕਾਰਦਿਆਂ ਕਿਹਾ ਕਿ ਕੋਈ ਵੀ ਵਿਅਿਾਰਥੀ ਕਾਲਜ ਛੱਡ ਕੇ ਨਹੀਂ ਜਾ ਰਿਹਾ। ਜਿਨ੍ਹਾਂ ਵਿਦਿਆਰਥੀਆਂ ਦੇ ਇਮਤਿਹਾਨ ਨਹੀਂ ਹਨ, ਸਿਰਫ ਉਹ ਵਿਦਿਆਰਥੀ ਆਮ ਵਾਂਗ ਕੁਝ ਸਮੇਂ ਲਈ ਆਪਣੇ ਘਰ ਜਾ ਰਹੇ ਹਨ।