Haryana IPS officer Deepak Gahlawat : ਕੇਂਦਰੀ ਜਾਂਚ ਬਿਊਰੋ (CBI) ਨੇ ਹਰਿਆਣਾ ਕੈਡਰ ਦੇ ਆਈਪੀਐਸ ਅਧਿਕਾਰੀ ਦੀਪਕ ਗਹਿਲਾਵਤ ਨੂੰ ਕਥਿਤ ਰਿਸ਼ਵਤਖੋਰੀ ਦੇ ਇੱਕ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਹੈ। ਅਧਿਕਾਰੀਆਂ ਮੁਤਾਬਕ ਇਹ ਕਾਰਵਾਈ ਕਰੀਬ 3 ਕਰੋੜ ਰੁਪਏ ਦੇ ਕਥਿਤ ਨਕਲੀ ਦਵਾਈ ਨਿਰਮਾਣ ਰੈਕੇਟ ਨਾਲ ਜੁੜੀ ਜਾਂਚ ਦੌਰਾਨ ਕੀਤੀ ਗਈ ਹੈ। ਮਾਮਲੇ ਦੀ ਜਾਂਚ ਅਜੇ ਜਾਰੀ ਹੈ ਅਤੇ ਸੀਬੀਆਈ ਪੂਰੇ ਨੈੱਟਵਰਕ ਦੀ ਜਾਂਚ ਕਰ ਰਹੀ ਹੈ।
ਸਰਕਾਰੀ ਸੂਤਰਾਂ ਅਨੁਸਾਰ, ਕਥਿਤ ਘਟਨਾ ਦੇ ਸਮੇਂ ਦੀਪਕ ਗਹਿਲਾਵਤ ਸਿਵਲ ਏਵੀਏਸ਼ਨ ਡਾਇਰੈਕਟੋਰੇਟ ਜਨਰਲ (DGCA) ਵਿੱਚ ਖੇਤਰੀ ਨਿਰਦੇਸ਼ਕ ਵਜੋਂ ਤਾਇਨਾਤ ਸਨ। ਦੋਸ਼ ਹੈ ਕਿ ਉਨ੍ਹਾਂ ਨੇ ਭਾਰੀ ਰਕਮ ਦੇ ਬਦਲੇ ਜਾਂਚ ਏਜੰਸੀ ਦੇ ਅਧਿਕਾਰੀਆਂ ‘ਤੇ ਆਪਣੇ ਪ੍ਰਭਾਵ ਦੀ ਵਰਤੋਂ ਕਰਨ ਦਾ ਭਰੋਸਾ ਦਿੱਤਾ ਸੀ। ਜਾਂਚ ਏਜੰਸੀ ਦੇ ਮੁਤਾਬਕ, ਦੀਪਕ ਗਹਿਲਾਵਤ ਨੇ ਪੁਡੂਚੇਰੀ ਦੇ ਇੱਕ ਵਪਾਰੀ ਨੂੰ ਭਰੋਸਾ ਦਿਵਾਇਆ ਸੀ ਕਿ ਉਹ ਕਥਿਤ ਨਕਲੀ ਦਵਾਈ ਰੈਕੇਟ ਨਾਲ ਸਬੰਧਤ ਸੀਬੀਆਈ ਜਾਂਚ ਨੂੰ ਉਸਦੇ ਹੱਕ ਵਿੱਚ ਪ੍ਰਭਾਵਿਤ ਕਰਵਾ ਸਕਦੇ ਹਨ। ਇਸ ਦੇ ਬਦਲੇ ਕਥਿਤ ਤੌਰ ‘ਤੇ ਵੱਡੀ ਰਿਸ਼ਵਤ ਦੀ ਮੰਗ ਕੀਤੀ ਗਈ ਸੀ।
ਸੀਬੀਆਈ ਹੁਣ ਇਸ ਮਾਮਲੇ ਵਿੱਚ ਪੈਸੇ ਦੇ ਲੈਣ-ਦੇਣ, ਕਥਿਤ ਰਿਸ਼ਵਤ ਦੀ ਰਕਮ ਅਤੇ ਇਸ ਸਾਜ਼ਿਸ਼ ਵਿੱਚ ਸ਼ਾਮਲ ਹੋਰ ਸੰਭਾਵੀ ਵਿਅਕਤੀਆਂ ਜਾਂ ਅਧਿਕਾਰੀਆਂ ਦੀ ਭੂਮਿਕਾ ਦੀ ਵੀ ਜਾਂਚ ਕਰ ਰਹੀ ਹੈ। ਅਧਿਕਾਰੀ ਨੂੰ ਅਦਾਲਤ ਵਿੱਚ ਪੇਸ਼ ਕਰਨ ਤੋਂ ਬਾਅਦ ਹੋਰ ਰਿਮਾਂਡ ਲੈ ਕੇ ਪੁੱਛਗਿੱਛ ਕੀਤੀ ਜਾਵੇਗੀ।
ਕੌਣ ਹਨ ਦੀਪਕ ਗਹਿਲਾਵਤ?
ਦੀਪਕ ਗਹਿਲਾਵਤ ਹਰਿਆਣਾ ਦੇ ਸੋਨੀਪਤ ਜ਼ਿਲ੍ਹੇ ਦੇ ਨਿਜ਼ਾਮਪੁਰ ਮਾਜਰਾ ਪਿੰਡ ਦੇ ਰਹਿਣ ਵਾਲੇ ਹਨ, ਜਦਕਿ ਉਨ੍ਹਾਂ ਦਾ ਪਰਿਵਾਰ ਇਸ ਸਮੇਂ ਰੋਹਤਕ ਵਿੱਚ ਰਹਿੰਦਾ ਹੈ। ਉਹ 2012 ਬੈਚ ਦੇ ਆਈਪੀਐਸ ਅਧਿਕਾਰੀ ਹਨ। ਆਪਣੇ ਕਰੀਅਰ ਦੌਰਾਨ ਉਹ ਗੁਰੂਗ੍ਰਾਮ ਵਿੱਚ ਡਿਪਟੀ ਕਮਿਸ਼ਨਰ ਆਫ਼ ਪੁਲਿਸ (ਹੈੱਡਕੁਆਰਟਰ) ਸਮੇਤ ਹਰਿਆਣਾ ਦੇ ਕਈ ਜ਼ਿਲ੍ਹਿਆਂ ਵਿੱਚ ਪੁਲਿਸ ਸੁਪਰਡੈਂਟ (ਐਸਪੀ) ਵਜੋਂ ਸੇਵਾਵਾਂ ਨਿਭਾ ਚੁੱਕੇ ਹਨ। ਉਨ੍ਹਾਂ ਨੇ ਪ੍ਰਸ਼ਾਸਨਿਕ ਅਤੇ ਖੇਡ ਖੇਤਰ ਵਿੱਚ ਵੀ ਆਪਣੀ ਪਛਾਣ ਬਣਾਈ ਹੈ। ਫਿਲਹਾਲ ਸੀਬੀਆਈ ਵੱਲੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।
ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ