ਗਗਨਦੀਪ ਅਰੋੜਾ
ਲੁਧਿਆਣਾ, 28 ਫਰਵਰੀ
ਇੱਥੋਂ ਦੇ ਪਿੰਡ ਨਾਰੰਗਵਾਲ ਦੇ ਸਰਪੰਚ ਨਾਲ ਮਹਿਲਾ ਨਸ਼ਾ ਤਸਕਰ ਦੀ ਬਹਿਸ ਵਾਲੀ ਵੀਡੀਓ ਵਾਇਰਲ ਹੋਣ ਮਗਰੋਂ ਬੀਤੀ ਰਾਤ ਲੁਧਿਆਣਾ ਦਿਹਾਤੀ ਦੀ ਪੁਲੀਸ ਨੇ ਐੱਸਐੱਸਪੀ ਅੰਕੁਰ ਗੁਪਤਾ ਦੀ ਅਗਵਾਈ ਹੇਠ ਮਹਿਲਾ ਤਸਕਰ ਦੇ ਘਰ ’ਤੇ ਬੁਲਡੋਜ਼ਰ ਚਲਾ ਦਿੱਤਾ। ਇਹ ਵਾਇਰਲ ਵੀਡੀਓ ਜਿਵੇਂ ਹੀ ਮੁੱਖ ਮੰਤਰੀ ਭਗਵੰਤ ਮਾਨ ਤੱਕ ਪੁੱਜੀ ਤਾਂ ਉਨ੍ਹਾਂ ਨਾਰੰਗਵਾਲ ਦੇ ਸਰਪੰਚ ਮਨਜਿੰਦਰ ਸਿੰਘ ਗਰੇਵਾਲ ਨਾਲ ਫੋਨ ’ਤੇ ਗੱਲ ਕਰਕੇ ਮਾਮਲੇ ਦੀ ਜਾਣਕਾਰੀ ਲਈ। ਇਸ ਤੋਂ ਬਾਅਦ ਲੁਧਿਆਣਾ ਦਿਹਾਤੀ ਦੀ ਪੁਲੀਸ ਜੇਸੀਬੀ ਮਸ਼ੀਨਾਂ ਲੈ ਕੇ ਪਿੰਡ ਪੁੱਜ ਗਈ ਤੇ ਪੁਲੀਸ ਨੇ ਨਾ ਸਿਰਫ਼ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ, ਸਗੋਂ ਨਸ਼ਾ ਮਾਫੀਆ ਦੀ ਜਾਇਦਾਦ ਨੂੰ ਵੀ ਢਹਿ-ਢੇਰੀ ਕਰ ਦਿੱਤਾ, ਜੋ ਪੰਚਾਇਤੀ ਜ਼ਮੀਨ ’ਤੇ ਕਬਜ਼ਾ ਕਰ ਕੇ ਬਣਾਈ ਗਈ ਸੀ। ਸਰਪੰਚ ਗਰੇਵਾਲ ਨੇ ਦੱਸਿਆ ਕਿ ਕੁਲਬੀਰ ਕੌਰ ਤੇ ਉਸ ਦਾ ਪਰਿਵਾਰ ਲੰਬੇ ਸਮੇਂ ਤੋਂ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਸਨ ਅਤੇ ਇਨ੍ਹਾਂ ਦੇ ਸਾਥੀਆਂ ਨੇ ਉਨ੍ਹਾਂ ਨੂੰ ਤੇ ਪੰਚਾਇਤ ਨੂੰ ਧਮਕੀਆਂ ਵੀ ਦਿੱਤੀਆਂ ਸਨ। ਪੁਲੀਸ ਵੱਲੋਂ ਕੇਸ ਦਰਜ ਕਰਨ ਤੋਂ ਬਾਅਦ, ਕੁਲਬੀਰ ਕੌਰ, ਉਸ ਦੇ ਪਤੀ ਬਲਵੰਤ ਸਿੰਘ ਅਤੇ ਤਨਵੀਰ ਨਾਮ ਦੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ।
ਐੱਸਐੱਸਪੀ ਡਾ. ਅੰਕੁਰ ਗੁਪਤਾ ਨੇ ਦੱਸਿਆ ਕਿ ਕੁਲਬੀਰ ਕੌਰ ਤੇ ਉਸ ਦੇ ਪਤੀ ਵਿਰੁੱਧ ਪਹਿਲਾਂ ਵੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਮਾਮਲੇ ਦਰਜ ਹਨ ਤੇ ਡਰੱਗ ਮਨੀ ਰਾਹੀਂ ਇਹ ਜਾਇਦਾਦ ਬਣਾਈ ਗਈ ਸੀ। ਉਨ੍ਹਾਂ ਦੱਸਿਆ ਕਿ ਪੁਲੀਸ ਨੇ ਨਸ਼ੀਲੇ ਪਦਾਰਥਾਂ ਦੇ ਤਸਕਰਾਂ ਦੀਆਂ ਜਾਇਦਾਦਾਂ ਦੀ ਪਛਾਣ ਕਰਨ ਲਈ ਇੱਕ ਮੁਹਿੰਮ ਆਰੰਭੀ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਤਸਕਰਾਂ ਦੀਆਂ ਗ਼ੈਰ-ਕਾਨੂੰਨੀ ਜਾਇਦਾਦਾਂ ਅਤੇ ਨਾਲ ਹੀ ਨਸ਼ੀਲੇ ਪਦਾਰਥਾਂ ਦੇ ਪੈਸੇ ਨਾਲ ਬਣੀਆਂ ਜਾਇਦਾਦਾਂ ’ਤੇ ਬੁਲਡੋਜ਼ਰ ਚਲਾਇਆ ਜਾਵੇਗਾ।
ਮੁੱਖ ਮੰਤਰੀ ਭਗਵੰਤ ਮਾਨ ਨੇ ਸਰਪੰਚ ਨੂੰ ਕੀਤਾ ਫੋਨ
ਇਸ ਦੌਰਾਨ ਸਰਪੰਚ ਮਨਜਿੰਦਰ ਸਿੰਘ ਗਰੇਵਾਲ ਨੇ ਨਸ਼ਾ ਤਸਕਰਾਂ ਵਿਰੁੱਧ ਫ਼ੈਸਲਾਕੁੰਨ ਕਾਰਵਾਈ ਲਈ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਨਿੱਜੀ ਤੌਰ ’ਤੇ ਉਨ੍ਹਾਂ ਨੂੰ ਦੋ ਵਾਰ ਫੋਨ ਕਰ ਕੇ ਮਾਮਲੇ ਬਾਰੇ ਪੁੱਛਿਆ। ਸਰਪੰਚ ਨੇ ਭਰੋਸਾ ਦਿੱਤਾ ਕਿ ਇਲਾਕੇ ਦੇ ਸਾਰੇ ਨੌਜਵਾਨਾਂ ਨਾਲ ਮਿਲ ਕੇ ਸਮਾਜ ਵਿੱਚੋਂ ਨਸ਼ੇ ਦੇ ਕੋਹੜ ਨੂੰ ਖਤਮ ਕਰਨ ਵਿੱਚ ਸਰਕਾਰ ਨੂੰ ਪੂਰਾ ਸਹਿਯੋਗ ਦੇਣਗੇ। ਉਨ੍ਹਾਂ ਕਿਹਾ ਕਿ ਪਿੰਡ ਦਾ ਹਰ ਵਿਅਕਤੀ ਇਸ ਗੱਲ ਦੀ ਸ਼ਲਾਘਾ ਕਰ ਰਿਹਾ ਹੈ ਕਿ ਮੁੱਖ ਮੰਤਰੀ ਨੇ ਖੁਦ ਦਿਲਚਸਪੀ ਲੈਂਦਿਆਂ ਨਿੱਜੀ ਤੌਰ ’ਤੇ ਇਸ ਮਾਮਲੇ ਦਾ ਨਿਪਟਾਰਾ ਕੀਤਾ।
The post ਪੁਲੀਸ ਨੇ ਮਹਿਲਾ ਨਸ਼ਾ ਤਸਕਰ ਦੇ ਘਰ ’ਤੇ ਚਲਾਇਆ ਬੁਲਡੋਜ਼ਰ appeared first on Punjabi Tribune.