ਕਰਮਜੀਤ ਸਿੰਘ ਚਿੱਲਾ
ਐੱਸ.ਏ.ਐੱਸ.ਨਗਰ(ਮੁਹਾਲੀ), 17 ਦਸੰਬਰ
ਪੰਚਾਇਤੀ ਰਾਜ ਪੈਨਸ਼ਨਰਜ਼ ਯੂਨੀਅਨ ਨੇ ਅੱਜ ਪੰਚਾਇਤ ਵਿਭਾਗ ਦੇ ਮੁਹਾਲੀ ਦੇ ਫੇਜ਼ ਅੱਠ ਵਿਚਲੇ ਮੁੱਖ ਦਫ਼ਤਰ ਵਿਕਾਸ ਭਵਨ ਮੁਹਾਲੀ ਵਿੱਚ ਮੀਟਿੰਗ ਕਰਕੇ ਪੰਚਾਇਤ ਸਮਿਤੀਆਂ ਅਤੇ ਜ਼ਿਲ੍ਹਾ ਪਰਿਸ਼ਦਾਂ ਦੇ ਪੂਰੇ ਪੈਨਸ਼ਨਰਾਂ ਨੂੰ ਛੇਵੇਂ ਤਨਖ਼ਾਹ ਕਮਿਸ਼ਨ ਦੇ ਲਾਭ ਨਾ ਦੇਣ ਵਿਰੁੱਧ ਰੋਸ ਪ੍ਰਗਟਾਇਆ ਹੈ।
ਉਨ੍ਹਾਂ ਕਿਹਾ ਕਿ ਪੰਚਾਇਤ ਵਿਭਾਗ ਦੇ ਅਧਿਕਾਰੀ ਪੰਚਾਇਤੀ ਰਾਜ ਦੇ ਪੈਨਸ਼ਨਰਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੇ ਹਨ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਯੂਨੀਅਨ ਨੇ ਚਿਤਾਵਨੀ ਦਿੱਤੀ ਕਿ ਜੇ ਉਨ੍ਹਾਂ ਦੀਆਂ ਮੰਗਾਂ ਪ੍ਰਵਾਨ ਨਾ ਕੀਤੀਆਂ ਗਈਆਂ ਤਾਂ 21 ਜਨਵਰੀ ਨੂੰ ਵਿਭਾਗ ਦੇ ਮੁੱਖ ਦਫ਼ਤਰ ਮੁਹਾਲੀ ਵਿੱਚ ਸੂਬਾ ਪੱਧਰੀ ਧਰਨਾ ਦਿੱਤਾ ਜਾਵੇਗਾ। ਯੂਨੀਅਨ ਦੀ ਸੀਨੀਅਰ ਮੀਤ ਪ੍ਰਧਾਨ ਕੁਲਵੰਤ ਕੌਰ ਬਾਠ, ਜਨਰਲ ਸਕੱਤਰ ਗੁਰਮੀਤ ਸਿੰਘ ਭਾਂਖਰਪੁਰ, ਸਕੱਤਰ ਜਾਗੀਰ ਸਿੰਘ ਢਿਲੋਂ ਤੋਂ ਇਲਾਵਾ ਦਿਆਲ ਸਿੰਘ, ਮਹਿੰਦਰ ਸਿੰਘ, ਗੁਰਚਰਨ ਸਿੰਘ, ਹਰਬੰਸ ਸਿੰਘ, ਗੁਰਮੇਲ ਸਿੰਘ, ਬਲਵਿੰਦਰ ਸਿੰਘ, ਜੋਗਿੰਦਰ ਸਿੰਘ, ਪਵਨ ਕੁਮਾਰ, ਰਾਮ ਚਰਨ, ਸਰਵਜੀਤ ਸਿੰਘ, ਰੱਬੀ ਸਿੰਘ, ਦਰਸ਼ਨ ਸਿੰਘ, ਹਰਜੀਤ ਸਿੰਘ ਆਦਿ ਨੇ ਦੱਸਿਆ ਕਿ ਪੰਚਾਇਤੀ ਰਾਜ ਦੇ ਪੈਨਸ਼ਨਰਾਂ ਨੂੰ ਛੇਵੇਂ ਪੇਅ ਕਮਿਸ਼ਨ ਦਾ ਲਾਭ ਦੂਜੇ ਪੈਨਸ਼ਨਰਾਂ ਨਾਲੋਂ ਢਾਈ ਸਾਲ ਬਾਅਦ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਹੁਣ ਵੀ ਸੈਂਕੜਿਆਂ ਦੀ ਗਿਣਤੀ ਵਿੱਚ ਪੈਨਸ਼ਨਰ ਇਸ ਲਾਭ ਦੀ ਉਡੀਕ ਵਿੱਚ ਹਨ। ਉਨ੍ਹਾਂ ਦੱਸਿਆ ਕਿ ਜੁਲਾਈ 2021 ਤੋ ਹੁਣ ਤੱਕ ਤਿੰਨ ਸਾਲਾਂ ਦੇ ਬਕਾਏ ਦਾ ਭੁਗਤਾਨ ਵੀ ਨਹੀਂ ਕੀਤਾ ਗਿਆ ਹੈ। ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਅਤੇ ਪੰਚਾਇਤ ਮੰਤਰੀ ਤੋਂ ਵੀ ਸਾਰੇ ਮਾਮਲੇ ਵਿਚ ਦਖ਼ਲ ਦੀ ਮੰਗ ਕੀਤੀ।