ਪੰਜਾਬ ’ਚ ਫਿਲਮ ਅਤੇ ਮਨੋਰੰਜਨ ਸਿਟੀ ਸਥਾਪਤ ਕੀਤੀ ਜਾਵੇਗੀ: ਅਮਨ ਅਰੋੜਾ

Must read


ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ

ਚੰਡੀਗੜ੍ਹ, 6 ਸਤੰਬਰ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕੌਮੀ ਤੇ ਕੌਮਾਂਤਰੀ ਫਿਲਮ ਅਤੇ ਸੰਗੀਤ ਜਗਤ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਉੱਤਰੀ ਭਾਰਤ ਦੀ ਪਹਿਲੀ ਅਤੇ ਵਿਲੱਖਣ ਫਿਲਮ ਤੇ ਮਨੋਰੰਜਨ ਸਿਟੀ ਸਥਾਪਤ ਕਰਨ ਵੱਲ ਤਵੱਜੋ ਦੇ ਰਹੀ ਹੈ, ਜਿਸ ਨਾਲ ਪੰਜਾਬੀ ਫਿਲਮ ਅਤੇ ਸੰਗੀਤ ਜਗਤ ਨੂੰ ਦੇਸ਼-ਵਿਦੇਸ਼ ਵਿੱਚ ਨਵੀਆਂ ਉਚਾਈਆਂ ਤੱਕ ਪਹੁੰਚਾਉਣ ਲਈ ਮੰਚ ਮਿਲੇਗਾ। ਸੂਬੇ ਵਿੱਚ ਫਿਲਮ ਸਿਟੀ ਦੀ ਸਥਾਪਨਾ ਲਈ ਬੁਨਿਆਦੀ ਢਾਂਚੇ, ਸੰਕਲਪ ਅਤੇ ਹੋਰ ਲੋੜਾਂ ਦਾ ਵਿਸਥਾਰ ਨਾਲ ਅਧਿਐਨ ਕਰਨ ਲਈ ਪੰਜਾਬ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਨੇ ਵਫ਼ਦ ਸਮੇਤ ਰਾਮੋਜੀ ਫਿਲਮ ਸਿਟੀ ਅਤੇ ਅੰਨਪੂਰਨਾ ਸਟੂਡੀਓਜ਼ ਹੈਦਰਾਬਾਦ ਦਾ ਦੌਰਾ ਕੀਤਾ।

ਇਸ ਸਬੰਧੀ ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਮਨੋਰੰਜਨ ਉਦਯੋਗ ਲਈ ਢੁਕਵੇਂ ਸਥਾਨ ‘ਤੇ ਅਤਿ-ਆਧੁਨਿਕ ਫਿਲਮ ਅਤੇ ਮਨੋਰੰਜਨ ਸਿਟੀ ਦੀ ਸਥਾਪਨਾ ਕਰਨ ਵੱਲ ਸੇਧਤ ਹੈ। ਆਪਣੇ ਨਿਆਰੇਪਣ ਕਾਰਨ ਪੰਜਾਬ ਹਮੇਸ਼ਾ ਹੀ ਫਿਲਮ ਸਨਅਤ ਲਈ ਖਿੱਚ ਦਾ ਕੇਂਦਰ ਰਿਹਾ ਹੈ ਪਰ ਇੱਥੇ ਲੋੜੀਂਦੇ ਬੁਨਿਆਦੀ ਢਾਂਚੇ ਅਤੇ ਸਾਜ਼ੋ-ਸਾਮਾਨ ਦੀ ਘਾਟ ਹਮੇਸ਼ਾ ਰੜਕਦੀ ਰਹੀ ਹੈ। ਹੈਦਰਾਬਾਦ ਦੇ ਮਨੋਰੰਜਨ ਮਾਹਿਰਾਂ ਦੇ ਫੀਡਬੈਕ ਸਾਂਝੀ ਕਰਦਿਆਂ ਸ੍ਰੀ ਅਰੋੜਾ ਨੇ ਕਿਹਾ ਕਿ ਪੰਜਾਬ ਵਿਚਲੇ ਦੋ ਕੌਮਾਂਤਰੀ ਹਵਾਈ ਅੱਡਿਆਂ, ਸੂਬੇ ਦੇ ਹਰ ਪਿੰਡ ਤੱਕ ਪਹੁੰਚ ਰੱਖਣ ਵਾਲੇ ਭਾਰਤ ਦੇ ਸਭ ਤੋਂ ਵਧੀਆ ਸੜਕੀ ਸੰਪਰਕ, ਰੇਲ ਸੰਪਰਕ ਅਤੇ ਆਧੁਨਿਕ ਜੀਵਨ ਸ਼ੈਲੀ ਹਾਲੀਵੁੱਡ, ਬਾਲੀਵੁੱਡ, ਪਾਲੀਵੁੱਡ ਅਤੇ ਟਾਲੀਵੁੱਡ ਨੂੰ ਸੂਬੇ ਵੱਲ ਖਿੱਚਣ ਲਈ ਅਹਿਮ ਹਨ। ਵਫ਼ਦ ਨੇ ਆਪਣੇ ਇੱਕ ਰੋਜ਼ਾ ਅਧਿਐਨ ਦੌਰੇ ਦੌਰਾਨ ਦੱਖਣ ਭਾਰਤ ਦੇ ਮਾਹਿਰਾਂ ਨਾਲ ਫਿਲਮ ਤੇ ਮਨੋਰੰਜਨ ਉਦਯੋਗ ਦੀਆਂ ਆਧੁਨਿਕ ਲੋੜਾਂ ਅਨੁਸਾਰ ਫਿਲਮ ਅਤੇ ਮਨੋਰੰਜਨ ਸਿਟੀ ਦੀ ਸਥਾਪਨਾ ਲਈ ਖਰੜਾ ਤਿਆਰ ਕਰਨ ਲਈ ਵਿਚਾਰ-ਵਟਾਂਦਰਾ ਕੀਤਾ। ਵਫ਼ਦ ਵਿੱਚ ਪ੍ਰਮੁੱਖ ਸਕੱਤਰ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਅਤੇ ਵਿੱਤ ਅਜੋਏ ਕੁਮਾਰ ਸਿਨਹਾ, ਗਮਾਡਾ ਦੇ ਮੁੱਖ ਪ੍ਰਸ਼ਾਸਕ ਅਮਨਦੀਪ ਬਾਂਸਲ, ਚੀਫ਼ ਟਾਊਨ ਪਲਾਨਰ ਪੰਜਾਬ ਪੰਕਜ ਬਾਵਾ ਅਤੇ ਇਨਵੈਸਟ ਪੰਜਾਬ ਦੇ ਸੀਨੀਅਰ ਸਲਾਹਕਾਰ ਉਤਸਵ ਕਾਂਤ ਸ਼ਾਮਲ ਸਨ।





News Source link

- Advertisement -

More articles

- Advertisement -

Latest article