Amit Shah Moga Rally: ਪੰਜਾਬ ਵਿਧਾਨ ਸਭਾ ਚੋਣਾਂ 2027 ਤੋਂ ਪਹਿਲਾਂ, ਭਾਜਪਾ ਨੇ ਅੱਜ ਮੋਗਾ ਵਿੱਚ “ਬਦਲਾਵ” ਰੈਲੀ ਕੀਤੀ। ਇਸ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਰੈਲੀ ਵਿੱਚ ਸ਼ਾਮਲ ਹੋਏ। ਉਹ ਕੇਸਰੀ ਰੰਗ ਦੀ ਪੱਗ ਬੰਨ੍ਹ ਕੇ ਸਟੇਜ ‘ਤੇ ਪਹੁੰਚੇ। ਉਨ੍ਹਾਂ ਦਾ ਸਵਾਗਤ ਜ਼ੋਰਦਾਰ ਨਾਅਰਿਆਂ ਨਾਲ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਕਈ ਵੱਡੇ ਐਲਾਨ ਵੀ ਕੀਤੇ।
ਅਕਾਲੀ ਦਲ ਨਾਲ ਗੱਠਜੋੜ ਬਾਰੇ ਬੋਲੇ
ਉਨ੍ਹਾਂ ਆਖਿਆ ਕਿ ਅੱਜ ਮੈਂ ਐਲਾਨ ਕਰਦਾ ਹਾਂ ਕਿ 2027 ਵਿੱਚ ਭਾਜਪਾ ਆਪਣੀ ਸਰਕਾਰ ਬਣਾਉਣ ਲਈ ਲੜਨ ਜਾ ਰਹੀ ਹੈ। ਜੇਕਰ ਕੋਈ ਪੰਜਾਬ ਨੂੰ ਨਸ਼ਿਆਂ ਤੋਂ ਮੁਕਤ ਕਰ ਸਕਦਾ ਹੈ ਤਾਂ ਉਹ ਨਰਿੰਦਰ ਮੋਦੀ ਹਨ। ਜੇਕਰ ਪੰਜਾਬ ਨੂੰ ਨਸ਼ਿਆਂ ਤੋਂ ਮੁਕਤ ਕਰਨਾ ਹੈ, ਤਾਂ ‘ਡਬਲ-ਇੰਜਣ’ ਵਾਲੀ ਸਰਕਾਰ ਦੀ ਲੋੜ ਹੈ। ਉਨ੍ਹਾਂ ਅਕਾਲੀ ਦਲ ਨਾਲ ਗੱਠਜੋੜ ਬਾਰੇ ਵੀ ਸਪਸ਼ਟ ਤੌਰ ਤੇ ਜਵਾਬ ਦਿੱਤਾ। ਰੈਲੀ ਨੂੰ ਸੰਬੋਧਨ ਕਰਦਿਆਂ ਸ਼ਾਹ ਨੇ ਕਿਹਾ ਕਿ ਭਾਜਪਾ ਪੰਜਾਬ ਵਿੱਚ ਆਪਣੀ ਸਰਕਾਰ ਬਣਾਏਗੀ। ਗ੍ਰਹਿ ਮੰਤਰੀ ਦੇ ਬਿਆਨ ਨੇ ਅਕਾਲੀ ਦਲ ਨਾਲ ਗੱਠਜੋੜ ਦੀਆਂ ਅਟਕਲਾਂ ਨੂੰ ਵਿਰਾਮ ਲਗਾ ਦਿੱਤਾ। ਉਨ੍ਹਾਂ 2027 ਵਿਚ ਪੰਜਾਬ ਵਿਚ ਭਾਜਪਾ ਸਰਕਾਰ ਬਣਾਉਣ ਦਾ ਸੱਦਾ ਦਿੱਤਾ।
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਭਾਜਪਾ ਦੀ ਮੁਹਿੰਮ ਦਾ ਰਸਮੀ ਆਗਾਜ਼ ਕਰ ਦਿੱਤਾ ਹੈ। ਸ਼ਾਹ ਨੇ ਸਪੱਸ਼ਟ ਕੀਤਾ ਕਿ ਹੁਣ ਭਾਜਪਾ ਪੰਜਾਬ ਵਿੱਚ ‘ਛੋਟੇ ਭਰਾ’ (ਜੂਨੀਅਰ ਸਹਿਯੋਗੀ) ਵਜੋਂ ਨਹੀਂ, ਸਗੋਂ ਆਪਣੇ ਦਮ ’ਤੇ ਸਰਕਾਰ ਬਣਾਉਣ ਦੇ ਮਕਸਦ ਨਾਲ ਮੈਦਾਨ ਵਿੱਚ ਉਤਰੇਗੀ।
ਗੈਂਗਸਟਰ ਕਲਚਰ, ਜ਼ਬਰਦਸਤੀ ਧਰਮ ਪਰਿਵਰਤਨ ਅਤੇ ਭ੍ਰਿਸ਼ਟਾਚਾਰ ਨੂੰ ਲੈ ਬੋਲੇ
ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਕੇਂਦਰ ਨੇ ਦੇਸ਼ ਵਿੱਚੋਂ ਨਕਸਲਵਾਦ ਨੂੰ ਨੱਥ ਪਾਈ ਹੈ, ਉਸੇ ਤਰ੍ਹਾਂ ਪੰਜਾਬ ਵਿੱਚੋਂ ਨਸ਼ਿਆਂ ਦੇ ਕੋਹੜ ਨੂੰ ਜੜ੍ਹੋਂ ਪੁੱਟਿਆ ਜਾਵੇਗਾ। ਅਮਿਤ ਸ਼ਾਹ ਨੇ ਪੰਜਾਬ ਦੀ ਮੌਜੂਦਾ ਸਥਿਤੀ ਉਤੇ ਚਿੰਤਾ ਪ੍ਰਗਟ ਕਰਦਿਆਂ ‘ਤਿੰਨ ਵੱਡੇ ਖ਼ਤਰਿਆਂ’-ਗੈਂਗਸਟਰ ਕਲਚਰ, ਜ਼ਬਰਦਸਤੀ ਧਰਮ ਪਰਿਵਰਤਨ ਅਤੇ ਭ੍ਰਿਸ਼ਟਾਚਾਰ, ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਗੱਲ ਕਹੀ। ਉਨ੍ਹਾਂ ਭਰੋਸਾ ਦਿੱਤਾ ਕਿ ਜੇਕਰ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਦੀ ਹੈ, ਤਾਂ ਇਨ੍ਹਾਂ ਬੁਰਾਈਆਂ ਨੂੰ ਸੂਬੇ ਵਿੱਚੋਂ ਪੂਰੀ ਤਰ੍ਹਾਂ ਮਲੀਆਮੇਟ ਕਰ ਦਿੱਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਭਾਜਪਾ ਦੀ ਸਰਕਾਰ ਬਣੀ ਤਾਂ 2 ਸਾਲ ਵਿਚ ਸੂਬੇ ਨੂੰ ਨਸ਼ਾ ਮੁਕਤ ਕਰ ਦੇਵਾਂਗਾ। ਪੂਰਾ ਪੰਜਾਬ ਇਸ ਸਮੇਂ ਧਾਰਮਿਕ ਧਰਮ ਪਰਿਵਰਤਨ ਨਾਲ ਜੂਝ ਰਿਹਾ ਹੈ। ਜਿਵੇਂ ਹੀ ਭਾਜਪਾ ਸਰਕਾਰ ਬਣਾਏਗੀ, ਸਾਡੀ ਪਹਿਲੀ ਤਰਜੀਹ ਇਨ੍ਹਾਂ ਧਰਮ ਪਰਿਵਰਤਨਾਂ ਨੂੰ ਰੋਕਣਾ ਹੋਵੇਗੀ। ਰੈਲੀ ਨੂੰ ਸੰਬੋਧਨ ਕਰਦਿਆਂ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਪੰਜਾਬ ਦੇ ਲੋਕ ਹੁਣ ਸੂਬੇ ਵਿੱਚ ‘ਡਬਲ ਇੰਜਣ’ ਸਰਕਾਰ ਚਾਹੁੰਦੇ ਹਨ ਅਤੇ ਮੌਜੂਦਾ ‘ਆਪ’ ਸਰਕਾਰ ਦੀਆਂ ਨੀਤੀਆਂ ਨੇ ਪੰਜਾਬ ਨੂੰ ਆਰਥਿਕ ਕੰਗਾਲੀ ਵੱਲ ਧੱਕ ਦਿੱਤਾ ਹੈ।
ਰੈਲੀ ਦੌਰਾਨ ਸੂਬਾ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਪੰਜਾਬ ਦੀ ਕਾਨੂੰਨ ਵਿਵਸਥਾ ਅਤੇ ਨਸ਼ਿਆਂ ਦੇ ਮੁੱਦੇ ਉਤੇ ਗੰਭੀਰ ਚਿੰਤਾ ਪ੍ਰਗਟਾਈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਨੌਜਵਾਨ, ਜੋ ਕਦੇ ਖੇਤਾਂ ਅਤੇ ਖੇਡ ਮੈਦਾਨਾਂ ਦੀ ਸ਼ਾਨ ਹੁੰਦਾ ਸੀ, ਅੱਜ ਨਸ਼ਿਆਂ ਕਾਰਨ ਨਾਲੀਆਂ ਵਿੱਚ ਦਮ ਤੋੜ ਰਿਹਾ ਹੈ।
ਹੋਰ ਪੜ੍ਹੋ