ਐਨਪੀ ਧਵਨ
ਪਠਾਨਕੋਟ, 7 ਅਪਰੈਲ
ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਵਕਫ਼ ਬੋਰਡ ਦੇ ਸੋਧ ਬਿੱਲ ਨੂੰ ਲੈ ਕੇ ਹਲਕਾ ਭੋਆ ਦੇ ਪਿੰਡ ਮੈਰਾ ਕਲਾਂ ਵਿੱਚ ਗੁੱਜਰ ਭਾਈਚਾਰੇ ਵੱਲੋਂ ਅੱਜ ਧਰਨਾ ਦਿੱਤਾ ਗਿਆ ਅਤੇ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਆਗੂਆਂ ਸੋਧ ਬਿੱਲ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ।
ਗੁੱਜਰ ਸਮਾਜ ਕਲਿਆਣ ਸਭਾ ਦੇ ਪ੍ਰਧਾਨ ਵਸ਼ਾਰਤ ਅਲੀ ਨੇ ਧਰਨੇ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਜੋ ਵਕਫ਼ ਸੋਧ ਬਿੱਲ ਪਾਸ ਕੀਤਾ ਗਿਆ ਹੈ, ਉਹ ਉਸ ਦਾ ਉਹ ਡਟ ਕੇ ਵਿਰੋਧ ਕਰਦੇ ਹਨ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਮੁਸਲਿਮ ਭਾਈਚਾਰੇ ਨੂੰ ਪ੍ਰੇਸ਼ਾਨ ਕਰਨ ਵਿੱਚ ਲੱਗੀ ਹੋਈ ਹੈ ਅਤੇ ਹਰ 6 ਮਹੀਨੇ ਬਾਅਦ ਕੋਈ ਨਾ ਕੋਈ ਨਵਾਂ ਕਾਨੂੰਨ ਹੋਂਦ ਵਿੱਚ ਲਿਆ ਰਹੀ ਹੈ। ਉਨ੍ਹਾਂ ਸਪੱਸ਼ਟ ਕਿਹਾ ਕਿ ਇਹ ਕਾਨੂੰਨ ਉਨ੍ਹਾਂ ਦੇ ਹੱਕ ਵਿੱਚ ਕਿਸੇ ਵੀ ਤਰ੍ਹਾਂ ਨਹੀਂ ਹੈ। ਇਸ ਨਾਲ ਮੁਸਲਿਮ ਭਾਈਚਾਰੇ ਦੀ ਧਾਰਮਿਕ ਖੁਦਮੁਖਤਿਆਰੀ ਕਮਜ਼ੋਰ ਹੋ ਜਾਵੇਗੀ। ਇਸ ਬਿੱਲ ਰਾਹੀਂ ਮੋਦੀ ਸਰਕਾਰ ਉਨ੍ਹਾਂ ਦੇ ਹੱਕ ਖੋਹਣ ਦੀ ਕੋਸ਼ਿਸ਼ ਕਰ ਰਹੀ ਹੈ।
ਇੱਕ ਹੋਰ ਆਗੂ ਲਾਲ ਹੁਸੈਨ ਨੇ ਕਿਹਾ ਕਿ ਕੇਂਦਰ ਸਰਕਾਰ ਸਾਡੇ ਬਜ਼ੁਰਗਾਂ ਵੱਲੋਂ ਦਿੱਤੀ ਗਈ ਜਾਇਦਾਦ ਨੂੰ ਖੋਹਣ ’ਤੇ ਆ ਗਈ ਹੈ। ਇਸ ਨਵੇਂ ਕਾਨੂੰਨ ਰਾਹੀਂ ਕੇਂਦਰ ਸਰਕਾਰ ਉਨ੍ਹਾਂ ਦੀਆਂ ਮਸਜਿਦਾਂ ਅਤੇ ਕਬਰਿਸਤਾਨਾਂ ’ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕਰੇਗੀ। ਗੁੱਜਰ ਸਮਾਜ ਕਲਿਆਣ ਸਭਾ ਦੇ ਇੱਕ ਹੋਰ ਆਗੂ ਦਲਮੀਰ ਖਾਨ ਨੇ ਕਿਹਾ ਕਿ ਅਸਲ ਵਿੱਚ ਕੇਂਦਰ ਸਰਕਾਰ ਆਪਣੀਆਂ ਨਕਾਮੀਆਂ ’ਤੇ ਪਰਦਾ ਪਾਉਣ ਅਤੇ ਬੇਰੁਜ਼ਗਾਰੀ ਦਾ ਕੋਈ ਵੀ ਹੱਲ ਨਾ ਕੱਢਣ ਕਰਕੇ ਇਸ ਸੋਧ ਬਿੱਲ ਨੂੰ ਲੈ ਕੇ ਆਈ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜਦ ਤੱਕ ਇਸ ਬਿੱਲ ਨੂੰ ਵਾਪਸ ਨਹੀਂ ਲਿਆ ਜਾਂਦਾ, ਉਹ ਚੈਨ ਨਾਲ ਨਹੀਂ ਬੈਠਣਗੇ ਅਤੇ ਸੜਕਾਂ ’ਤੇ ਉਤਰਨਗੇ।