ਕੁਲਦੀਪ ਬਰਾੜ/ਪਰਮਜੀਤ ਸਿੰਘ
ਮੰਡੀ ਘੁਬਾਇਆ/ਫਾਜ਼ਿਲਕਾ, 9 ਫਰਵਰੀ
ਜ਼ਿਲ੍ਹੇ ਦੇ ਨਾਮਵਰ ਪੀਐੱਮ ਸ਼੍ਰੀ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਚੱਕ ਮੋਚਨ ਵਾਲਾ ਵਿੱਚ ਸਾਲਾਨਾ ਸਮਾਰੋਹ ਪਰਵਾਜ਼-ਏ-ਹੁਨਰ ਕਰਵਾਇਆ ਗਿਆ। ਸਮਾਰੋਹ ਦੀ ਸ਼ੁਰੂਆਤ ਜਲਾਲਾਬਾਦ ਹਲਕੇ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਅਤੇ ਐੱਸਡੀਐੱਮ ਜਲਾਲਾਬਾਦ ਕੰਵਰਜੀਤ ਸਿੰਘ ਮਾਨ ਵੱਲੋਂ ਸ਼ਮ੍ਹਾ ਰੌਸ਼ਨ ਕਰ ਕੇ ਕੀਤੀ ਗਈ। ਇਸ ਦੌਰਾਨ ਸਕੂਲ ਦੇ ਵਿਦਿਆਰਥੀਆਂ ਨੇ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ। ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਜ਼ਿਲ੍ਹਾ ਪੁਲੀਸ ਮੁਖੀ ਵਰਿੰਦਰ ਸਿੰਘ ਬਰਾੜ ਅਤੇ ਵਿਸ਼ੇਸ਼ ਮਹਿਮਾਨ ਦੇ ਤੌਰ ’ਤੇ ਐੱਸਡੀਐੱਮ ਕੰਵਰਜੀਤ ਸਿੰਘ ਮਾਨ ਪਹੁੰਚੇ। ਇਸ ਮੌਕੇ ਸਕੂਲ ਦੇ ਪੰਜਾਬ ਭਰ ’ਚੋਂ ਵਜ਼ੀਫਾ ਪ੍ਰੀਖਿਆਵਾਂ ਵਿੱਚ ਅੱਵਲ ਰਹਿਣ ਵਾਲੇ ਦਰਜਨ ਤੋਂ ਵੱਧ ਵਿਦਿਆਰਥੀਆਂ ਨੂੰ ਮੁੱਖ ਮਹਿਮਾਨ ਅਤੇ ਵਿਸ਼ੇਸ਼ ਮਹਿਮਾਨ ਵੱਲੋਂ ਸਨਮਾਨਿਤ ਕੀਤਾ ਗਿਆ। ਮੁੱਖ ਮਹਿਮਾਨਾਂ ਨੇ ਐੱਨਐੱਨਐੱਮਐੱਸ ਪੇਪਰ ਪਾਸ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ। ਪ੍ਰਿੰਸੀਪਲ ਮਨਦੀਪ ਸਿੰਘ ਥਿੰਦ ਨੇ ਬੱਚਿਆਂ ਦੀਆਂ ਪ੍ਰਾਪਤੀਆਂ ਬਾਰੇ ਚਾਨਣਾ ਪਾਇਆ। ਇਸ ਮੌਕੇ ਜਲਾਲਾਬਾਦ ਦੇ ਸਕੂਲ ਆਫ ਐਮੀਨੈਂਸ ਦੇ ਪ੍ਰਿੰਸੀਪਲ ਗੌਤਮ ਖੁਰਾਣਾ, ਪ੍ਰਿੰਸੀਪਲ ਪਰਵਿੰਦਰ ਸਿੰਘ, ਰਾਮ ਸਿੰਘ, ਜਸਵਿੰਦਰ ਸਿੰਘ, ਕੁਲਦੀਪ ਸਿੰਘ, ਸੁਮਿਤ ਨਾਰੰਗ ਧਰਮਪਾਲ, ਪ੍ਰਿੰਸੀਪਲ ਰੰਜਨਾ, ਹੈੱਡਮਾਸਟਰ ਰਣਜੀਤ ਸਿੰਘ, ਹੈੱਡਮਾਸਟਰ ਬੰਤਾ ਸਿੰਘ ਤੇ ਪ੍ਰਿੰਸੀਪਲ ਪ੍ਰਦੀਪ ਕੁਮਾਰ ਆਦਿ ਵਿਸ਼ੇਸ਼ ਤੌਰ ’ਤੇ ਪਹੁੰਚੇ। ਪ੍ਰੋਗਰਾਮ ਦੌਰਾਨ ਬਾਰ੍ਹਵੀਂ ਜਮਾਤ ਦੀ ਵਿਦਿਆਰਥਣ ਨਾਜ਼ੀਆ ਕੰਬੋਜ ਦਾ ਮੈਰਿਟ ’ਚ ਆਉਣ ’ਤੇ ਸਨਮਾਨਿਤ ਕੀਤਾ ਗਿਆ। ਜ਼ਿਲ੍ਹਾ ਪੁਲੀਸ ਮੁਖੀ ਵਰਿੰਦਰ ਸਿੰਘ ਬਰਾੜ ਨੇ ਕਿਹਾ ਕਿ ਪੰਜਾਬ ਸੂਬੇ ਅੰਦਰ ਸਿੱਖਿਆ ਦੇ ਖੇਤਰ ਵਿੱਚ ਸਰਕਾਰੀ ਸਕੂਲ ਅਹਿਮ ਯੋਗਦਾਨ ਰੱਖਦੇ ਹਨ।