ਸਿਵਲ ਸਰਜਨ ਵੱਲੋਂ ਸਰਕਾਰੀ ਹਸਪਤਾਲ ਦਾ ਦੌਰਾ

0
172


ਪੱਤਰ ਪ੍ਰੇਰਕ

ਐਸ.ਏ.ਐਸ. ਨਗਰ (ਮੁਹਾਲੀ), 19 ਮਾਰਚ

ਮੁਹਾਲੀ ਦੇ ਨਵ-ਨਿਯੁਕਤ ਸਿਵਲ ਸਰਜਨ ਡਾ. ਦਵਿੰਦਰ ਕੁਮਾਰ ਨੇ ਅੱਜ ਇੱਥੋਂ ਦੇ ਫੇਜ਼6 ਸਥਿਤ ਜ਼ਿਲ੍ਹਾ ਪੱਧਰੀ ਸਰਕਾਰੀ ਹਸਪਤਾਲ ਦਾ ਦੌਰਾ ਕੀਤਾ ਤੇ ਮਰੀਜ਼ਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਤੇ ਮੈਡੀਕਲ ਸਾਜ਼ੋ-ਸਾਮਾਨ ਦਾ ਨਿਰੀਖਣ ਕੀਤਾ। ਉਨ੍ਹਾਂ ਨੇ ਹਸਪਤਾਲ ਦੇ ਵੱਖ-ਵੱਖ ਵਾਰਡਾਂ ਵਿੱਚ ਜਾ ਕੇ ਉੱਥੇ ਦਾਖ਼ਲ ਮਰੀਜ਼ਾਂ ਨਾਲ ਵੀ ਗੱਲਬਾਤ ਕਰ ਕੇ ਸੁਝਾਅ ਲਏ।

ਸਿਵਲ ਸਰਜਨ ਨੇ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਕਿ ਹਸਪਤਾਲ ਨੂੰ ਹਮੇਸ਼ਾ ਸਾਫ਼-ਸੁਥਰਾ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਭਾਵੇਂ ਮਰੀਜ਼ਾਂ ਨੂੰ ਸਾਰੀਆਂ ਦਵਾਈਆਂ ਪਹਿਲਾਂ ਹੀ ਸਰਕਾਰੀ ਹਸਪਤਾਲਾਂ ਵਿੱਚ ਮਿਲ ਰਹੀਆਂ ਹਨ ਪ੍ਰੰਤੂ ਫਿਰ ਵੀ ਇਹ ਯਕੀਨੀ ਬਣਾਇਆ ਜਾਵੇ ਕਿ ਕਿਸੇ ਵੀ ਓਪੀਡੀ ਜਾਂ ਐਮਰਜੈਂਸੀ ਮਰੀਜ਼ ਜਾਂ ਉਸ ਦੇ ਤੀਮਾਰਦਾਰ ਨੂੰ ਦਵਾਈ ਲੈਣ ਲਈ ਬਾਹਰ ਨਾ ਜਾਣਾ ਪਵੇ। ਸਿਵਲ ਸਰਜਨ ਨੇ ਕਿਹਾ ਕਿ ਸਿਹਤ ਸਹੂਲਤਾਂ ਦੇਣ ਵਿੱਚ ਕਿਸੇ ਕਿਸਮ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਰੇਨੂ ਸਿੰਘ, ਜ਼ਿਲ੍ਹਾ ਸਿਹਤ ਅਫ਼ਸਰ ਡਾ. ਸੁਭਾਸ਼ ਕੁਮਾਰ, ਐੱਸਐੱਮਓਜ਼ ਡਾ. ਐੱਚਐੱਚ ਚੀਮਾ, ਡਾ. ਵਿਜੈ ਭਗਤ ਅਤੇ ਡਾ. ਪਰਮਿੰਦਰਜੀਤ ਸਿੰਘ ਆਦਿ ਮੌਜੂਦ ਸਨ।



News Source link