ਸਿੱਖ ਜਥੇਬੰਦੀਆਂ ਨੇ ਚੰਡੀਗੜ੍ਹ ਹੱਦ ’ਤੇ ਪੱਕਾ ਮੋਰਚਾ ਲਾਇਆ

0
198


ਦਰਸ਼ਨ ਸਿੰਘ ਸੋਢੀ

ਐਸਏਐਸ ਨਗਰ (ਮੁਹਾਲੀ), 7 ਜਨਵਰੀ

ਕੌਮੀ ਇਨਸਾਫ਼ ਮੋਰਚਾ ਮੁਹਾਲੀ-ਚੰਡੀਗੜ੍ਹ, ਹਵਾਰਾ ਕਮੇਟੀ ਤੇ ਪੰਥਕ ਕਮੇਟੀ ਸਮੇਤ ਹੋਰ ਸਿੱਖ ਜਥੇਬੰਦੀਆਂ ਦੇ ਸਾਂਝੇ ਬੈਨਰ ਹੇਠ ਅੱਜ ਵੱਡੀ ਗਿਣਤੀ ਵਿੱਚ ਸਿੱਖਾਂ ਨੇ ਕੜਾਕੇ ਦੀ ਠੰਢ ਦੇ ਬਾਵਜੂਦ ਆਪਣੇ ਗਲਾਂ ਵਿੱਚ ਲੋਹੇ ਦੀਆਂ ਜੰਜ਼ੀਰਾਂ ਪਾ ਕੇ ਬੰਦੀ ਸਿੰਘਾਂ ਦੀ ਰਿਹਾਈ, 328 ਸਰੂਪਾਂ ਦਾ ਮਾਮਲਾ, ਬੇਅਦਬੀ ਦੀਆਂ ਘਟਨਾਵਾਂ ਅਤੇ ਬਹਿਬਲ ਕਲਾਂ ਗੋਲੀਕਾਂਡ ਆਦਿ ਮੁੱਦਿਆਂ ’ਤੇ ਜ਼ਬਰਦਸਤ ਰੋਸ ਪ੍ਰਦਰਸ਼ਨ ਕੀਤਾ। ਇਸ ਰੋਸ ਮੁਜ਼ਾਹਰੇ ਵਿੱਚ ਮਨੁੱਖ ਅਧਿਕਾਰ ਸੰਗਠਨਾਂ, ਪੰਥ ਦਰਦੀਆਂ, ਸਮਾਜ ਸੇਵੀ ਸੰਸਥਾਵਾਂ ਅਤੇ ਇਨਸਾਫ਼ ਪਸੰਦ ਲੋਕਾਂ ਨੇ ਸ਼ਮੂਲੀਅਤ ਕੀਤੀ।

ਜਾਣਕਾਰੀ ਅਨੁਸਾਰ ਅੱਜ ਸਵੇਰੇ ਹੀ ਪੰਜਾਬ ਸਮੇਤ ਦਿੱਲੀ ਤੇ ਹਰਿਆਣਾ ’ਚੋਂ ਵੱਡੀ ਗਿਣਤੀ ਲੋਕ ਮੁਹਾਲੀ ਦੇ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਵਿੱਚ ਪਹੁੰਚਣੇ ਸ਼ੁਰੂ ਹੋ ਗਏ ਸਨ। ਇੱਥੇ ਵੱਖ-ਵੱਖ ਆਗੂਆਂ ਨੇ ਸਿੱਖ ਮਸਲਿਆਂ ’ਤੇ ਵਿਚਾਰਾਂ ਕੀਤੀਆਂ। ਇਸ ਮਗਰੋਂ ਬਾਅਦ ਦੁਪਹਿਰ ਦੋ ਵਜੇ ਸਿੱਖਾਂ ਨੇ ਜੈਕਾਰੇ ਛੱਡ ਕੇ ਚੰਡੀਗੜ੍ਹ ਵੱਲ ਕੂਚ ਕੀਤਾ। ਇਸ ਮਗਰੋਂ ਮੁਹਾਲੀ-ਚੰਡੀਗੜ੍ਹ ਦੀ ਸਾਂਝੀ ਹੱਦ ’ਤੇ ਯੂਟੀ ਪੁਲੀਸ ਨੇ ਪ੍ਰਦਰਸ਼ਨਕਾਰੀਆਂ ਦਾ ਰਾਹ ਡੱਕ ਲਿਆ, ਜਿਸ ਕਾਰਨ ਰੋਹ ਵਿੱਚ ਆਏ ਪ੍ਰਦਰਸ਼ਨਕਾਰੀਆਂ ਨੇ ਉੱਥੇ ਹੀ ਸੜਕ ’ਤੇ ਧਰਨਾ ਆਰੰਭ ਦਿੱਤਾ। ਇਸ ਸਬੰਧੀ ਵਾਈਪੀਐੱਸ ਚੌਕ ਨੇੜੇ ਰੂਪਨਗਰ ਰੇਂਜ ਦੇ ਡੀਆਈਜੀ ਗੁਰਪ੍ਰੀਤ ਸਿੰਘ ਭੁੱਲਰ ਤੇ ਮੁਹਾਲੀ ਦੇ ਐੱਸਐੱਸਪੀ ਡਾ. ਸੰਦੀਪ ਗਰਗ ਦੀ ਅਗਵਾਈ ਹੇਠ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ।

ਪ੍ਰਦਰਸ਼ਨਕਾਰੀਆਂ ਵਿੱਚੋਂ ਬਾਪੂ ਗੁਰਚਰਨ ਸਿੰਘ ਤੇ ਹੋਰਨਾਂ ਨੇ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਸਰਕਾਰਾਂ ਸਿੱਖਾਂ ਦੀਆਂ ਭਾਵਨਾਵਾਂ ਦੀ ਅਣਦੇਖੀ ਕਰਦੀਆਂ ਆ ਰਹੀਆਂ ਹਨ, ਇਸ ਲਈ ਅੱਜ ਉਹ ਸਿੱਖਾਂ ਨਾਲ ਸਬੰਧਤ ਚਾਰ ਕੌਮੀ ਮੁੱਦਿਆਂ ’ਤੇ ਇਨਸਾਫ਼ ਲਈ ਪੱਕਾ ਮੋਰਚਾ ਲਾਉਣ ਆਏ ਹਨ। ਉਨ੍ਹਾਂ ਕਿਹਾ ਕਿ ਜਦੋਂ ਤੱਕ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੱਖ ਕੈਦੀਆਂ ਦੀ ਰਿਹਾਈ ਨਹੀਂ ਕੀਤੀ ਜਾਂਦੀ, 328 ਸਰੂਪਾਂ ਦਾ ਮਾਮਲਾ ਨਹੀਂ ਸੁਲਝਾਇਆ ਜਾਂਦਾ ਤੇ ਗੁਰੂ ਗਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਅਤੇ ਬਹਿਬਲ ਕਲਾਂ ਗੋਲੀ ਕਾਂਡ ਲਈ ਜ਼ਿੰਮੇਵਾਰ ਵਿਅਕਤੀਆਂ ਨੂੰ ਸਖ਼ਤ ਸਜ਼ਾਵਾਂ ਨਹੀਂ ਦਿੱਤੀਆਂ ਜਾਂਦੀਆਂ, ਉਦੋਂ ਤੱਕ ਲੜੀਵਾਰ ਧਰਨਾ ਜਾਰੀ ਰਹੇਗਾ। ਮੁੱਖ ਮੰਤਰੀ ਦੇ ਓਐੱਸਡੀ ਨਵਰਾਜ ਸਿੰਘ ਨੇ ਮੌਕੇ ’ਤੇ ਪਹੁੰਚ ਕੇ ਪ੍ਰਦਰਸ਼ਨਕਾਰੀਆਂ ਤੋਂ ਮੰਗ ਪੱਤਰ ਹਾਸਲ ਕੀਤਾ ਤੇ ਸਿੱਖਾਂ ਦੀਆਂ ਭਾਵਨਾਵਾਂ ਬਾਰੇ ਮੁੱਖ ਮੰਤਰੀ ਨੂੰ ਦੱਸਣ ਤੇ ਬਣਦੀ ਕਾਰਵਾਈ ਦਾ ਭਰੋਸਾ ਦਿੱਤਾ। 





News Source link

LEAVE A REPLY

Please enter your comment!
Please enter your name here