ਪ੍ਰਭੂ ਦਿਆਲ
ਸਿਰਸਾ, 23 ਮਈ
ਕਾਂਗਰਸ ਦੀ ਕੌਮੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਅੱਜ ਹਰਿਆਣਾ ਵਿੱਚ ਚੋਣ ਪ੍ਰਚਾਰ ਦੇ ਆਖਰੀ ਦਿਨ ਸਿਰਸਾ ਸ਼ਹਿਰ ਵਿੱਚ ਇੰਡੀਆ ਗੱਠਜੋੜ ਦੀ ਉਮੀਦਵਾਰ ਕੁਮਾਰੀ ਸ਼ੈਲਜਾ ਦੇ ਹੱਕ ਵਿੱਚ ਰੋਡ ਸ਼ੋਅ ਕੀਤਾ। ਰੋਡ ਸ਼ੋਅ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਿਯੰਕਾ ਗਾਂਧੀ ਨੇ ਕਿਹਾ ਕਿ ਹਰਿਆਣਾ ਵਿੱਚ ਬਦਲਾਅ ਦੀ ਲਹਿਰ ਚੱਲ ਰਹੀ ਹੈ, ਜਿਸ ਕਰਕੇ ਕਾਂਗਰਸ ਸਾਰੀਆਂ ਸੀਟਾਂ ’ਤੇ ਜਿੱਤ ਹਾਸਲ ਕਰੇਗੀ। ਉਨ੍ਹਾਂ ਕਿਹਾ ਕਿ ਹਰਿਆਣਾ ਵਿੱਚ ਹਵਾ ਭਾਜਪਾ ਖ਼ਿਲਾਫ਼ ਹੈ। ਲੋਕ ਭਾਜਪਾ ਦੀ ਰਾਜਨੀਤੀ ਤੋਂ ਅੱਕ ਚੁੱਕੇ ਹਨ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਬੇਰੁਜ਼ਗਾਰੀ ਬਹੁਤ ਹੈ, ਮਹਿੰਗਾਈ ਬਹੁਤ ਹੈ, ਲੋਕ ਥੱਕ ਚੁੱਕੇ ਹਨ, ਦੇਸ਼ ਵਿੱਚ ਬਦਲਾਅ ਜ਼ਰੂਰ ਆਵੇਗਾ। ਪ੍ਰਿਯੰਕਾ ਗਾਂਧੀ ਨੇ ਕਿਹਾ ਕਿ ਹਰਿਆਣਾ ਵਿੱਚ ਵੀ ਬਦਲਾਅ ਯਕੀਨੀ ਹੈ ਅਤੇ ਕਾਂਗਰਸ ਸੂਬੇ ਦੀਆਂ ਸਾਰੀਆਂ ਸੀਟਾਂ ’ਤੇ ਭਾਰੀ ਬਹੁਮਤ ਨਾਲ ਜਿੱਤ ਹਾਸਲ ਕਰੇਗੀ।