ਪ੍ਰਭੂ ਦਿਆਲ
ਸਿਰਸਾ, 27 ਮਾਰਚ
ਡੇਰਾ ਸਿਰਸਾ ‘ਚ ਅੱਜ ਡੇਰਾ ਪ੍ਰੇਮੀਆਂ ਵੱਲੋਂ ਨਾਮ ਚਰਚਾ ਕੀਤੀ ਗਈ। ਨਾਮ ਚਰਚਾ ‘ਚ ਵੱਡੀ ਗਿਣਤੀ ‘ਚ ਡੇਰਾ ਪ੍ਰੇਮੀਆਂ ਨੇ ਸ਼ਿਰਕਤ ਕੀਤੀ। ਨਾਮ ਚਰਚਾ ਦੌਰਾਨ ਡੇਰਾ ਮੁਖੀ ਵੱਲੋਂ ਸੰਗਤ ਦੇ ਨਾਂ ਲਿਖੀ ਗਈ ਚਿੱਠੀ ਨੂੰ ਪੜ੍ਹ ਕੇ ਸੁਣਾਇਆ ਗਿਆ, ਜਿਸ ਵਿੱਚ ਕਿਸੇ ਧਰਮ ਦੀ ਨਿੰਦਾ ਕਰਨ ਤੇ ਬੇਅਦਬੀ ਕਰਨ ਦੀ ਗੱਲ ਨੂੰ ਸਿਰੇ ਤੋਂ ਖਾਰਜ ਕੀਤਾ। ਨਾਮ ਚਰਚਾ ਬਾਅਦ ਡੇਰੇ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਡੇਰਾ ਸਾਰੇ ਧਰਮਾਂ ਦਾ ਸਤਿਕਾਰ ਕਰਦਾ ਹੈ। ਡੇਰਾ ਮੁਖੀ ਵੱਲੋਂ ਸਾਰੇ ਧਰਮਾਂ ਦਾ ਸਤਿਕਾਰ ਕਰਨ ਦੀ ਹੀ ਸਿੱਖਿਆ ਦਿੱਤੀ ਜਾਂਦੀ ਹੈ। ਜ਼ਿਕਰਯੋਗ ਹੈ ਕਿ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਸਾਧਵੀ ਜਬਰ ਜਨਾਹ ਤੋਂ ਇਲਾਵਾ ਪੱਤਰਕਾਰ ਰਾਮ ਚੰਦਰ ਛਤਰਪਤੀ ਤੇ ਰਣਜੀਤ ਕਤਲ ਮਾਮਲੇ ‘ਚ ਰੋਹਤਕ ਦੀ ਸੁਨਾਰੀਆ ਜੇਲ੍ਹ ‘ਚ ਸਜ਼ਾ ਭੁਗਤ ਰਿਹਾ ਹੈ। ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ ਦੀ ਜਾਂਚ ਕਰ ਰਹੀ ਐੱਸਆਈਟੀ ਵੱਲੋਂ ਡੇਰਾ ਮੁਖੀ ‘ਤੇ ਵੀ ਦੋਸ਼ ਲਾਏ ਗਏ ਹਨ। ਇਸ ਸਬੰਧੀ ਜਾਂਚ ਕਮੇਟੀ ਵੱਲੋਂ ਡੇਰਾ ਮੁਖੀ ਤੋਂ ਸੁਨਾਰੀਆ ਜੇਲ੍ਹ ‘ਚ ਪੁੱਛ ਪੜਤਾਲ ਵੀ ਕੀਤੀ ਜਾ ਚੁੱਕੀ ਹੈ। ਡੇਰਾ ਪ੍ਰਬੰਧਕ ਕਮੇਟੀ ਦੇ ਵੀ ਕਈ ਲੋਕ ਇਸ ਜਾਂਚ ਦੇ ਘੇਰੇ ਵਿੱਚ ਆ ਚੁੱਕੇ ਹਨ।