ਨਵੀਂ ਦਿੱਲੀ, 22 ਮਾਰਚ
ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਅੱਜ 80-80 ਪੈਸੇ ਪ੍ਰਤੀ ਲਿਟਰ ਦਾ ਵਾਧਾ ਕੀਤਾ ਗਿਆ, ਜਦੋਂ ਕਿ ਘਰੇਲੂ ਰਸੋਈ ਗੈਸ ਦੀਆਂ ਕੀਮਤਾਂ ਵਿੱਚ 50 ਰੁਪਏ ਪ੍ਰਤੀ ਸਿਲੰਡਰ ਦਾ ਇਜ਼ਾਫਾ ਕੀਤਾ ਗਿਆ ਹੈ। ਇਸ ਨਵੇਂ ਵਾਧੇ ਨਾਲ ਦਿੱਲੀ ’ਚ ਪੈਟਰੋਲ ਦੀ ਕੀਮਤ ਹੁਣ 96.21 ਰੁਪਏ ਪ੍ਰਤੀ ਲਿਟਰ ਹੋ ਗਈ ਹੈ, ਜੋ ਪਹਿਲਾਂ 95.41 ਰੁਪਏ ਸੀ। ਉਧਰ ਡੀਜ਼ਲ ਦੀ ਕੀਮਤ 86.67 ਰੁਪਏ ਪ੍ਰਤੀ ਲਿਟਰ ਤੋਂ ਵਧ ਕੇ 87.47 ਰੁਪਏ ਹੋ ਗਈ ਹੈ। ਕੌਮੀ ਰਾਜਧਾਨੀ ਵਿੱਚ 14.2 ਕਿਲੋਗ੍ਰਾਮ ਦੇ ਗੈਰ-ਸਬਸਿਡੀ ਵਾਲੇ ਐੱਲਪੀਜੀ ਸਿਲੰਡਰ ਦੀ ਕੀਮਤ ਹੁਣ 949.50 ਰੁਪਏ ਹੋਵੇਗੀ। ਪੰਜ ਰਾਜਾਂ ਦੀਆਂ ਅਸੈਂਬਲੀ ਚੋਣਾਂ ਦੇ ਮੱਦੇਨਜ਼ਰ ਪਿਛਲੇ ਸਾਢੇ ਚਾਰ ਮਹੀਨਿਆਂ ਦੌਰਾਨ ਇਹ ਤੇਲ ਕੀਮਤਾਂ ਵਿੱਚ ਪਹਿਲਾ ਵਾਧਾ ਹੈ। ਪਿਛਲੇ ਸਾਲ 4 ਨਵੰਬਰ ਤੋਂ ਤੇਲ ਕੀਮਤਾਂ ਸਥਿਰ ਸਨ। ਜੁਲਾਈ ਤੇ 6 ਅਕਤੂਬਰ 2021 ਦੇ ਅਰਸੇ ਦਰਮਿਆਨ ਘਰੇਲੂ ਗੈਸ ਸਿਲੰਡਰ ਦੀ ਕੀਮਤ 100 ਰੁਪਏ ਪ੍ਰਤੀ ਸਿਲੰਡਰ ਤੱਕ ਵਧੀ ਸੀ। ਹਾਲਾਂਕਿ ਉਦੋਂ ਵਿਰੋਧ ਕਰਕੇ ਸਰਕਾਰ ਨੇ ਕੀਮਤਾਂ ’ਤੇ ਨਜ਼ਰਸਾਨੀ ਦੇ ਮਾਸਿਕ ਅਮਲ ਨੂੰ ਰੋਕ ਦਿੱਤਾ ਸੀ। ਕੇਂਦਰ ਸਰਕਾਰ ਨੇ ਐੱਲਪੀਜੀ ’ਤੇ ਮਿਲਦੀ ਸਿੱਧੀ ਸਬਸਿਡੀ ਮਈ 2020 ਵਿੱਚ ਬੰਦ ਕਰ ਦਿੱਤੀ ਸੀ। ਤੇਲ ਕੀਮਤਾਂ ਵਿੱਚ ਵਾਧੇ ਨਾਲ ਮਹਿੰਗਾਈ ਹੋਰ ਵਧਣ ਦੇ ਆਸਾਰ ਹਨ। -ਪੀਟੀਆਈ
ਵਿਰੋਧੀ ਧਿਰ ਵੱਲੋਂ ਸੰਸਦ ਵਿੱਚੋਂ ਵਾਕਆਊਟ
ਨਵੀਂ ਦਿੱਲੀ: ਪੈਟਰੋਲ-ਡੀਜ਼ਲ ਤੇ ਐੱਲਪੀਜੀ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧੇ ਨੂੰ ਲੈ ਕੇ ਅੱਜ ਵਿਰੋਧੀ ਧਿਰ ਨੇ ਸੰਸਦ ’ਚੋਂ ਵਾਕਆਊਟ ਕੀਤਾ। ਵਿਰੋਧੀ ਪਾਰਟੀਆਂ ਨੇ ਦੋਵਾਂ ਸਦਨਾਂ ਵਿੱਚ ਸਰਕਾਰ ਨੂੰ ਘੇਰਿਆ ਤੇ ਵਧੀਆਂ ਕੀਮਤਾਂ ਵਾਪਸ ਲੈਣ ਦੀ ਮੰਗ ਕੀਤੀ। ਪ੍ਰਸ਼ਨ ਕਾਲ ਦੌਰਾਨ ਕਾਂਗਰਸ ਆਗੂ ਅਧੀਰ ਰੰਜਨ ਚੌਧਰੀ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਦਾ ਇਹ ਦਾਅਵਾ ਸੱਚ ਸਾਬਤ ਹੋਇਆ ਹੈ ਕਿ ਚੋਣ ਅਮਲ ਮੁਕੰਮਲ ਹੋਣ ਮਗਰੋਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਧਣਗੀਆਂ। ਕਾਂਗਰਸ, ਟੀਐੱਮਸੀ, ਐੱਨਸੀਪੀ, ਡੀਐੱਮਕੇ ਤੇ ਖੱਬੀਆਂ ਪਾਰਟੀਆਂ ਦੇ ਮੈਂਬਰਾਂ ਨੇ ਆਪਣੀਆਂ ਸੀਟਾਂ ’ਤੇ ਖੜ੍ਹੇ ਹੋ ਕੇ ਨਾਅਰੇਬਾਜ਼ੀ ਕਰਦਿਆਂ ਵਾਧਾ ਵਾਪਸ ਲੈਣ ਦੀ ਮੰਗ ਕੀਤੀ। ਹਾਲਾਂਕਿ ਸਪੀਕਰ ਓਮ ਬਿਰਲਾ ਨੇ ਵਿਰੋਧੀ ਧਿਰ ਨੂੰ ਪ੍ਰਸ਼ਨ ਕਾਲ ਤੋਂ ਬਾਅਦ ਮੁੱਦਾ ਰੱਖਣ ਲਈ ਕਿਹਾ, ਪਰ ਵਿਰੋਧੀ ਪਾਰਟੀਆਂ ਆਪਣੀ ਮੰਗ ’ਤੇ ਬਜ਼ਿੱਦ ਰਹੀਆਂ। ਵਿਰੋਧੀ ਪਾਰਟੀਆਂ ਨੇ ਮਗਰੋਂ ਵਾਕਆਊਟ ਵੀ ਕੀਤਾ। ਉਧਰ ਰਾਜ ਸਭਾ ਦੀ ਕਾਰਵਾਈ ਨੂੰ ਵੀ ਅੱਜ ਦੋ ਵਾਰ ਮੁਲਤਵੀ ਕਰਨਾ ਪਿਆ। ਮੈਂਬਰ ਕੀਮਤਾਂ ਵਿੱਚ ਵਾਧੇ ਦੇ ਮੁੱਦੇ ’ਤੇ ਚਰਚਾ ਕਰਵਾਉਣ ਦੀ ਮੰਗ ਕਰ ਰਹੇ ਸਨ। ਚੇਅਰਮੈਨ ਐੱਮ.ਵੈਂਕੱਈਆ ਨਾਇਡੂ ਨੇ ਮੈਂਬਰਾਂ ਵੱਲੋਂ ਨੇਮ 267 ਤਹਿਤ ਦਿੱਤੇ ਨੋਟਿਸਾਂ ’ਤੇ ਕੀਮਤਾਂ ਵਿੱਚ ਵਾਧੇ ਦੇ ਮੁੱਦੇ ਨੂੰ ਚਰਚਾ ਕੀਤੇ ਜਾਣ ਵਾਲੇ ਏਜੰਡੇ ਵਿੱਚ ਸ਼ਾਮਲ ਕਰਨ ਤੋਂ ਨਾਂਹ ਕਰ ਦਿੱਤੀ। ਿੲਸ ਦੌਰਾਨ ਕਾਂਗਰਸੀ ਆਗੂਆਂ ਮਲਿਕਾਰਜੁਨ ਖੜਗੇ, ਅਧੀਰ ਰੰਜਨ ਚੌਧਰੀ, ਆਨੰਦ ਸ਼ਰਮਾ ਅਤੇ ਰਣਦੀਪ ਸੁਰਜੇਵਾਲਾ ਨੇ ਵਿਜੈ ਚੌਂਕ ਵਿੱਚ ਸਾਂਝੀ ਪ੍ਰੈਸ ਕਾਨਫਰੰਸ ਕਰਕੇ ਤੇਲ ਕੀਮਤਾਂ ’ਚ ਵਾਧੇ ਦੇ ਮੁੱਦੇ ’ਤੇ ਸਰਕਾਰ ਨੂੰ ਘੇਰਿਆ। -ਪੀਟੀਆਈ