ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 28 ਮਾਰਚ
ਸ਼੍ਰੋਮਣੀ ਅਕਾਲੀ ਦਲ ਨੇ ਵਿਧਾਨ ਸਭਾ ਚੋਣਾਂ ’ਚ ਹੋਈ ਹਾਰ ਦੀ ਸਮੀਖਿਆ ਅਤੇ ਮੰਥਨ ਲਈ ਸਾਬਕਾ ਵਿਧਾਇਕ ਇਕਬਾਲ ਸਿੰਘ ਝੂੰਦਾ ਦੀ ਅਗਵਾਈ ਹੇਠ 13 ਮੈਂਬਰੀ ਸਬ-ਕਮੇਟੀ ਬਣਾਈ ਹੈ। ਇਹ ਕਮੇਟੀ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਦੀ ਹਾਰ ਦੇ ਕਾਰਨਾਂ ਬਾਰੇ ਫੀਡਬੈਕ ਲਵੇਗੀ। ਸਬ-ਕਮੇਟੀ ਬਣਾਉਣ ਦਾ ਫੈ਼ਸਲਾ ਪਾਰਟੀ ਦੀ 16 ਮੈਂਬਰੀ ਉੱਚ ਕਮੇਟੀ ਦੀ ਮੀਟਿੰਗ ਵਿੱਚ ਲਿਆ ਗਿਆ, ਜਿਸ ਦੀ ਪ੍ਰਧਾਨਗੀ ਪ੍ਰੇਮ ਸਿੰਘ ਚੰਦੂਮਾਜਰਾ ਨੇ ਕੀਤੀ। ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਇਹ ਸਬ-ਕਮੇਟੀ ਦੋ ਹਫਤਿਆਂ ਵਿੱਚ ਆਪਣੀ ਰਿਪੋਰਟ ਉੱਚ ਕਮੇਟੀ ਨੂੰ ਸੌਂਪੇਗੀ। ਉਨ੍ਹਾਂ ਕਿਹਾ ਕਿ ਸਬ-ਕਮੇਟੀ ਨੂੰ ਹੇਠਲੇ ਪੱਧਰ ਤੱਕ ਪਾਰਟੀ ਵਰਕਰਾਂ ਤੇ ਸਮਾਜ ਦੇ ਵੱਖ ਵੱਖ ਵਰਗਾਂ ਤੋਂ ਫੀਡਬੈਕ ਲੈਣ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ, ਜਿਸ ਦੇ ਆਧਾਰ ’ਤੇ ਲੋੜੀਂਦੀਆਂ ਤਬਦੀਲੀਆਂ ਕੀਤੀਆਂ ਜਾਣਗੀਆਂ।