ਲਖਵੀਰ ਸਿੰਘ ਚੀਮਾ
ਟੱਲੇਵਾਲ, 31 ਮਾਰਚ
ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵਲੋਂ ਲੰਬੀ ਲਾਠੀਚਾਰਜ ਮਾਮਲੇ ਸਬੰਧੀ ਮੁਕਤਸਰ ਦੇ ਡਿਪਟੀ ਕਮਿਸ਼ਨਰ ਵਿਰੁੱਧ ਮੋਰਚਾ ਖੋਲ੍ਹਣ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਭਲਕੇ 1 ਅਪਰੈਲ ਨੂੰ ਮੁਕਤਸਰ ਡੀਸੀ ਦਫ਼ਤਰ ਅੱਗੇ ਸੂਬਾ ਪੱਧਰ ਦਾ ਵੱਡਾ ਇਕੱਠ ਕਰਕੇ ਪ੍ਰਦਰਸ਼ਨ ਕੀਤਾ ਜਾਵੇਗਾ। ਇਹ ਫ਼ੈਸਲਾ ਜੱਥੇਬੰਦੀ ਵਲੋਂ ਅੱਜ ਬਰਨਾਲਾ ਜ਼ਿਲ੍ਹੇ ਦੇ ਪਿੰਡ ਚੀਮਾ ਵਿਖੇ ਸੂਬਾ ਪੱਧਰੀ ਮੀਟਿੰਗ ਦੌਰਾਨ ਕੀਤਾ ਗਿਆ। ਮੀਟਿੰਗ ਦੌਰਾਨ ਜਥੇਬੰਦੀ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ, ਝੰਡਾ ਸਿੰਘ ਜੇਠੂਕੇ ਤੋਂ ਇਲਾਵਾ ਹੋਰ ਵੱਖ ਵੱਖ ਜ਼ਿਲ੍ਹਿਆਂ ਦੇ ਆਗੂ ਹਾਜ਼ਰ ਹੋਏ।