ਮਹਿੰਦਰ ਸਿੰਘ ਰੱਤੀਆਂ
ਮੋਗਾ, 2 ਅਪਰੈਲ
ਜ਼ਿਲ੍ਹੇ ਦੇ ਥਾਣਾ ਸਮਾਲਸਰ ਅਧੀਨ ਪਿੰਡ ਮਾੜੀ ਮੁਸਤਫ਼ਾ ਵਿੱਚ ਅੱਜ ਕਬੱਡੀ ਮੁਕਾਬਲੇ ਦੌਰਾਨ ਮੋਟਰਸਾਈਕਲ ਸਵਾਰ ਦੋ ਹਮਲਾਵਾਰਾਂ ਨੇ ਗੈਂਗਸਟਰ ਹਰਜੀਤ ਸਿੰਘ ਪਿੰਟਾ ਨੂੰ ਗੋਲੀਆਂ ਮਾਰ ਕੇ ਮਾਰ ਦਿੱਤਾ। ਉਸ ਦਾ ਇੱਕ ਸਾਥੀ ਜ਼ਖ਼ਮੀ ਹੋ ਗਿਆ। ਪ੍ਰਾਪਤ ਵੇਰਵਿਆਂ ਅਨੁਸਾਰ ਬਾਅਦ ਦੁਪਹਿਰ ਕਰੀਬ 1.30 ਵਜੇ ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਹਰਜੀਤ ਸਿੰਘ ਉਰਫ਼ ਪਿੰਟਾ (32) ਅਤੇ ਉਸ ਦੇ ਸਾਥੀ ਗੁਰਪ੍ਰੀਤ ਸਿੰਘ (20) ਦੋਵੇਂ ਵਾਸੀ ਪਿੰਡ ਮਾੜੀ ਮੁਸਤਫ਼ਾ ’ਤੇ ਗੋਲੀਆਂ ਚਲਾ ਦਿੱਤੀਆਂ। ਹਰਜੀਤ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦਕਿ ਗੁਰਪ੍ਰੀਤ ਦੀ ਲੱਤ ‘ਚ ਗੋਲੀ ਲੱਗਣ ਨਾਲ ਉਹ ਜ਼ਖਮੀ ਹੋ ਗਿਆ। ਉਸ ਨੂੰ ਤੁਰੰਤ ਬਾਘਾਪੁਰਾਣਾ ਦੇ ਸਿਵਲ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ, ਜਿੱਥੇ ਉਸ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਬਾਘਾਪੁਰਾਣਾ ਪੁਲੀਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਜ਼ਿਲ੍ਹਾ ਹਸਪਤਾਲ ਮੋਗਾ ਭੇਜ ਦਿੱਤਾ ਹੈ। ਪੁਲੀਸ ਨੇ ਦੱਸਿਆ ਕਿ ਪਿੰਟਾ ਖ਼ਿਲਾਫ਼ ਫ਼ਰੀਦਕੋਟ, ਮੋਗਾ ਅਤੇ ਹੋਰ ਜ਼ਿਲ੍ਹਿਆਂ ਵਿੱਚ ਕਰੀਬ 10 ਅਪਰਾਧਿਕ ਮਾਮਲੇ ਦਰਜ ਹਨ। ਉਹ ਪਹਿਲਾਂ ਦਵਿੰਦਰ ਬੰਬੀਹਾ ਗੈਂਗ ਨਾਲ ਜੁੜਿਆ ਹੋਇਆ ਸੀ ਅਤੇ ਫਿਲਹਾਲ ਜ਼ਮਾਨਤ ‘ਤੇ ਰਿਹਾਅ ਸੀ।