ਸੈਕਰਾਮੈਂਟੋ, 3 ਅਪਰੈਲ
ਕੈਲੀਫੋਰਨੀਆ ਦੇ ਸੈਕਰਾਮੈਂਟੋ ’ਚ ਅੱਜ ਦੇਰ ਰਾਤ ਹੋਈ ਗੋਲਬਾਰੀ ’ਚ ਘੱਟੋ-ਘੱਟ ਛੇ ਵਿਅਕਤੀਆਂ ਦੀ ਮੌਤ ਹੋ ਗਈ ਜਦਕਿ 9 ਹੋਰ ਜ਼ਖ਼ਮੀ ਹੋ ਗਏ ਹਨ। ਇਸ ਸਬੰਧੀ ਜਾਣਕਾਰੀ ਪੁਲੀਸ ਨੇ ਟਵਿੱਟਰ ’ਤੇ ਦਿੱਤੀ। ਮੀਡੀਆ ਰਿਪੋਰਟਾਂ ਅਨੁਸਾਰ ਗੋਲੀਬਾਰੀ ਦੀ ਇਹ ਘਟਨਾ ਗੋਲਡਨ 1 ਸੈਂਟਰ ਨੇੜੇ ਦੇਰ ਰਾਤ ਦੋ ਵਜੇ ਦੇ ਕਰੀਬ ਵਾਪਰੀ ਜਿੱਥੇ ਬਾਸਕਟਬਾਲ ਮੁਕਾਬਲਿਆਂ ਤੋਂ ਇਲਾਵਾ ਹੋਰ ਵੱਡੇ ਸਮਾਗਮ ਕਰਵਾਏ ਜਾਂਦੇ ਹਨ। ਪੁਲੀਸ ਨੇ ਕਿਹਾ ਕਿ ਉਹ ਘਟਨਾ ਦੀ ਜਾਂਚ ਕਰ ਰਹੇ ਹਨ ਪਰ ਪੁਲੀਸ ਨੇ ਮ੍ਰਿਤਕਾਂ ਬਾਰੇ ਕਿਸੇ ਜਾਣਕਾਰੀ ਦਾ ਖੁਲਾਸਾ ਨਹੀਂ ਕੀਤਾ। ਇਸ ਸਬੰਧੀ ਸੋਸ਼ਲ ਮੀਡੀਆ ’ਤੇ ਪਾਈਆਂ ਵੀਡੀਓਜ਼ ’ਚ ਲੋਕਾਂ ਤੇ ਚੀਖਣ ਆਵਾਜ਼ਾਂ ਸੁਣਾਈ ਦੇ ਰਹੀਆਂ ਹਨ ਤੇ ਲੋਕ ਗਲੀਆਂ ’ਚ ਭੱਜਦੇ ਦਿਖਾਈ ਦੇ ਰਹੇ ਹਨ। ਜ਼ਿਕਰਯੋਗ ਹੈ ਕਿ ਇੱਕ ਮਹੀਨਾ ਪਹਿਲਾਂ ਵੀ ਇੱਥੇ ਗੋਲੀ ਚੱਲਣ ਦੀ ਘਟਨਾ ਵਾਪਰੀ ਸੀ ਜਿਸ ਵਿੱਚ ਇੱਕ ਵਿਅਕਤੀ ਨੇ ਆਪਣੇ ਤਿੰਨ ਬੱਚਿਆਂ ਨੂੰ ਗੋਲੀ ਮਾਰਨ ਤੋਂ ਬਾਅਦ ਖੁਦ ਨੂੰ ਵੀ ਗੋਲੀ ਮਾਰ ਲਈ ਸੀ। -ਪੀਟੀਆਈ