ਨਿੱਜੀ ਪੱਤਰ ਪ੍ਰੇਰਕ
ਜਲੰਧਰ, 6 ਅਪਰੈਲ
ਕਾਂਗਰਸ ਦੇ ਸੀਨੀਅਰ ਆਗੂ ਤੇ ਭੁਲੱਥ ਤੋਂ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੂੰ ਪੱਤਰ ਲਿਖ ਕੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਜਿਹੜਾ ਸੁਬਾਰਡੀਨੇਟ ਸਰਵਿਸਿਜ਼ ਸਿਲੈਕਸ਼ਨ ਬੋਰਡ (ਐੱਸਐੱਸ ਬੋਰਡ) ਭੰਗ ਕੀਤਾ ਗਿਆ ਹੈ, ਉਸ ਕਾਰਨ ਪੰਜਾਬ ਦੇ ਹਜ਼ਾਰਾਂ ਨੌਜਵਾਨਾਂ ਦੇ ਭਵਿੱਖ ਨਾਲ ਖਿਲਵਾੜ ਹੋਇਆ ਹੈ। ਉਨ੍ਹਾਂ ਆਪਣੇ ਪੱਤਰ ਵਿੱਚ ਕਿਹਾ ਕਿ ਕਾਂਗਰਸ ਸਰਕਾਰ ਨੇ ਪੁਲੀਸ ਅਤੇ ਮਾਲ ਵਿਭਾਗ ਸਣੇ ਵੱਖ-ਵੱਖ ਵਿਭਾਗਾਂ ਅੰਦਰ ਹਜ਼ਾਰਾਂ ਖਾਲੀ ਅਸਾਮੀਆਂ ਲਈ ਭਰਤੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਸੀ ਪਰ ਮੌਜੂਦਾ ਸਰਕਾਰ ਨੇ ਐੱਸ.ਐੱਸ ਬੋਰਡ ਭੰਗ ਕਰ ਦਿੱਤਾ ਹੈ, ਜਿਸ ਕਾਰਨ ਭਰਤੀ ਪ੍ਰਕਿਰਿਆ ਖੂਹ ਖਾਤੇ ਪੈ ਗਈ ਹੈ।