ਦਵਿੰਦਰ ਪਾਲ
ਚੰਡੀਗੜ੍ਹ, 8 ਅਪਰੈਲ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਗੈਂਗਸਟਰਾਂ ਨਾਲ ਕੋਈ ਲਿਹਾਜ਼ ਨਾ ਕਰਨ ਦੇ ਹੁਕਮ ਦਿੱਤੇ ਹਨ। ਉਨ੍ਹਾਂ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐੱਫ) ਨੂੰ ਸੂਬੇ ਵਿੱਚੋਂ ਗੈਂਗਸਟਰਾਂ ਦਾ ਬਿਲਕੁਲ ਸਫ਼ਾਇਆ ਕਰਨ ਲਈ ਕਿਹਾ ਹੈ ਤਾਂ ਜੋ ਲੋਕਾਂ ਦਾ ਕਾਨੂੰਨ ਤੇ ਵਿਵਸਥਾ ਵਿੱਚ ਭਰੋਸਾ ਕਾਇਮ ਕੀਤਾ ਜਾ ਸਕੇ।
ਸੂਬੇ ਦੇ ਡੀਜੀਪੀ ਵੀ.ਕੇ. ਭਾਵੜਾ ਦੀ ਅਗਵਾਈ ਵਿੱਚ ਨਵੀਂ ਗਠਿਤ ਏਜੀਟੀਐਫ ਟੀਮ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਭਗਵੰਤ ਮਾਨ ਨੇ ਸੂਬੇ ਵਿੱਚੋਂ ਗੈਂਗਸਟਰਵਾਦ ਦੇ ਖਾਤਮੇ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਨੂੰ ਦੁਹਰਾਇਆ ਹੈ। ਉਨ੍ਹਾਂ ਕਿਹਾ ਕਿ ਗੈਂਗਸਟਰਵਾਦ ਪੰਜਾਬ ਵਰਗੇ ਸ਼ਾਂਤ ਰਾਜ ਲਈ ਕਲੰਕ ਹੈ। ਉਨ੍ਹਾਂ ਕਿਹਾ ਕਿ ਏਜੀਟੀਐੱਫ ਨੂੰ ਲੋੜੀਂਦੇ ਮਨੁੱਖੀ ਵਸੀਲੇ, ਅਤਿ-ਆਧੁਨਿਕ ਤਕਨਾਲੋਜੀ, ਵਾਹਨਾਂ ਅਤੇ ਲੋੜੀਂਦੇ ਫੰਡਾਂ ਨਾਲ ਮੁਕੰਮਲ ਲੈਸ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਤਿੰਨ ਕਰੋੜ ਲੋਕਾਂ ਨੂੰ ਸੁਰੱਖਿਆ ਪ੍ਰਦਾਨ ਕਰਨਾ ਸਰਕਾਰ ਦੀ ਮੁੱਢਲੀ ਜ਼ਿੰਮੇਵਾਰੀ ਤੇ ਫਰਜ਼ ਹੈ। ਇਸ ਮਾਮਲੇ ’ਚ ਲੋਕਾਂ ਦਾ ਮਨੋਬਲ ਉੱਚਾ ਚੁੱਕਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।