ਜੋਗਿੰਦਰ ਸਿੰਘ ਓਬਰਾਏ
ਖੰਨਾ, 8 ਅਪਰੈਲ
ਸੂਬੇ ਵਿੱਚ ਕਣਕ ਦੀ ਖਰੀਦ ਸਬੰਧੀ ਪ੍ਰਬੰਧ ਸੁਚੱਜੇ ਢੰਗ ਨਾਲ ਕੀਤੇ ਗਏ ਹਨ ਤੇ ਕਿਸਾਨਾਂ ਨੂੰ ਕੋਈ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਇਹ ਗੱਲ ਅੱਜ ਇੱਥੋਂ ਦੀ ਅਨਾਜ ਮੰਡੀ ਵਿੱਚ ਕਣਕ ਦੀ ਖਰੀਦ ਪ੍ਰਕਿਰਿਆ ਦਾ ਜਾਇਜ਼ਾ ਲੈਂਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਹੀ। ਇਸ ਮੌਕੇ ਰਾਜਵੰਤ ਕੌਰ ਪਤਨੀ ਕੁਲਵੰਤ ਸਿੰਘ ਭਾਦਲਾ ਵੱਲੋਂ ਲਿਆਂਦੀ ਕਣਕ ਦੀ ਨਮੀ ਜਾਂਚੀ ਗਈ ਅਤੇ ਉਕਤ 50 ਕੁਇੰਟਲ ਢੇਰੀ ਦੀ ਖਰੀਦ ਪੰਜਾਬ ਵੇਅਰ ਹਾਊਸ ਏਜੰਸੀ ਵੱਲੋਂ ਕਰ ਕੇ ਤੁਰੰਤ ਆਨਲਾਈਨ ਅਦਾਇਗੀ ਕੀਤੀ ਗਈ। ਉਨ੍ਹਾਂ ਕਿਹਾ ਕਿ ਯੂਕਰੇਨ ਦੇ ਹਾਲਾਤ ਕਾਰਨ ਕਣਕ ਦੀ ਮੰਗ ਵਧੀ ਹੈ ਤੇ ਵਪਾਰੀਆਂ ਵੱਲੋਂ ਐੱਮਐੱਸਪੀ ਤੋਂ ਵੱਧ ਭਾਅ ’ਤੇ ਕਣਕ ਖਰੀਦੀ ਜਾ ਰਹੀ ਹੈ।