ਗੁਰਪ੍ਰੀਤ ਦੌਧਰ
ਅਜੀਤਵਾਲ, 18 ਅਪਰੈਲ
ਮੋਗਾ ਬਰਨਾਲਾ ਨੈਸ਼ਨਲ ਹਾਈਵੇਅ ’ਤੇ ਪਿੰਡ ਬੌਡੇ ਨਜ਼ਦੀਕ ਪੈਟਰੋਲ ਪੰਪ ਦੇ ਕਰਿੰਦੇ ਦਾ ਕਤਲ ਕਰ ਦਿੱਤਾ ਗਿਆ। ਜਾਣਕਾਰੀ ਮੁਤਾਬਕ ਪਿੰਡ ਬੌਡੇ ਦਾ ਜੋਗਿੰਦਰ ਸਿੰਘ ਪੈਟਰੋਲ ਪੰਪ ’ਤੇ ਕੰਮ ਕਰਦਾ ਸੀ ਜਿਸ ਦਾ ਬੀਤੀ ਰਾਤ ਅਣਪਛਾਤੇ ਵਿਅਕਤੀਆਂ ਵੱਲੋਂ ਬੇਸਬਾਲ ਮਾਰ ਕੇ ਕਤਲ ਕਰ ਦਿੱਤਾ ਗਿਆ। ਪੁਲੀਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਕਤਲ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। ਸ਼ੱਕ ਜਤਾਇਆ ਜਾ ਰਿਹਾ ਹੈ ਕਿ ਇਹ ਘਟਨਾ ਲੁੱਟ-ਖੋਹ ਦੀ ਵੀ ਹੋ ਸਕਦੀ ਹੈ। ਡੀਐੱਸਪੀ ਨਿਹਾਲ ਸਿੰਘ ਵਾਲਾ ਸਰਫਰਾਜ ਆਲਮ ਨੇ ਦੱਸਿਆ ਕਿ ਦੋ ਅਣਪਛਾਤੇ ਵਿਅਕਤੀ ਰਾਤ 11 ਵਜੇ ਪੈਟਰੋਲ ਪੰਪ ’ਤੇ ਬੋਤਲ ਵਿਚ ਤੇਲ ਪਵਾਉਣ ਲਈ ਆਏ ਸਨ ਪਰ ਪੰਪ ਕਰਿੰਦਿਆਂ ਵੱਲੋਂ ਬੋਤਲ ਵਿਚ ਤੇਲ ਪਾਉਣ ਤੋਂ ਇਨਕਾਰ ਕਰ ਦਿੱਤਾ। ਬਾਅਦ ਵਿਚ ਦੋ ਵਿਅਕਤੀ ਪੰਪ ‘ਤੇ ਆਏ ਜਿਨ੍ਹਾਂ ਕਰਿੰਦੇ ਦਾ ਕਤਲ ਕਰ ਦਿੱਤਾ। ਡੀਐੱਸਪੀ ਨੇ ਦੱਸਿਆ ਕਿ ਮੁਲਜ਼ਮ ਆਈ-20 ਕਾਰ ’ਤੇ ਆਏ ਸਨ। ਪੁਲੀਸ ਵੱਲੋਂ ਸੀਸੀਟੀਵੀ ਚੈੱਕ ਕੀਤੇ ਜਾ ਰਹੇ ਹਨ।