ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 19 ਅਪਰੈਲ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ ਕੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਮਾਮਲੇ ’ਚ ਸਜ਼ਾ ਕੱਟ ਰਹੇ ਬਲਵੰਤ ਸਿੰਘ ਰਾਜੋਆਣਾ ਦੀ ਰਿਹਾਈ ਦੀ ਮੰਗ ਕੀਤੀ ਗਈ ਹੈ। ਰਾਜੋਆਣਾ ਦੀ ਰਿਹਾਈ ਦੀ ਮੰਗ ’ਤੇ ਲੁਧਿਆਣਾ ਤੋਂ ਕਾਂਗਰਸੀ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਗੁੱਸੇ ਦੇ ਰੌਂਅ ਵਿੱਚ ਹਨ। ਉਨ੍ਹਾਂ ਕਿਹਾ,‘‘ਜੇ ਸੁਖਬੀਰ ਸਿੰਘ ਬਾਦਲ ਨੂੰ ਰਾਜੋਆਣਾ ਨਾਲ ਜ਼ਿਆਦਾ ਲਗਾਅ ਹੈ ਤਾਂ ਉਸ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਲਗਾ ਦੇਣ।’’ ਸ੍ਰੀ ਬਿੱਟੂ ਨੇ ਟਵੀਟ ਕੀਤਾ,‘‘ਹੁਣ ਤਾਂ ਅਜਿਹਾ ਲੱਗ ਰਿਹਾ ਹੈ ਕਿ ਸੁਖਬੀਰ ਬਾਦਲ ਮੇਰਾ ਅਤੇ ਮੇਰੇ ਪਰਿਵਾਰ ਦਾ ਜਾਨੀ ਨੁਕਸਾਨ ਕਰਨਾ ਚਾਹੁੰਦੇ ਹਨ। ਮੈਂ ਪੀਐੱਮ ਨਰਿੰਦਰ ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਇਨ੍ਹਾਂ ਦੇ ਮਨਸੂਬਿਆਂ ਦੀ ਗੰਭੀਰਤਾ ਨਾਲ ਜਾਂਚ ਕਰਵਾਉਣ ਦੀ ਮੰਗ ਕਰਾਂਗਾ।’’