ਜਗਮੋਹਨ ਸਿੰਘ
ਰੂਪਨਗਰ, 21 ਅਪਰੈਲ
ਕਵੀ ਕੁਮਾਰ ਵਿਸ਼ਵਾਸ ਵਿਰੁੱਧ ਥਾਣਾ ਸਦਰ ਰੂਪਨਗਰ ਵਿੱਚ ਦਰਜ ਮੁਕੱਦਮੇ ਵਿੱਚ ਸ਼ਾਮਲ ਕੀਤੀ ਕਾਂਗਰਸੀ ਆਗੂ ਅਲਕਾ ਲਾਂਬਾ ਦੇ ਸਮਰਥਨ ਵਿੱਚ ਪੰਜਾਬ ਦੇ ਕਾਂਗਰਸੀਆਂ ਨੇ ਇੱਕਜੁੱਟ ਹੋਣਾ ਸ਼ੁਰੂ ਕਰ ਦਿੱਤਾ ਹੈ। ਇਸ ਸਬੰਧੀ, ਜਿਥੇ ਅਲਕਾ ਲਾਂਬਾ ਨੇ ਅੱਜ ਸਵੇਰੇ ਟਵੀਟ ਕਰਕੇ ਜਾਣਕਾਰੀ ਦਿੱਤੀ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ, ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਸੁਖਪਾਲ ਸਿੰਘ ਖਹਿਰਾ ਤੇ ਸੁਖਜਿੰਦਰ ਸਿੰਘ ਸਮੇਤ ਹੋਰ ਬਹੁਤ ਸਾਰੇ ਆਗੂਆਂ ਨੇ ਉਨ੍ਹਾਂ ਨੂੰ ਫੋਨ ਕਰਕੇ ਪੰਜਾਬ ਪੁਲੀਸ ਵੱਲੋਂ ਦਰਜ ਕੀਤੇ ਕੇਸ ਦੇ ਸਬੰਧ ਵਿੱਚ 26 ਅਪਰੈਲ ਨੂੰ ਉਨ੍ਹਾਂ ਦੇ ਨਾਲ ਸਦਰ ਥਾਣੇ ਵਿੱਚ ਜਾਣ ਦੀ ਗੱਲ ਕਹੀ ਹੈ, ਉੱਥੇ ਹੀ ਬੀਤੀ ਦੇਰ ਸ਼ਾਮ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਦੇ ਘਰ ਪਹੁੰਚੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਅਮਰਿੰਦਰ ਸਿੰਘ ਵੜਿੰਗ ਨੇ ਵੀ ਐਲਾਨ ਕੀਤਾ ਕਿ ਬਦਲਾਖੋਰੀ ਦੀ ਭਾਵਨਾ ਨਾਲ ਦਰਜ ਕੀਤੇ ਗਏ ਪਰਚੇ ਨੂੰ ਰੱਦ ਕਰਾਉਣ ਲਈ ਪੰਜਾਬ ਕਾਂਗਰਸ ਅਲਕਾ ਲਾਂਬਾ ਦੇ ਨਾਲ ਖੜ੍ਹੇਗੀ। ਰੂਪਨਗਰ ਵਿਖੇ ਹੋਈ ਜ਼ਿਲ੍ਹੇ ਦੇ ਕਾਂਗਰਸੀ ਆਗੂਆਂ ਤੇ ਵਰਕਰਾਂ ਦੀ ਭਰਵੀਂ ਮੀਟਿੰਗ ਦੌਰਾਨ ਨਗਰ ਕੌਂਸਲ ਰੂਪਨਗਰ ਦੇ ਪ੍ਰਧਾਨ ਸੰਜੇ ਵਰਮਾ, ਸੀਨੀਅਰ ਮੀਤ ਪ੍ਰਧਾਨ ਰਾਜੇਸ਼ ਕੁਮਾਰ, ਮੀਤ ਪ੍ਰਧਾਨ ਪੂਨਮ ਕੱਕੜ, ਯੂਥ ਆਗੂ ਦਿਲਬਰ ਪੁਰਖਾਲੀ ਸਮੇਤ ਵੱਡੀ ਗਿਣਤੀ ਵਿੱਚ ਆਗੂ ਤੇ ਵਰਕਰ ਹਾਜ਼ਰ ਸਨ।