ਦਿਲਬਾਗ ਸਿੰਘ ਗਿੱਲ
ਅਟਾਰੀ, 21 ਅਪਰੈਲ
ਗੁਰਦੁਆਰਾ ਪੰਜਾ ਸਾਹਿਬ (ਹਸਨ ਅਬਦਾਲ) ਪਾਕਿਸਤਾਨ ਵਿਖੇ ਵਿਸਾਖੀ ਪੁਰਬ ਮਨਾਉਣ ਅਤੇ ਗੁਰਦੁਆਰਿਆਂ ਦੇ ਦਰਸ਼ਨ ਕਰਨ ਬਾਅਦ ਭਾਰਤੀ ਸਿੱਖ ਸ਼ਰਧਾਲੂਆਂ ਦਾ ਜਥਾ ਅੱਜ ਵਾਹਗਾ-ਅਟਾਰੀ ਸਰਹੱਦ ਰਸਤੇ ਵਤਨ ਪਰਤਿਆ। ਵਿਸਾਖੀ ਮਨਾਉਣ ਲਈ ਭਾਰਤ ਤੋਂ 1949 ਮੈਂਬਰੀ ਸਿੱਖ ਸ਼ਰਧਾਲੂਆਂ ਦਾ ਜਥਾ 12 ਅਪਰੈਲ ਨੂੰ ਰਵਾਨਾ ਹੋਇਆ ਸੀ, ਜਦੋਂ ਕਿ ਗੁਰਦੁਆਰਾ ਪੰਜਾਬ ਸਾਹਿਬ ਜਾਂਦਿਆਂ ਇੱਕ ਸ਼ਰਧਾਲੂ ਦੀ ਰਸਤੇ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ। ਵਤਨ ਵਾਪਸੀ ਮੌਕੇ ਅਟਾਰੀ ਸਰਹੱਦ ਵਿਖੇ ਗੱਲਬਾਤ ਕਰਦਿਆਂ ਸ਼ਰਧਾਲੂ ਨਰਿੰਦਰ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਪੰਜਾ ਸਾਹਿਬ (ਹਸਨ ਅਬਦਾਲ) ਵਿਖੇ 14 ਅਪਰੈਲ ਨੂੰ ਖਾਲਸਾ ਸਾਜਨਾ ਦਿਵਸ ਸਿੱਖ ਸੰਗਤਾਂ ਵੱਲੋਂ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ਵਿੱਚ ਸ਼ਰਧਾਲੂ ਸ਼ਾਮਲ ਹੋਏ। ਹਰਪਾਲ ਸਿੰਘ ਨੇ ਦੱਸਿਆ ਕਿ ਇਸ ਤੋਂ ਬਾਅਦ ਭਾਰਤੀ ਸਿੱਖ ਸ਼ਰਧਾਲੂਆਂ ਨੇ ਗੁਰਦੁਆਰਾ ਜਨਮ ਅਸਥਾਨ ਨਨਕਾਣਾ ਸਾਹਿਬ, ਗੁਰਦੁਆਰਾ ਸੱਚਾ ਸੌਦਾ, ਗੁਰਦੁਆਰਾ ਕਰਤਾਰਪੁਰ ਸਾਹਿਬ, ਗੁਰਦੁਆਰਾ ਡੇਹਰਾ ਸਾਹਿਬ ਲਾਹੌਰ, ਗੁਰਦੁਆਰਾ ਰੋੜੀ ਸਾਹਿਬ ਤੋਂ ਇਲਾਵਾ ਲਾਹੌਰ ਸਥਿਤ ਸਥਾਨਕ ਗੁਰਧਾਮਾਂ ਦੇ ਦਰਸ਼ਨ ਦੀਦਾਰ ਕੀਤੇ।
ਵਤਨ ਪਰਤੇ ਵੱਖ-ਵੱਖ ਸਿੱਖ ਸ਼ਰਧਾਲੂਆਂ ਨੇ ਦੱਸਿਆ ਕਿ ਪਾਕਿਸਤਾਨ ਸਥਿਤ ਗੁਰਧਾਮਾਂ ਦੀ ਯਾਤਰਾ ਦੌਰਾਨ ਇਸ ਵਾਰ ਪਹਿਲਾਂ ਨਾਲੋਂ ਜ਼ਿਆਦਾ ਕਿਰਾਇਆ ਵਸੂਲਿਆ ਗਿਆ। ਉਨ੍ਹਾਂ ਕਿਹਾ ਕਿ ਪਾਕਿਸਤਾਨ ਵਿੱਚ ਵੱਸਦੇ ਕਈ ਸਿੱਖ ਸ਼ਰਧਾਲੂਆਂ ਦੀ ਹਾਲਤ ਵੀ ਖਸਤਾ ਹੈ। ਮਨਜੀਤ ਸਿੰਘ ਨੇ ਦੱਸਿਆ ਕਿ ਸੁਰੱਖਿਆ ਕਾਰਨਾਂ ਕਰਕੇ ਇਸ ਵਾਰ ਗੁਰਦੁਆਰਾ ਪੰਜਾਬ ਸਾਹਿਬ ਦੇ ਬਾਜ਼ਾਰ ਵਿੱਚ ਸਿੱਖ ਸ਼ਰਧਾਲੂਆਂ ਨੂੰ ਨਹੀਂ ਜਾਣ ਦਿੱਤਾ ਗਿਆ। ਲਾਹੌਰ ਵਿੱਚ ਵੀ ਗੁਰਦੁਆਰਾ ਸਾਹਿਬ ਦੇ ਨੇੜਲੇ ਬਾਜ਼ਾਰ ਵਿੱਚ ਹੀ ਜਾਣ ਦਿੱਤਾ ਗਿਆ। ਬਖਸ਼ੀਸ਼ ਸਿੰਘ ਨੇ ਦੱਸਿਆ ਕਿ ਪਾਕਿਸਤਾਨ ਦੇ ਪਿੰਡ ਜਾਮਣੀਆਂ ਵਿੱਚ ਜਿੱਥੇ ਗੁਰੂ ਨਾਨਕ ਦੇਵ ਜੀ ਤਿੰਨ ਵਾਰ ਗਏ ਸਨ, ਉੱਥੇ ਮੌਜੂਦ ਗੁਰਦੁਆਰਾ ਸਾਹਿਬ ਦੀ ਹਾਲਤ ਖਸਤਾ ਹੈ। ਉਨ੍ਹਾਂ ਪਾਕਿਸਤਾਨ ਸਰਕਾਰ ਤੇ ਔਕਾਫ਼ ਬੋਰਡ ਦੇ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਗੁਰਦੁਆਰਾ ਸਾਹਿਬ ਦੀ ਕਾਰ ਸੇਵਾ ਕਰਵਾਈ ਜਾਵੇ।