ਮੁਹਾਲੀ, 23 ਅਪਰੈਲ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਰਹੱਦ ਪਾਰੋਂ ਡਰੋਨਾਂ ਰਾਹੀਂ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਤਸਕਰੀ ਰੋਕਣ ਲਈ ਸਵਦੇਸ਼ੀ ਡਰੋਨ ਰੋਕੂ ਤਕਨਾਲੋਜੀ ਵਿਕਸਿਤ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ। ਇਥੇ ਸ਼ਨਿਚਰਵਾਰ ਨੂੰ ਪਹਿਲੇ ਡਰੋਨ ਕੇਂਦਰ ਦਾ ਉਦਘਾਟਨ ਕਰਨ ਬਾਅਦ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੂੰ ਇਸ ਤਰ੍ਹਾਂ ਦੀ ਆਧੁਨਿਕ ਤਕਨਾਲੋਜੀ ਨਾਲ ਲੈਸ ਕੀਤਾ ਜਾਣਾ ਚਾਹੀਦਾ ਹੈ ਕਿਉਂਕਿ ਪੰਜਾਬ ਇਕ ਸਰਹੱਦੀ ਸੂਬਾ ਹੈ। ਉਨ੍ਹਾਂ ਕਿਹਾ ਕਿ ਡਰੋਨ ਰੋਕੂ ਤਕਨਾਲੋਜੀ ਸਰਹੱਦ ਪਾਰੋਂ ਹੁੰਦੀ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਰੋਕਣ ਵਿੱਚ ਮਦਦ ਕਰੇਗੀ। ਉਨ੍ਹਾਂ ਕਿਹਾ ਕਿ ਤਕਨਾਲੋਜੀ ਨੇ ਵਿਸ਼ਵ ਨੂੰ ਇਕ ਆਲਮੀ ਪਿੰਡ ਵਿੱਚ ਤਬਦੀਲ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਨਵੀਆਂ ਕਾਢਾਂ ਅਤੇ ਤਕਨਾਲੋਜੀ ਮਨੁੱਖਤਾ ਦੀ ਭਲਾਈ ਲਈ ਵਿਕਸਿਤ ਕੀਤੀ ਜਾਣੀ ਚਾਹੀਦੀ ਹੈ। -ਏਜੰਸੀ