ਰੁਚਿਕਾ ਐੱਮ. ਖੰਨਾ
ਚੰਡੀਗੜ੍ਹ, 28 ਅਪਰੈਲ
ਪੰਜਾਬ ਸਰਕਾਰ ਨੇ ਪਿਛਲੀ ਕਾਂਗਰਸ ਸਰਕਾਰ ਦੇ ਪੰਜ ਸਾਲਾਂ ਦੇ ਕਾਰਜਕਾਲ ਦੌਰਾਨ ਪੰਜਾਬ ਵਿਧਾਨ ਸਭਾ ਵਿੱਚ ਸਟਾਫ਼ ਦੀ ਭਰਤੀ ਦੀ ਜਾਂਚ ਦੇ ਹੁਕਮ ਦਿੱਤੇ ਹਨ। ਸੂਤਰਾਂ ਨੇ ਦੱਸਿਆ ਕਿ ਵਿਧਾਨ ਸਭਾ ਵਿੱਚ ਪਿਛਲੇ ਪੰਜ ਸਾਲਾਂ ਦੌਰਾਨ ਕੀਤੀ ਗਈ ਭਰਤੀ ਦੇ ਸਮੁੱਚੇ ਰਿਕਾਰਡ ਦੀ ਉੱਚ ਪੱਧਰੀ ਜਾਂਚ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਇਸ ਸਾਲ ਦੇ ਸ਼ੁਰੂ ਵਿਚ ਵਿਧਾਨ ਸਭਾ ਚੋਣਾਂ ਤੋਂ ਠੀਕ ਪਹਿਲਾਂ ਜਨਵਰੀ ਵਿਚ ਆਮ ਆਦਮੀ ਪਾਰਟੀ ਨੇ ਪ੍ਰੈਸ ਕਾਨਫਰੰਸ ਵਿਚ ਇਹ ਮੁੱਦਾ ਉਠਾਇਆ ਸੀ, ਜਿਸ ਵਿਚ ਭਰਤੀ ਕੀਤੇ ਸਾਰੇ ਲੋਕਾਂ ਅਤੇ ਸੱਤਾਧਾਰੀਆਂ ਦੇ ਵਿਧਾਇਕਾਂ/ਮੰਤਰੀਆਂ ਨਾਲ ਉਨ੍ਹਾਂ ਦੇ ਸਬੰਧਾਂ ਦਾ ਵੇਰਵਾ ਦਿੱਤਾ ਗਿਆ ਸੀ। ਪਾਰਟੀ ਸੂਤਰਾਂ ਨੇ ਕਿਹਾ ਕਿ ਸਿਖ਼ਰ ਤੋਂ ਲੈ ਕੇ ਹੇਠਲੇ ਪੱਧਰ ਤੱਕ ਸਾਰੀਆਂ ਭਰਤੀਆਂ ਜਾਂਚ ਅਧੀਨ ਹਨ।