ਰੁਚਿਕਾ ਐਮ. ਖੰਨਾ/ਆਤਿਸ਼ ਗੁਪਤਾ
ਚੰਡੀਗੜ੍ਹ, 2 ਮਈ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ‘ਆਪ’ ਦੀ ਕੈਬਨਿਟ ਨੇ ਘਰ ਘਰ ਕਣਕ ਸਕੀਮ ਨੂੰ ਅੱਜ ਮਨਜ਼ੂਰੀ ਦੇ ਦਿੱਤੀ ਹੈ, ਇਸ ਸਕੀਮ ਨਾਲ 1.54 ਕਰੋੜ ਲੋਕਾਂ ਨੂੰ ਰਾਹਤ ਮਿਲੇਗੀ। ਇਹ ਸਕੀਮ ਪਹਿਲੀ ਅਕਤੂਬਰ ਤੋਂ ਅਮਲ ਵਿਚ ਆ ਜਾਵੇਗੀ। ਇਸ ਨਾਲ ਸਰਕਾਰੀ ਖਜ਼ਾਨੇ ’ਤੇ 670 ਕਰੋੜ ਦਾ ਬੋਝ ਪਵੇਗਾ। ਇਸ ਸਕੀਮ ਤਹਿਤ ਲਾਭਪਾਤਰੀ ਨੂੰ ਪ੍ਰਤੀ ਮਹੀਨਾ ਪੰਜ ਕਿਲੋ ਕਣਕ ਪਿਸਾ ਕੇ ਘਰ ਪਹੁੰਚਾਈ ਜਾਵੇਗੀ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋਈ ਪੰਜਾਬ ਮੰਤਰੀ ਮੰਡਲ ਵਿੱਚ ਸੂਬੇ ਦੇ ਵੱਖ-ਵੱਖ ਵਿਭਾਗਾਂ ਵਿੱਚ 26454 ਅਸਾਮੀਆਂ ਨੂੰ ਹਰੀ ਝੰਡੀ ਦੇ ਦਿੱਤੀ ਹੈ। ਮੰਤਰੀ ਮੰਡਲ ਦੀ ਮੀਟਿੰਗ ਵਿੱਚ ਇਕ ਵਿਧਾਇਕ, ਇਕ ਪੈਨਸ਼ਨ ਦੇ ਨੋਟੀਫਿਕੇਸ਼ਨ ਦੀ ਸਕੀਮ ਨੂੰ ਵੀ ਮਨਜ਼ੂਰੀ ਦੇ ਦਿੱਤੀ ਹੈ। ਪੰਜਾਬ ਮੰਤਰੀ ਮੰਡਲ ਨੇ ਮੁਕਤਸਰ ਜ਼ਿਲ੍ਹੇ ਵਿਚ ਨਰਮੇ ਦੀ ਖਰਾਬ ਹੋਈ ਫ਼ਸਲ ਲਈ 41.89 ਕਰੋੜ ਰੁਪਏ ਦੀ ਮੁਆਵਜ਼ਾ ਰਾਸ਼ੀ ਨੂੰ ਮਨਜ਼ੂਰੀ ਦੇ ਦਿੱਤੀ ਹੈ, ਜਿਸ ਵਿੱਚੋਂ 38.08 ਕਰੋੜ ਕਿਸਾਨਾਂ ਲਈ ਅਤੇ 3.81 ਕਰੋੜ ਰੁਪਏ ਖੇਤ ਮਜ਼ਦੂਰਾਂ ਲਈ ਰਾਖਵੇਂ ਰੱਖੇ ਗਏ ਹਨ। ਇਸ ਤੋਂ ਇਲਾਵਾ ਸੂਬੇ ਦੇ ਛੋਟੇ ਟਰਾਂਸਪੋਰਟਰਾਂ ਨੂੰ ਫ਼ੀਸ ਜਮ੍ਹਾਂ ਕਰਵਾਉਣ ਲਈ 3 ਮਹੀਨੇ ਦਾ ਸਮਾਂ ਵਧਾ ਦਿੱਤਾ ਹੈ, ਜਦੋਂਕਿ ਕਿਸ਼ਤਾਂ ’ਚ ਫ਼ੀਸ ਜਮ੍ਹਾਂ ਕਰਵਾਉਣ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ।