ਚੰਡੀਗੜ੍ਹ, 10 ਮਈ
ਪੰਜਾਬ ਪੁਲੀਸ ਨੇ ਇੰਟੈਲੀਜੈਂਸ ਵਿੰਗ ਦੇ ਮੁੱਖ ਦਫ਼ਤਰ ਨੂੰ ਰਾਕੇਟ ਗ੍ਰਨੇਡ ਨਾਲ ਨਿਸ਼ਾਨਾ ਬਣਾਉਣ ਲਈ ਵਰਤਿਆ ਲਾਂਚਰ ਬਰਾਮਦ ਕਰ ਲਿਆ ਹੈ। ਇੰਟੈਲੀਜੈਂਸ ਵਿੰਗ ਹੈੱਡਕੁਆਰਟਰ ਦੇ ਸੁਰੱਖਿਆ ਇੰਚਾਰਜ ਸਬ-ਇੰਸਪੈਕਟਰ ਬਲਕਾਰ ਸਿੰਘ ਦੇ ਬਿਆਨਾਂ ਉੱਤੇ ਮੁਹਾਲੀ ਦੇ ਸੋਹਾਣਾ ਥਾਣੇ ਵਿੱਚ ਆਈਪੀਸੀ, ਗੈਰਕਾਨੂੰਨੀ ਸਰਗਰਮੀਆਂ ਰੋਕੂ ਐਕਟ (ਯੂੲੇਪੀਏ) ਅਤੇ ਧਮਾਕਾਖੇਜ਼ ਸਮੱਗਰੀ ਐਕਟ ਦੀਆਂ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਪੁਲੀਸ ਨੂੰ ਹਮਲੇ ਪਿੱਛੇ ਗੈਂਗਸਟਰ ਤੋਂ ਦਹਿਸ਼ਤਗਰਦ ਬਣੇ ਹਰਵਿੰਦਰ ਸਿੰਘ ਰਿੰਦਾ, ਜੋ ਇਸ ਵੇਲੇ ਪਾਕਿਸਤਾਨ ਵਿੱਚ ਹੈ, ਦੀ ਸ਼ਮੂਲੀਅਤ ਦਾ ਸ਼ੱਕ ਹੈ। ਮੁਹਾਲੀ ਵਿੱਚ ਇਹ ਧਮਾਕਾ ਅਜਿਹੇ ਮੌਕੇ ਹੋਇਆ ਹੈ ਜਦੋਂ ਕਿ ਪਿਛਲੇ ਮਹੀਨੇ 24 ਅਪਰੈਲ ਨੂੰ ਚੰਡੀਗੜ੍ਹ ਦੀ ਬੁੜੈਲ ਜੇਲ੍ਹ ਨੇੜਿਓਂ ਧਮਾਕਾਖੇਜ਼ ਸਮੱਗਰੀ ਬਰਾਮਦ ਕੀਤੀ ਗਈ ਸੀ। -ਪੀਟੀਆਈ