ਜਗਤਾਰ ਿਸੰਘ ਲਾਂਬਾ/ਏਜੰਸੀ
ਅੰਮ੍ਰਿਤਸਰ/ਪਿਸ਼ਾਵਰ, 15 ਮਈ
ਪਾਕਿਸਤਾਨ ਦੇ ਉੱਤਰ-ਪੱਛਮੀ ਸੂਬੇ ਖੈਬਰ ਪਖਤੂਨਖਵਾ ’ਚ ਅੱਜ ਮੋਟਰਸਾਈਕਲ ’ਤੇ ਆਏ ਦੋ ਅਣਪਛਾਤੇ ਬੰਦੂਕਧਾਰੀਆਂ ਨੇ ਅੰਨ੍ਹੇਵਾਹ ਗੋਲੀਆਂ ਚਲਾ ਕੇ ਦੋ ਸਿੱਖ ਕਾਰੋਬਾਰੀਆਂ ਦੀ ਹੱਤਿਆ ਕਰ ਦਿੱਤੀ। ਅਫ਼ਗਾਨਿਸਤਾਨ ਦੀ ਸਰਹੱਦ ਨਾਲ ਲਗਦੇ ਗੜਬੜ ਵਾਲੇ ਸੂਬੇ ’ਚ ਘੱਟ ਗਿਣਤੀ ਭਾਈਚਾਰੇ ਦੇ ਮੈਂਬਰਾਂ ਨੂੰ ਨਿਸ਼ਾਨਾ ਬਣਾ ਕੇ ਜਾਨੋਂ ਮਾਰਨ ਦੀ ਇਹ ਤਾਜ਼ੀ ਘਟਨਾ ਹੈ। ਮ੍ਰਿਤਕਾਂ ਦੀ ਪਛਾਣ ਕੰਵਲਜੀਤ ਸਿੰਘ (42) ਅਤੇ ਰਣਜੀਤ ਸਿੰਘ (38) ਵਜੋਂ ਹੋਈ ਹੈ। ਸਦਰ ਐੱਸਪੀ ਅਤੀਕ ਹੁਸੈਨ ਨੇ ਜੀਓ ਨਿਊਜ਼ ਨੂੰ ਦੱਸਿਆ ਕਿ ਅਤਿਵਾਦ ਦੇ ਟਾਕਰੇ ਲਈ ਬਣੇ ਵਿਭਾਗ ਨੇ ਹੱਤਿਆ ਦਾ ਕੇਸ ਦਰਜ ਕਰ ਲਿਆ ਹੈ। ਉਨ੍ਹਾਂ ਕਿਹਾ,‘‘ਇਹ ਦਹਿਸ਼ਤੀ ਹਮਲਾ ਜਾਪਦਾ ਹੈ। ਸੀਸੀਟੀਵੀ ਫੁਟੇਜ ਖੰਗਾਲੇ ਜਾ ਰਹੇ ਹਨ ਅਤੇ ਸ਼ੱਕੀਆਂ ਨੂੰ ਛੇਤੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।’’ ਇਸ ਘਟਨਾ ਦੀ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ, ਸ਼੍ਰੋਮਣੀ ਕਮੇਟੀ ਅਤੇ ਹੋਰ ਸਿੱਖ ਜਥੇਬੰਦੀਆਂ ਨੇ ਸਖ਼ਤ ਨਿੰਦਾ ਕੀਤੀ ਹੈ। ਸ਼੍ਰੋਮਣੀ ਕਮੇਟੀ ਨੇ ਭਾਰਤ ਅਤੇ ਪਾਕਿਸਤਾਨ ਦੀਆਂ ਸਰਕਾਰਾਂ ਨੂੰ ਪਾਕਿਸਤਾਨ ਵਿਚ ਵਸਦੇ ਘੱਟ ਗਿਣਤੀ ਸਿੱਖਾਂ ਦੇ ਜਾਨ-ਮਾਲ ਦੀ ਸੁਰੱਖਿਆ ਦੀ ਮੰਗ ਕੀਤੀ ਹੈ।
ਪੁਲੀਸ ਮੁਤਾਬਕ ਬਾਈਕ ਸਵਾਰ ਦੋ ਹਮਲਾਵਰਾਂ ਨੇ ਅੱਜ ਸਵੇਰੇ ਦੋਵੇਂ ਸਿੱਖਾਂ ’ਤੇ ਹਮਲਾ ਕੀਤਾ ਅਤੇ ਉਨ੍ਹਾਂ ਦੀ ਥਾਂ ’ਤੇ ਹੀ ਮੌਤ ਹੋ ਗਈ। ਦੋਹਾਂ ਦੀਆਂ ਪਿਸ਼ਾਵਰ ਤੋਂ ਕਰੀਬ 17 ਕਿਲੋਮੀਟਰ ਸਰਬੰਦ ਦੇ ਬਾਟਾਤਾਲ ਬਾਜ਼ਾਰ ’ਚ ਕਰਿਆਨੇ ਅਤੇ ਮਸਾਲਿਆਂ ਆਦਿ ਦੀਆਂ ਦੁਕਾਨਾਂ ਸਨ। ਸਿੱਖਾਂ ਦੀ ਹੱਤਿਆ ਦੀ ਜ਼ਿੰਮੇਵਾਰੀ ਇਸਲਾਮਿਕ ਸਟੇਟ ਨੇ ਲਈ ਹੈ। ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਸਿੱਖਾਂ ਦੀ ਹੱਤਿਆ ਦੀ ਨਿਖੇਧੀ ਕਰਦਿਆਂ ਕਿਹਾ ਕਿ ਪਾਕਿਸਤਾਨ ਨਾਲ ਦੁਸ਼ਮਣੀ ਕਾਰਨ ‘ਅਤਿਵਾਦ ਦੇ ਕਾਰੇ’ ਨੂੰ ਅੰਜਾਮ ਦਿੱਤਾ ਗਿਆ ਹੈ। ਉਨ੍ਹਾਂ ਦੇਸ਼ ਦੇ ਦੁਸ਼ਮਣਾਂ ਨੂੰ ਖ਼ਤਮ ਕਰਨ ਦਾ ਅਹਿਦ ਲਿਆ। ਉਨ੍ਹਾਂ ਪਰਿਵਾਰਾਂ ਨਾਲ ਹਮਦਰਦੀ ਜਤਾਉਂਦਿਆਂ ਖੈਬਰ ਪਖਤੂਨਖਵਾ ਸੂਬੇ ਦੇ ਮੁੱਖ ਮੰਤਰੀ ਨੂੰ ਗ਼ੈਰ-ਮੁਸਲਿਮਾਂ ਦੇ ਜਾਨ-ਮਾਲ ਦੀ ਰੱਖਿਆ ਕਰਨ ਲਈ ਕਦਮ ਉਠਾਉਣ ਦੀ ਅਪੀਲ ਕੀਤੀ। ਅੰਦਰੂਨੀ ਮਾਮਲਿਆਂ ਬਾਰੇ ਮੰਤਰੀ ਰਾਣਾ ਸਨਾਉੱਲ੍ਹਾ ਨੇ ਹਮਲੇ ਲਈ ਖੈਬਰ ਪਖਤੂਨਖਵਾ ਸਰਕਾਰ ਦੀ ਆਲੋਚਨਾ ਕਰਦਿਆਂ ਸੂਬੇ ਦੇ ਮੁੱਖ ਸਕੱਤਰ ਅਤੇ ਆਈਜੀ ਤੋਂ ਰਿਪੋਰਟ ਮੰਗ ਲਈ ਹੈ। ਵਿਦੇਸ਼ ਮੰਤਰੀ ਬਿਲਾਵਲ ਭੁੱਟੋ-ਜ਼ਰਦਾਰੀ ਨੇ ਸਿੱਖਾਂ ਦੀ ਹੱਤਿਆ ਦੇ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਹੈ। ਖੈਬਰ ਪਖਤੂਨਖਵਾ ਦੇ ਮੁੱਖ ਮੰਤਰੀ ਮਹਿਮੂਦ ਖ਼ਾਨ ਨੇ ਹਮਲੇ ਦੀ ਨਿਖੇਧੀ ਕਰਦਿਆਂ ਪੁਲੀਸ ਨੂੰ ਨਿਰਦੇਸ਼ ਦਿੱਤੇ ਕਿ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਲਈ ਫ਼ੌਰੀ ਕਦਮ ਉਠਾਏ ਜਾਣ। ਉਨ੍ਹਾਂ ਕਿਹਾ ਕਿ ਇਹ ਘਟਨਾ ਸੂਬੇ ’ਚ ਧਾਰਮਿਕ ਸਦਭਾਵਨਾ ਦੇ ਮਾਹੌਲ ਨੂੰ ਵਿਗਾੜਨ ਦੀ ਸਾਜ਼ਿਸ਼ ਹੈ। ਮੁੱਖ ਮੰਤਰੀ ਨੇ ਕਿਹਾ ਕਿ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਇਨਸਾਫ਼ ਦਿਵਾਇਆ ਜਾਵੇਗਾ। ਪਾਕਿਸਤਾਨ ਦੇ ਮਨੁੱਖੀ ਅਧਿਕਾਰ ਕਮਿਸ਼ਨ ਨੇ ਕਿਹਾ ਕਿ ਇਹ ਪਹਿਲੀ ਵਾਰ ਨਹੀਂ ਹੈ ਕਿ ਸਿੱਖ ਭਾਈਚਾਰੇ ਨੂੰ ਖੈਬਰ ਪਖਤੂਨਖਵਾ ’ਚ ਨਿਸ਼ਾਨਾ ਬਣਾਇਆ ਗਿਆ ਹੈ ਅਤੇ ਮੰਗ ਕੀਤੀ ਕਿ ਪੁਲੀਸ ਸਾਜ਼ਿਸ਼ਕਾਰਾਂ ਦੀ ਤੁਰੰਤ ਸ਼ਨਾਖ਼ਤ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰੇ। ਆਲ ਪਾਕਿਸਤਾਨ ਉਲੇਮਾ ਕੌਂਸਲ ਨੇ ਵੀ ਹੱਤਿਆਵਾਂ ਦੀ ਨਿਖੇਧੀ ਕਰਦਿਆਂ ਪਿਸ਼ਾਵਰ ਪ੍ਰਸ਼ਾਸਨ ਨੂੰ ਗ਼ੈਰ-ਮੁਸਲਿਮ ਨਾਗਰਿਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਕਿਹਾ ਹੈ। ਪਿਸ਼ਾਵਰ ’ਚ ਕਰੀਬ 15 ਹਜ਼ਾਰ ਸਿੱਖ ਰਹਿੰਦੇ ਹਨ ਅਤੇ ਇਨ੍ਹਾਂ ’ਚੋਂ ਜ਼ਿਆਦਾਤਰ ਸਿੱਖ ਆਪਣਾ ਕਾਰੋਬਾਰ ਕਰਦੇ ਹਨ ਅਤੇ ਕੁਝ ਦੀਆਂ ਫਾਰਮੇਸੀਆਂ ਵੀ ਹਨ। ਸਾਲ 2020 ’ਚ ਨਿਊਜ਼ ਚੈਨਲ ਦੇ ਐਂਕਰ ਰਵਿੰਦਰ ਸਿੰਘ ਦੀ ਸ਼ਹਿਰ ’ਚ ਹੱਤਿਆ ਕਰ ਦਿੱਤੀ ਗਈ ਸੀ। ਇਸੇ ਤਰ੍ਹਾਂ 2018 ’ਚ ਚਰਨਜੀਤ ਸਿੰਘ ਅਤੇ 2016 ’ਚ ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਦੇ ਨੈਸ਼ਨਲ ਅਸੈਂਬਲੀ ’ਚ ਮੈਂਬਰ ਸੋਰੇਨ ਸਿੰਘ ਦੀ ਪਿਸ਼ਾਵਰ ’ਚ ਹੱਤਿਆ ਕਰ ਦਿੱਤੀ ਗਈ ਸੀ।
ਪਿਸ਼ਾਵਰ ’ਚ ਦੋ ਸਿੱਖ ਦੀ ਹੱਤਿਆ ਦੀ ਨਿਖੇਧੀ ਕਰਦਿਆਂ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਮੀਰ ਸਿੰਘ ਨੇ ਪਾਕਿਸਤਾਨ ਅਤੇ ਖੈਬਰ ਪਖਤੂਨਖਵਾ ਸਰਕਾਰ ਕੋਲੋਂ ਮੰਗ ਕੀਤੀ ਹੈ ਕਿ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰਕੇ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ। ਉਨ੍ਹਾਂ ਆਖਿਆ ਕਿ ਪਾਕਿਸਤਾਨ ਵਿਚ ਵਸਦੇ ਸਿੱਖ ਮੁਲਕ ਨੂੰ ਪਿਆਰ ਕਰਦੇ ਹਨ ਪਰ ਕੁਝ ਤਾਕਤਾਂ ਸਿੱਖਾਂ ਅਤੇ ਮੁਸਲਮਾਨਾਂ ਦੀ ਸਾਂਝ ਤੋੜਨਾ ਚਾਹੁੰਦੀਆਂ ਹਨ। ‘ਸਰਕਾਰ ਇਨ੍ਹਾਂ ਤਾਕਤਾਂ ਨੂੰ ਬੇਨਕਾਬ ਕਰੇ ਅਤੇ ਸਿੱਖਾਂ ’ਤੇ ਜ਼ੁਲਮ ਦੀਆ ਘਟਨਾਵਾਂ ਨੂੰ ਰੋਕਿਆ ਜਾਵੇ।’ ਉਨ੍ਹਾਂ ਸਰਕਾਰ ਨੂੰ ਆਖਿਆ ਕਿ ਅਜਿਹੀਆਂ ਘਟਨਾਵਾਂ ਕਾਰਨ ਦੁਨੀਆ ਵਿਚ ਪਾਕਿਸਤਾਨ ਦੀ ਸਾਖ ਨੂੰ ਢਾਹ ਲਗਦੀ ਹੈ। ਉਧਰ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੋ ਸਿੱਖ ਦੁਕਾਨਦਾਰਾਂ ਰਣਜੀਤ ਸਿੰਘ ਅਤੇ ਕੁਲਜੀਤ ਸਿੰਘ ਦੀ ਪਿਸ਼ਾਵਰ ਵਿਚ ਗੋਲੀਆਂ ਮਾਰ ਕੇ ਹੱਤਿਆ ਕੀਤੇ ਜਾਣ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਹਕੀਮ ਸਤਨਾਮ ਸਿੰਘ ਦਾ ਕਤਲ ਕਰ ਦਿੱਤਾ ਗਿਆ ਸੀ ਅਤੇ ਕੁਝ ਦਿਨ ਪਹਿਲਾਂ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਦੇ ਪੁੱਤਰਾਂ ’ਤੇ ਭੂ-ਮਾਫੀਆ ਵਲੋਂ ਹਮਲਾ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਪਾਕਿਸਤਾਨ ਵਿਚ ਵਾਪਰ ਰਹੀਆਂ ਅਜਿਹੀਆਂ ਘਟਨਾਵਾਂ ਕਾਰਨ ਘੱਟ ਗਿਣਤੀਆਂ ਵਿਚ ਡਰ ਦੀ ਭਾਵਨਾ ਵਧ ਰਹੀ ਹੈ ਜਿਸ ਪ੍ਰਤੀ ਸਰਕਾਰ ਨੂੰ ਸੰਜੀਦਾ ਹੋਣਾ ਚਾਹੀਦਾ ਹੈ। ਉਨ੍ਹਾਂ ਪਾਕਿਸਤਾਨ ਸਰਕਾਰ ਨੂੰ ਕਿਹਾ ਕਿ ਇਸ ਮਾਮਲੇ ਵੱਲ ਵਿਸ਼ੇਸ਼ ਧਿਆਨ ਦੇ ਕੇ ਸਿੱਖਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਭਾਰਤ ਸਰਕਾਰ ਨੂੰ ਵੀ ਅਪੀਲ ਕੀਤੀ ਕਿ ਉਹ ਕੂਟਨੀਤਕ ਪੱਧਰ ’ਤੇ ਪਾਕਿਸਤਾਨ ਸਰਕਾਰ ਨਾਲ ਗੱਲ ਕਰਕੇ ਸਿੱਖਾਂ ਦੇ ਜਾਨ-ਮਾਲ ਦੀ ਸੁਰੱਖਿਆ ਲਈ ਢੁੱਕਵੇਂ ਕਦਮ ਉਠਾਏ। ਇਸ ਦੌਰਾਨ ਸਿੱਖ ਜਥੇਬੰਦੀ ਦਲ ਖਾਲਸਾ ਦੇ ਆਗੂ ਕੰਵਰਪਾਲ ਸਿੰਘ ਨੇ ਇਸ ਘਟਨਾ ਦੀ ਸਖ਼ਤ ਨਿੰਦਾ ਕਰਦਿਆਂ ਕਿਹਾ ਕਿ ਪਾਕਿਸਤਾਨ ’ਚ ਸਿੱਖਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਅਤੇ ਉਨ੍ਹਾਂ ਕੋਲੋਂ ਫਿਰੌਤੀ ਦੀ ਰਕਮ ਮੰਗੀ ਜਾਂਦੀ ਹੈ। ਰਕਮ ਨਾ ਦੇਣ ’ਤੇ ਉਨ੍ਹਾਂ ਦਾ ਕਤਲ ਕਰ ਦਿੱਤਾ ਜਾਂਦਾ ਹੈ। ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਪਾਕਿਸਤਾਨ ਵਿਚ ਨਵੀਂ ਬਣੀ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਸਿੱਖਾਂ ਦੀ ਜਾਨ-ਮਾਲ ਦੀ ਰਾਖੀ ਯਕੀਨੀ ਬਣਾਵੇ। ਭਾਜਪਾ ਆਗੂ ਸਰਚਾਂਦ ਸਿੰਘ ਨੇ ਦੋ ਸਿੱਖਾਂ ਦੀ ਹੱਤਿਆ ਨੂੰ ‘ਟਾਰਗੈਟ ਕਿਲਿੰਗ’ ਕਰਾਰ ਦਿੱਤਾ ਹੈ। ਉਨ੍ਹਾਂ ਕੇਂਦਰੀ ਵਿਦੇਸ਼ ਮੰਤਰੀ ਨੂੰ ਪੱਤਰ ਭੇਜ ਕੇ ਪਾਕਿਸਤਾਨ ਵਿਚ ਵਸਦੇ ਘੱਟ ਗਿਣਤੀ ਸਿੱਖਾਂ ਅਤੇ ਹਿੰਦੂਆਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਅਪੀਲ ਕੀਤੀ ਹੈ।
ਭਾਰਤ ਨੇ ਪਾਕਿਸਤਾਨ ਕੋਲ ਰੋਸ ਦਰਜ ਕਰਵਾਇਆ
ਨਵੀਂ ਦਿੱਲੀ: ਭਾਰਤ ਨੇ ਖੈਬਰ ਪਖਤੂਨਖਵਾ ਸੂਬੇ ’ਚ ਦੋ ਸਿੱਖ ਕਾਰੋਬਾਰੀਆਂ ਦੀ ਹੱਤਿਆ ਦੀ ਜਾਂਚ ਸੰਜੀਦਗੀ ਨਾਲ ਕਰਨ ਲਈ ਪਾਕਿਸਤਾਨ ਨੂੰ ਆਖਦਿਆਂ ਮੰਗ ਕੀਤੀ ਹੈ ਕਿ ਇਸ ਕਾਰੇ ਲਈ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਵਿਦੇਸ਼ ਮੰਤਰਾਲੇ ਦੇ ਤਰਜਮਾਨ ਅਰਿੰਦਮ ਬਾਗਚੀ ਨੇ ਕਿਹਾ ਕਿ ਭਾਰਤ ਨੇ ਘੱਟ ਗਿਣਤੀ ਭਾਈਚਾਰੇ ਦੇ ਮੈਂਬਰਾਂ ਨੂੰ ਲਗਾਤਾਰ ਨਿਸ਼ਾਨਾ ਬਣਾਉਣ ’ਤੇ ਪਾਕਿਸਤਾਨ ਕੋਲ ਤਿੱਖਾ ਰੋਸ ਦਰਜ ਕਰਵਾਇਆ ਹੈ। ਬਾਗਚੀ ਨੇ ਕਿਹਾ ਕਿ ਭਾਰਤ ਆਸ ਕਰਦਾ ਹੈ ਕਿ ਪਾਕਿਸਤਾਨ ਸਰਕਾਰ ਆਪਣੇ ਘੱਟ ਗਿਣਤੀਆਂ ਦੀ ਸੁਰੱਖਿਆ ਅਤੇ ਉਨ੍ਹਾਂ ਦੀ ਸਲਾਮਤੀ ਲਈ ਕਦਮ ਉਠਾਏਗੀ। -ਪੀਟੀਆਈ
ਸਿੱਖਾਂ ਦੀ ਹੱਤਿਆ ਦੀ ਅਕਾਲ ਤਖਤ ਦੇ ਜਥੇਦਾਰ ਵੱਲੋਂ ਨਿੰਦਾ
ਅੰਮ੍ਰਿਤਸਰ (ਟਨਸ): ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪਾਕਿਸਤਾਨ ਦੇ ਪਿਸ਼ਾਵਰ ਵਿਚ ਦੋ ਸਿੱਖਾਂ ਦੀ ਹੱਤਿਆ ਦੀ ਸਖ਼ਤ ਨਿੰਦਾ ਕਰਦਿਆਂ ਇਸ ਨੂੰ ‘ਟਾਰਗੇਟ ਕਿਲਿੰਗ’ ਦੱਸਿਆ ਹੈ। ਉਨ੍ਹਾਂ ਪਾਕਿਸਤਾਨ ਸਰਕਾਰ ਨੂੰ ਆਖਿਆ ਕਿ ਇਸ ਘਟਨਾ ਦੀ ਬਾਰੀਕੀ ਨਾਲ ਜਾਂਚ ਕਰਾਈ ਜਾਵੇ ਤਾਂ ਜੋ ਇਹ ਪਤਾ ਲੱਗ ਸਕੇ ਕਿ ਕਿਹੜੀਆਂ ਤਾਕਤਾਂ ਪਾਕਿਸਤਾਨ ਵਿਚ ਸਿੱਖਾਂ ਨੂੰ ਨਿਸ਼ਾਨਾ ਬਣਾ ਰਹੀਆਂ ਹਨ। ਉਨ੍ਹਾਂ ਮਾਰੇ ਗਏ ਸਿੱਖਾਂ ਦੇ ਪਰਿਵਾਰਾਂ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਦੱਸਿਆ ਕਿ ਇਸ ਸਬੰਧ ਵਿਚ ਉਨ੍ਹਾਂ ਪਿਸ਼ਾਵਰ ਦੇ ਸਿੱਖਾਂ ਅਤੇ ਪੀਐੱਸਜੀਪੀਸੀ ਦੇ ਪ੍ਰਧਾਨ ਨਾਲ ਵੀ ਗੱਲਬਾਤ ਕੀਤੀ ਹੈ। ਉਨ੍ਹਾਂ ਕਿਹਾ ਕਿ ਪਿਸ਼ਾਵਰ ਵਿਚ ਸਿੱਖਾਂ ਨੂੰ ਨਿਸ਼ਾਨਾ ਬਣਾ ਕੇ ਪਹਿਲਾਂ ਵੀ ਟਾਰਗੈਟ ਕਿਲਿੰਗ ਹੋ ਚੁੱਕੀਆਂ ਹਨ ਅਤੇ ਸਿੱਖ ਭਾਈਚਾਰੇ ਵਿਚ ਸਹਿਮ ਦਾ ਮਾਹੌਲ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਬਾਰੀਕੀ ਨਾਲ ਜਾਂਚ ਹੋਣੀ ਚਾਹੀਦੀ ਹੈ।
ਭਗਵੰਤ ਮਾਨ, ਕੈਪਟਨ ਅਤੇ ਸੁਖਬੀਰ ਨੇ ਸਿੱਖਾਂ ਦੀ ਹੱਤਿਆ ਦੀ ਕੀਤੀ ਨਿਖੇਧੀ
ਚੰਡੀਗੜ੍ਹ: ਪਾਕਿਸਤਾਨ ’ਚ ਦੋ ਸਿੱਖ ਕਾਰੋਬਾਰੀਆਂ ਦੀ ਹੱਤਿਆ ਦੀ ਭਾਰਤ ’ਚ ਤਿੱਖੀ ਆਲੋਚਨਾ ਕੀਤੀ ਗਈ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੂੰ ਕਿਹਾ ਹੈ ਕਿ ਉਹ ਪਾਕਿਸਤਾਨ ’ਚ ਰਹਿੰਦੇ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਦੀ ਸੁਰੱਖਿਆ ਦਾ ਮੁੱਦਾ ਗੁਆਂਢੀ ਮੁਲਕ ਦੀ ਸਰਕਾਰ ਕੋਲ ਉਠਾਉਣ। ਅਜਿਹੀ ਮੰਗ ਕਰਦਿਆਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੋਸ਼ ਲਾਇਆ ਕਿ ਪਾਕਿਸਤਾਨ ਸਰਕਾਰ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਸਿਰਫ਼ ਦਾਅਵੇ ਕਰਦੀ ਹੈ ਪਰ ਉਨ੍ਹਾਂ ਨੂੰ ਅਮਲ ’ਚ ਨਹੀਂ ਲਿਆਉਂਦੀ ਹੈ। ਉਨ੍ਹਾਂ ਪ੍ਰਧਾਨ ਮੰਤਰੀ ਦਫ਼ਤਰ ਨੂੰ ਇਸ ਘਟਨਾ ਦਾ ਗੰਭੀਰ ਨੋਟਿਸ ਲੈਣ ਲਈ ਕਿਹਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੀੜਤ ਪਰਿਵਾਰਾਂ ਨੂੰ ਤੁਰੰਤ ਇਨਸਾਫ਼ ਮਿਲਣਾ ਚਾਹੀਦਾ ਹੈ। -ਪੀਟੀਆਈ