ਨਵੀਂ ਦਿੱਲੀ, 17 ਮਈ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਹੈ ਕਿ ਇਸ ਦਹਾਕੇ ਦੇ ਅੰਤ ਤੱਕ ਦੇਸ਼ ਵਿਚ 6ਜੀ ਸੇਵਾ ਨੂੰ ਸ਼ੁਰੂ ਕਰਨ ਲਈ ਸਰਕਾਰ ਵੱਲੋਂ ਕੋਸ਼ਿਸ਼ਾਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ ਅਤੇ ਅਗਲੇ ਕੁਝ ਮਹੀਨਿਆਂ ਵਿੱਚ 5ਜੀ ਸੇਵਾ ਸ਼ੁਰੂ ਹੋਣ ਵਾਲੀ ਹੈ।
ਵੀਡੀਓ ਕਾਨਫਰੰਸ ਰਾਹੀਂ ਟੈਲੀਕਾਮ ਰੈਗੂਲੇਟਰੀ ਅਥਾਰਟੀ ਆਫ਼ ਇੰਡੀਆ (ਟਰਾਈ) ਦੇ ਸਿਲਵਰ ਜੁਬਲੀ ਸਮਾਰੋਹ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨੇ ਇਹ ਵੀ ਕਿਹਾ ਕਿ 5ਜੀ ਅਗਲੇ ਡੇਢ ਦਹਾਕੇ ਵਿੱਚ ਦੇਸ਼ ਦੀ ਆਰਥਿਕਤਾ ਵਿੱਚ 450 ਅਰਬ ਡਾਲਰ ਦਾ ਯੋਗਦਾਨ ਪਾਏਗੀ ਅਤੇ ਇਸ ਨਾਲ ਦੇਸ਼ ਦੀ ਤਰੱਕੀ ਤਾਂ ਹੋਵੇਗੀ ਹੀ ਸਗੋਂ ਰੁਜ਼ਗਾਰ ਦੇ ਮੌਕੇ ਵੀ ਪੈਦਾ ਹੋਣਗੇ।