ਪੰਜਾਬੀ ਟ੍ਰਿਬਿਊਨ ਵੈੱਸ ਡੈੱਸਕ
ਚੰਡੀਗੜ੍ਹ, 20 ਮਈ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਭਰ ਦੇ ਲੋਕਾਂ ਨੂੰ ਮੁਫ਼ਤ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਤਹਿਤ ਪਹਿਲੇ ਪੜਾਅ ਵਿੱਚ 75 ਮੁਹੱਲਾ ਕਲੀਨਿਕ ਸਥਾਪਤ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਪਹਿਲਾ ਪੜਾਅ 15 ਅਗਸਤ ਨੂੰ ਆਜ਼ਾਦੀ ਦੀ 75ਵੀਂ ਵਰ੍ਹੇਗੰਢ ’ਤੇ ਸ਼ੁਰੂ ਕੀਤਾ ਜਾਵੇਗਾ।
ਅੱਜ ਦੁਪਹਿਰ ਇੱਥੇ ਆਪਣੇ ਸਰਕਾਰੀ ਨਿਵਾਸ ਸਥਾਨ ‘ਤੇ ਸੀਨੀਅਰ ਅਧਿਕਾਰੀਆਂ ਦੀ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਿੱਲੀ ਦੀ ਤਰਜ਼ ‘ਤੇ ਪੜਾਅਵਾਰ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਇਨ੍ਹਾਂ ਕਲੀਨਿਕਾਂ ਦੀ ਸਥਾਪਨਾ ਕਰਕੇ ਵੱਡੇ ਚੋਣ ਵਾਅਦੇ ਨੂੰ ਪੂਰਾ ਕਰੇਗੀ। ਮੀਟਿੰਗ ਵਿੱਚ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਵਿਜੇ ਸਿੰਗਲਾ ਵੀ ਸ਼ਾਮਲ ਹੋਏ।