ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ
ਚੰਡੀਗੜ੍ਹ, 25 ਮਈ
ਪੰਜਾਬ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਵਿਭਾਗ ਵੱਲੋਂ ਰਜਿਸਟ੍ਰੇਸ਼ਨ ਅਤੇ ਸਟੈਂਪ ਡਿਊਟੀ ਤੋਂ ਪਿਛਲੇ ਸਾਲ ਦੇ ਮੁਕਾਬਲੇ ਅਪਰੈਲ 2022 ਵਿੱਚ ਮਾਲੀਏ ਵਿੱਚ 30.45 ਫ਼ੀਸਦੀ ਵਾਧਾ ਦਰਜ ਕੀਤਾ ਗਿਆ ਹੈ। ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਵਿਭਾਗ ਨੇ 1 ਤੋਂ 30 ਅਪਰੈਲ, 2022 ਤੱਕ ਰਜਿਸਟ੍ਰੇਸ਼ਨ ਅਤੇ ਸਟੈਂਪ ਡਿਊਟੀ ਤੋਂ 352.62 ਕਰੋੜ ਰੁਪਏ ਤੋਂ ਵੱਧ ਰਾਸ਼ੀ ਜੁਟਾਈ ਹੈ, ਜਦੋਂਕਿ ਪਿਛਲੇ ਸਾਲ ਇਸ ਮਹੀਨੇ ਦੌਰਾਨ 270.31 ਕਰੋੜ ਰੁਪਏ ਇਕੱਤਰ ਹੋਏ ਸਨ। ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲਾਗੂ ਕੀਤੀਆਂ ਗਈਆਂ ਲੋਕ-ਪੱਖੀ ਨੀਤੀਆਂ ਸਦਕਾ ਇਹ ਵਾਧਾ ਦਰਜ ਕੀਤਾ ਗਿਆ ਹੈ। ਸ੍ਰੀ ਜਿੰਪਾ ਨੇ ਕਿਹਾ ਕਿ ਸਰਕਾਰ ਦੀ ਵਾਗਡੋਰ ਸੰਭਾਲਣ ਉਪਰੰਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸਪੱਸ਼ਟ ਸੰਦੇਸ਼ ਦਿੱਤਾ ਹੈ ਕਿ ਭ੍ਰਿਸ਼ਟਾਚਾਰ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਹ ਸਪੱਸ਼ਟ ਸੰਦੇਸ਼ ਇਸ ਸਰਕਾਰ ਦੇ ਮਾਲੀਏ ਵਿੱਚ ਵਾਧੇ ਦਾ ਆਧਾਰ ਬਣਿਆ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਸਰਕਾਰ ਦੇ ਕਾਰਜਕਾਲ ਦੌਰਾਨ ਮਾਲੀਏ ਵਿੱਚ ਹੋਏ ਵਾਧੇ ਦੀ ਵਰਤੋਂ ਸੂਬੇ ਦੇ ਸਰਬਪੱਖੀ ਵਿਕਾਸ ਲਈ ਕੀਤੀ ਜਾਵੇਗੀ।