ਸਿੰਗਾਪੁਰ, 27 ਮਈ
ਸਿੰਗਾਪੁਰ ਅਦਾਲਤ ਨੇ ਨਸ਼ਾ ਤਸਕਰੀ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤੇ ਗਏ ਭਾਰਤੀ ਮੂਲ ਦੇ ਦੋ ਵਿਅਕਤੀਆਂ ਨੂੰ ਬਰੀ ਕਰ ਦਿੱਤਾ ਹੈ। ਇਨ੍ਹਾਂ ’ਚੋਂ ਇੱਕ ਨੂੰ ਮੌਤ ਦੀ ਸਜ਼ਾ ਸੁਣਾਈ ਗਈ ਸੀ। ਸਿੰਗਾਪੁਰ ਬ੍ਰਾਡਸ਼ੀਟ ਦੀ ਰਿਪੋਰਟ ਅਨੁਸਾਰ ਸ਼ੁੱਕਰਵਾਰ ਨੂੰ ਅਦਾਲਤ ਨੇ ਦੋਹਾਂ ਦੀਆਂ ਅਪੀਲਾਂ ਨੂੰ ਸਵੀਕਾਰ ਕਰ ਲਿਆ ਅਤੇ ਉਨ੍ਹਾਂ ਦੀ ਸਜ਼ਾ ਪਲਟ ਦਿੱਤੀ। ਜਾਣਕਾਰੀ ਅਨੁਸਾਰ ਚੀਫ ਜਸਟਿਸ ਸੁੰਦਰੇਸ਼ ਮੈਨਨ ਦੀ ਅਗਵਾਈ ਵਾਲੇ ਬੈਂਚ ਨੇ ਭਾਰਤੀ ਮੂਲ ਦੇ ਸਿੰਗਾਪੁਰ ਵਾਸੀ ਰਾਜ ਕੁਮਾਰ (40) ਵੱਲੋਂ ਮੌਤ ਦੀ ਸਜ਼ਾ ਖ਼ਿਲਾਫ਼ ਪਾਈ ਗਈ ਅਪੀਲ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸੇ ਤਰ੍ਹਾਂ ਅਦਾਲਤ ਨੇ ਭਾਰਤੀ ਮੂਲ ਦੇ ਮਲੇਸ਼ੀਆ ਵਾਸੀ ਰਾਮਦਾਸ ਪੁੰਨੂਸਾਮੀ (41) ਵੱਲੋਂ ਉਮਰ ਕੈਦ ਖ਼ਿਲਾਫ਼ ਪਾਈ ਗਈ ਅਪੀਲ ਨੂੰ ਵੀ ਸਵੀਕਾਰ ਕਰ ਲਿਆ ਹੈ। ਇਨ੍ਹਾਂ ਦੋਹਾਂ ਨੂੰ 2020 ਵਿੱਚ ਹਾਈ ਕੋਰਟ ਨੇ ਦੋਸ਼ੀ ਕਰਾਰ ਦਿੱਤਾ ਸੀ। -ਪੀਟੀਆਈ