ਬੀਐੱਸ ਚਾਨਾ
ਕੀਰਤਪੁਰ ਸਾਹਿਬ, 1 ਜੂਨ
ਪੰਜਾਬੀ ਗਾਇਕੀ ਦੇ ਖੇਤਰ ਵਿੱਚ ਦੇਸ਼ਾਂ ਵਿਦੇਸ਼ਾਂ ਵਿੱਚ ਧੁੰਮਾਂ ਪਾਉਣ ਵਾਲਾ ਲੋਕ ਗਾਇਕ ਸਿੱਧੂ ਮੂਸੇਵਾਲਾ ਦੀਆਂ ਅਸਥੀਆਂ ਪਰਿਵਾਰਕ ਮੈਂਬਰਾਂ ਵੱਲੋਂ ਕੀਰਤਪੁਰ ਸਾਹਿਬ ਦੇ ਗੁਰਦੁਆਰਾ ਪਤਾਲਪੁਰੀ ਸਾਹਿਬ ਦੇ ਨਜ਼ਦੀਕ ਸਤਲੁਜ ਦਰਿਆ ’ਤੇ ਬਣੇ ਅਸਥਘਾਟ ’ਤੇ ਜਲ ਪ੍ਰਵਾਹ ਕਰ ਦਿੱਤੀਆਂ ਗਈਆਂ। ਇਸ ਮੌਕੇ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ, ਮਾਤਾ ਚਰਨ ਕੌਰ ਸਿੱਧੂ ਦੇ ਤਾਇਆ ਚਮਕੌਰ ਸਿੰਘ, ਕਾਂਗਰਸ ਪਾਰਟੀ ਦੇ ਪ੍ਰਧਾਨ ਰਾਜਾ ਵੜਿੰਗ, ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਬੁਲਾਰੇ ਡਾ. ਦਲਜੀਤ ਸਿੰਘ ਚੀਮਾ, ਸਾਬਕਾ ਵਿਧਾਇਕ ਕੁਲਬੀਰ ਜ਼ੀਰਾ, ਸਾਬਕਾ ਵਿਧਾਇਕ ਦਰਸ਼ਨ ਬਰਾੜ, ਕੈਪਟਨ ਸੰਦੀਪ ਸੰਧੂ, ਨਾਮੀ ਗੀਤਕਾਰ ਗਿੱਲ ਰੌਂਤਾ, ਹਰਫ ਚੀਮਾ ਸਮੇਤ ਵੱਡੀ ਗਿਣਤੀ ਦੇ ਵਿੱਚ ਸਿੱਧੂ ਮੂਸੇਵਾਲਾ ਨੂੰ ਚਾਹੁਣ ਵਾਲੇ ਲੋਕ ਅੱਜ ਪਰਿਵਾਰ ਦੇ ਨਾਲ ਕੀਰਤਪੁਰ ਸਾਹਿਬ ਵਿਖੇ ਪੁੱਜੇ। ਗੁਰੂ ਚਰਨਾਂ ਦੇ ਵਿਚ ਅਰਦਾਸ ਕਰਨ ਉਪਰੰਤ ਸਿੱਧੂ ਮੂਸੇਵਾਲਾ ਦੀਆਂ ਅਸਥੀਆਂ ਜਲ ਪ੍ਰਵਾਹ ਕੀਤੀਆਂ ਗਈਆਂ।
ਸਿੱਧੂ ਮੂਸੇਵਾਲਾ ਦੇ ਪਿਤਾ ਨੇ ਬੇਹੱਦ ਭਾਵੁਕ ਹੁੰਦਿਆਂ ਉਸ ਕੱਪੜੇ ਨੂੰ ਚੁੰਮਿਆ, ਜਿਸ ਕੱਪੜੇ ਵਿਚ ਸਿੱਧੂ ਦੀਆ ਅਸਥੀਆਂ ਸਨ। ਇਸ ਤੋਂ ਬਾਅਦ ਸਤਲੁਜ ਦੇ ਪਾਣੀ ਦੇ ਵਿੱਚ ਇਹ ਅਸਥੀਆਂ ਜਲ ਪ੍ਰਵਾਹ ਕੀਤੀਆਂ। ਸਿੱਧੂ ਮੁਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਅਸਥੀਆਂ ਜਲ ਪ੍ਰਵਾਹ ਕਰਨ ਤੋਂ ਬਾਅਦ ਹੱਥ ਜੋੜ ਕੇ ਸਿੱਧੂ ਨੂੰ ਚਾਹੁੰਣ ਵਾਲੇ ਲੋਕਾਂ ਦਾ ਇਸ ਦੁੱਖ ਦੀ ਘੜੀ ਵਿੱਚ ਉਨ੍ਹਾਂ ਦਾ ਸਾਥ ਦੇਣ ਦੇ ਲਈ ਧੰਨਵਾਦ ਕੀਤਾ। ਅਸਥੀਆਂ ਜਲ ਪ੍ਰਵਾਹ ਕਰਨ ਤੋਂ ਬਾਅਦ ਜਦੋਂ ਸਾਰੇ ਗੁਰਦੁਆਰਾ ਪਤਾਲਪੁਰੀ ਸਾਹਿਬ ਵਿਖੇ ਮੱਥਾ ਟੇਕਣ ਦੀ ਜਾ ਰਹੇ ਸਨ ਤਾਂ ਉਸ ਸਮੇਂ ਸਿੱਧੂ ਮੂਸੇਵਾਲਾ ਦੀ ਮਾਤਾ ਚੰਨ ਕੌਰ ਬੇਹੋਸ਼ ਹੋ ਗਈ ਅਤੇ ਡਾਕਟਰਾਂ ਨੇ ਤੁਰੰਤ ਉਨ੍ਹਾਂ ਨੂੰ ਮੁਢਲੀ ਸਹਾਇਤਾ ਦਿੱਤੀ, ਜਿਸ ਤੋਂ ਬਾਅਦ ਉਹ ਠੀਕ ਹੋ ਗਏ।