ਗੁਰਦੀਪ ਸਿੰਘ ਲਾਲੀ
ਸੰਗਰੂਰ, 1 ਜੂਨ
22 ਦਿਨਾਂ ਤੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕੋਠੀ ਅੱਗੇ ਪੱਕੇ ਰੋਸ ਧਰਨੇ ’ਤੇ ਬੈਠੇ ਪੰਜਾਬ ਪੁਲੀਸ ਭਰਤੀ ਉਮੀਦਵਾਰਾਂ ਵਿਚੋਂ ਸੱਤ ਕੁੜੀਆਂ ਅੱਜ ਸਵੇਰੇ ਇੱਥੇ ਹਰੀਪੁਰਾ ਰੋਡ ਤੇ ਕਰੀਬ ਸੌ ਫੁੱਟ ਉੱਚੀ ਪਾਣੀ ਵਾਲੀ ਟੈਂਕੀ ’ਤੇ ਚੜ੍ਹ ਗਈਆਂ ਅਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਸਾਥੀ ਉਮੀਦਵਾਰਾਂ ਨੇ ਹੇਠਾਂ ਧਰਨਾ ਲਗਾ ਦਿੱਤਾ ਹੈ। ਪ੍ਰਦਰਸ਼ਨਕਾਰੀ ਮੰਗ ਕਰ ਰਹੇ ਹਨ ਕਿ ਸਾਲ 2016 ਤੋਂ ਲਟਕ ਰਹੀ ਭਰਤੀ ਮੁਕੰਮਲ ਕਰਕੇ ਤੁਰੰਤ ਨਿਯੁਕਤੀ ਪੱਤਰ ਸੌਂਪੇ ਜਾਣ। ਸੂਬਾ ਆਗੂ ਜਗਦੀਪ ਸਿੰਘ ਨੇ ਕਿਹਾ ਕਿ ਭਰਤੀ ਲਈ ਮੈਡੀਕਲ ਤੇ ਵੈਰੀਫਿਕੇਸ਼ਨ ਹੋ ਚੁੱਕੀ ਹੈ ਪਰ ਨਿਯੁਕਤੀ ਪੱਤਰ ਨਹੀਂ ਦਿੱਤੇ ਜਾ ਰਹੇ। ਮੁੱਖ ਮੰਤਰੀ ਨੇ ਮਹੀਨੇ ’ਚ ਮਸਲਾ ਹੱਲ ਕਰਨ ਦਾ ਭਰੋਸਾ ਦਿੱਤਾ ਸੀ ਤੇ 9 ਮਈ ਨੂੰ ਭਰੋਸੇ ਦੀ ਮਿਆਦ ਵੀ ਲੰਘ ਚੁੱਕੀ ਹੈ, ਜਿਸ ਤੋਂ ਖ਼ਫ਼ਾ ਉਮੀਦਵਾਰ 10 ਮਈ ਤੋਂ ਮੁੱਖ ਮੰਤਰੀ ਦੀ ਕੋਠੀ ਅੱਗੇ ਪੱਕੇ ਮੋਰਚੇ ਤੇ ਬੈਠੇ ਹਨ।