ਦਵਿੰਦਰ ਸਿੰਘ ਭੰਗੂ
ਰਈਆ, 6 ਜੂਨ
ਦਮਦਮੀ ਟਕਸਾਲ ਦੇ 14ਵੇਂ ਮੁਖੀ ਤੇ ਸ਼ਹੀਦ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਅਤੇ ਜੂਨ ’84 ਦੇ ਘੱਲੂਘਾਰੇ ਦੇ ਸਮੂਹ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਸ਼ਹੀਦੀ ਸਮਾਗਮ ਦਮਦਮੀ ਟਕਸਾਲ ਦੇ ਹੈੱਡ ਕੁਆਰਟਰ ਗੁਰਦੁਆਰਾ ਗੁਰ ਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਸ਼ਰਧਾ ਨਾਲ ਮਨਾਇਆ ਗਿਆ। ਸ਼ਹੀਦੀ ਸਮਾਗਮ ਵਿਚ ਧਾਰਮਿਕ ਅਤੇ ਸਿਆਸੀ ਸ਼ਖ਼ਸੀਅਤਾਂ ਤੋਂ ਇਲਾਵਾ ਵੱਡੀ ਗਿਣਤੀ ਸੰਗਤਾਂ ਵੱਲੋਂ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖ਼ਾਲਸਾ ਨੇ ਮੁਖਵਾਕ ਦੀ ਕਥਾ ਦੌਰਾਨ ਜੂਨ ’84 ਦੇ ਸਮੂਹ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਕੌਮ ਖ਼ਾਤਰ ਲੰਮੀਆਂ ਜੇਲ੍ਹਾਂ ਕੱਟਣ ਵਾਲੇ 13 ਬੰਦੀ ਸਿੰਘਾਂ ਨੂੰ ਬੰਦੀ ਸਿੰਘ ਕੌਮੀ ਯੋਧਾ ਐਵਾਰਡ ਗੋਲਡ ਮੈਡਲ ਅਤੇ ਸਿਰੋਪਾਉ ਨਾਲ ਸੰਤ ਹਰਨਾਮ ਸਿੰਘ ਖ਼ਾਲਸਾ ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਭਾਈ ਅਰਜਿੰਦਰ ਸਿੰਘ ਯੂ ਕੇ, ਭਾਈ ਮਨਜੀਤ ਸਿੰਘ ਯੂ ਕੇ, ਭਾਈ ਲਾਲ ਸਿੰਘ, ਭਾਈ ਦਇਆ ਸਿੰਘ ਲਹੌਰੀਆ, ਭਾਈ ਹਰਨੇਕ ਸਿੰਘ ਭੱਪ ਨੇ ਖ਼ੁਦ ਅਤੇ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ, ਭਾਈ ਬਲਵੰਤ ਸਿੰਘ ਰਾਜੋਆਣਾ, ਭਾਈ ਜਗਤਾਰ ਸਿੰਘ ਹਵਾਰਾ, ਭਾਈ ਜਗਤਾਰ ਸਿੰਘ ਤਾਰਾ, ਭਾਈ ਪਰਮਜੀਤ ਸਿੰਘ ਭਿਓਰਾ, ਭਾਈ ਗੁਰਮੀਤ ਸਿੰਘ, ਭਾਈ ਗੁਰਦੀਪ ਸਿੰਘ ਖੇੜਾ, ਭਾਈ ਲਖਵਿੰਦਰ ਸਿੰਘ, ਭਾਈ ਸ਼ਮਸ਼ੇਰ ਸਿੰਘ ਦੇ ਪਰਿਵਾਰਕ ਮੈਂਬਰਾਂ ਵੱਲੋਂ ਅਵਾਰਡ ਹਾਸਲ ਕੀਤੇ ਗਏ।