ਜੋਗਿੰਦਰ ਸਿੰਘ ਮਾਨ
ਮਾਨਸਾ, 7 ਜੂਨ
ਪੰਜਾਬ ਰੋਡਵੇਜ਼,ਪਨਬੱਸ, ਪੀਆਰਟੀਸੀ ਦੇ ਕੱਚੇ ਮੁਲਾਜ਼ਮਾਂ ਵੱਲੋਂ 8 ਜੂਨ ਤੋਂ ਲਗਾਤਾਰ ਤਿੰਨ ਦਿਨਾਂ ਲਈ ਚੱਕਾ ਜਾਮ ਕਰਨ ਦਾ ਅੰਦੋਲਨ ਮੁਲਤਵੀ ਕਰ ਦਿੱਤਾ ਗਿਆ ਹੈ। ਮਾਨਸਾ ਜ਼ਿਲ੍ਹਾ ਦੇ ਬੁਢਲਾਡਾ ਸਥਿਤ ਪੀਆਰਟੀਸੀ ਦੇ ਪ੍ਰਧਾਨ ਗੁਰਸੇਵਕ ਸਿੰਘ ਨੇ ਦੱਸਿਆ ਕਿ ਰੋਡਵੇਜ਼ ਦੇ ਕੱਚੇ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਪੰਜਾਬ ਸਰਕਾਰ ਦੀ ਟਾਲ-ਮਟੋਲ ਨੀਤੀ ਦੇ ਵਿਰੋਧ ਵਿੱਚ 8, 9 ਅਤੇ 10 ਜੂਨ ਬੱਸਾਂ ਦਾ ਮੁਕੰਮਲ ਚੱਕਾ ਜਾਮ ਕਰਕੇ 9 ਜੂਨ ਪੰਜਾਬ ਦੇ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਸੂਬਾ ਪੱਧਰੀ ਰੋਸ ਧਰਨਾ ਦੇਣ ਦਾ ਐਲਾਨ ਕੀਤਾ ਗਿਆ ਸੀ। ਜਥੇਬੰਦੀ ਸੂਬਾਈ ਬਾਡੀ ਅਨੁਸਾਰ ਹੁਣ ਮੁੱਖ ਮੰਤਰੀ ਵੱਲੋਂ ਮੁੱਖ ਸਕੱਤਰ ਪੰਜਾਬ ਨੂੰ ਆਊਟਸੋਰਸ ਮੁਲਾਜ਼ਮਾਂ ਨੂੰ ਕੰਟਰੈਕਟ ’ਤੇ ਕਰਨ ਅਤੇ ਕੰਟਰੈਕਟ ਵਾਲੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਸਬੰਧੀ ਜਥੇਬੰਦੀ ਨਾਲ ਮੀਟਿੰਗ ਕਰਵਾਉਣ ਦੀ ਸਹਿਮਤੀ ਪ੍ਰਗਟਾਉਣ ਕਰਕੇ ਹੁਣ 8, 9, 10 ਜੂਨ ਦਾ ਚੱਕਾ ਜਾਮ ਅਤੇ ਹੜਤਾਲ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜੇ ਅਜੇ ਵੀ ਸਰਕਾਰ ਦੀ ਟਾਲ-ਮਟੋਲ ਵਾਲੀ ਨੀਤੀ ਜਾਰੀ ਰਹੀ ਤਾਂ ਮੁੜ ਨਵੇਂ ਸਿਰੇ ਤੋਂ ਸੰਘਰਸ਼ ਸ਼ੁਰੂ ਕੀਤਾ ਜਾਵੇਗਾ।