ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 10 ਜੂਨ
ਮੁੱਖ ਮੰਤਰੀ ਭਗਵੰਤ ਮਾਨ ਨੇ ਮੋਗਾ ਸ਼ਹਿਰ ਦੀ ਜੰਮਪਲ ਹਰਮਨਪ੍ਰੀਤ ਕੌਰ ਨੂੰ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨ ਚੁਣੇ ਜਾਣ ’ਤੇ ਵਧਾਈ ਦਿੱਤੀ ਹੈ| ਉਨ੍ਹਾਂ ਟਵੀਟ ਕਰ ਕੇ ਕਿਹਾ, ‘ਮਿਹਨਤ ਜਾਰੀ ਰੱਖੋ.. ਆਪਣੀ ਖੇਡ ਪ੍ਰਤਿਭਾ ਨਾਲ ਦੇਸ਼ ਸਮੇਤ ਪੰਜਾਬ ਦਾ ਨਾਂਅ ਦੁਨੀਆ ਭਰ ਵਿਚ ਬੁਲੰਦੀਆਂ ’ਤੇ ਲੈ ਕੇ ਜਾਓ, ਮੇਰੇ ਵੱਲੋਂ ਸ਼ੁੱਭ ਕਾਮਨਾਵਾਂ|’ ਇਸ ਤੋਂ ਇਲਾਵਾ ਅੱਜ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਮੋਗਾ (ਪੰਜਾਬ) ਦੀ ਧੀ ਹਰਮਨਪ੍ਰੀਤ ਕੌਰ ਦੇ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨ ਚੁਣੇ ਜਾਣ ’ਤੇ ਖ਼ੁਸ਼ੀ ਜ਼ਾਹਿਰ ਕਰਦਿਆਂ ਉਸ ਦੇ ਪਰਿਵਾਰ ਨੂੰ ਮੁਬਾਰਕਬਾਦ ਦਿੱਤੀ ਹੈ| ਉਨ੍ਹਾਂ ਕਿਹਾ ਕਿ ਹਰਮਨਪ੍ਰੀਤ ਕੌਰ ਨੇ ਆਪਣੇ ਮਾਪਿਆਂ ਅਤੇ ਸਮੁੱਚੇ ਪੰਜਾਬੀਆਂ ਦਾ ਨਾਮ ਰੌਸ਼ਨ ਕੀਤਾ ਹੈ|