ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 12 ਜੂਨ
ਸੂਬੇ ’ਚ ਫੈਲੇ ਟਰਾਂਸਪੋਰਟ ਮਾਫੀਆ ਨੂੰ ਖ਼ਤਮ ਕਰਨ ਲਈ ਸੂਬਾ ਸਰਕਾਰ ਪੰਜਾਬ ਤੋਂ ਦਿੱਲੀ ਹਵਾਈ ਅੱਡੇ ਤੱਕ ਵੋਲਵੋ ਬੱਸਾਂ ਸ਼ੁਰੂ ਕਰਨ ਜਾ ਰਹੀ ਹੈ। ਇਹ ਸੇਵਾ 15 ਜੂਨ ਤੋਂ ਆਰੰਭੀ ਜਾਵੇਗੀ ਤੇ ਇਸ ਸਬੰਧੀ ਜਲੰਧਰ ਵਿੱਚ ਰੱਖੇ ਗਏ ਸਮਾਗਮ ਵਿੱਚ ਸ਼ਮੂਲੀਅਤ ਕਰਨ ਲਈ ‘ਆਪ’ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਪੰਜਾਬ ਪਹੁੰਚ ਰਹੇ ਹਨ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਣੇ ਪੰਜਾਬ ਕੈਬਨਿਟ ਦੇ ਹੋਰ ਮੰਤਰੀ ਵੀ ਹਾਜ਼ਰ ਰਹਿਣਗੇ। ਪਿਛਲੇ ਲੰਮੇ ਸਮੇਂ ਤੋਂ ਪੰਜਾਬ ਤੋਂ ਦਿੱਲੀ ਹਵਾਈ ਅੱਡੇ ਤੱਕ ਪੰਜਾਬ ਦੀ ਸਰਕਾਰੀ ਵੋਲਵੋ ਬੱਸ ਸਰਵਿਸ ਬੰਦ ਪਈ ਸੀ। ਮੁੱਖ ਮੰਤਰੀ ਨੇ ਪਿਛਲੇ ਦਿਨੀਂ ਇਹ ਬੱਸ ਸਰਵਿਸ ਮੁੜ ਸ਼ੁਰੂ ਕਰਨ ਦਾ ਐਲਾਨ ਕੀਤਾ ਸੀ। ਉਨ੍ਹਾਂ ਕਿਹਾ ਸੀ ਕਿ ਸਰਕਾਰੀ ਵੋਲਵੋ ਬੱਸਾਂ ’ਚ ਕਿਰਾਇਆ ਨਿੱਜੀ ਬੱਸਾਂ ਨਾਲੋਂ ਘੱਟ ਹੋਵੇਗਾ ਤੇ ਸਹੂਲਤਾਂ ਵੱਧ ਦਿੱਤੀਆਂ ਜਾਣਗੀਆਂ।