ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 14 ਜੂਨ
ਸੰਯੁਕਤ ਕਿਸਾਨ ਮੋਰਚੇ ਨਾਲ ਸਬੰਧਤ ਪੰਜਾਬ ਦੀਆਂ 22 ਕਿਸਾਨ ਜਥੇਬੰਦੀਆਂ ਨੇ ਮੂੰਗੀ ਅਤੇ ਮੱਕੀ ਦੀ ਸਰਕਾਰੀ ਖਰੀਦ ਸਹੀ ਢੰਗ ਨਾਲ ਨਾ ਹੋਣ ਦੇ ਵਿਰੋਧ ਵਿੱਚ ਤੇ ਨਹਿਰੀ ਪਾਣੀ ਦੀ ਵਿਵਸਥਾ ਸੁਧਾਰਨ ਦੀ ਮੰਗ ਸਬੰਧੀ ਭਲਕੇ 16 ਜੂਨ ਨੂੰ ਅਨਾਜ ਮੰਡੀਆਂ ’ਚ ਇਕੱਠ ਕਰਕੇ ਪੰਜਾਬ ਸਰਕਾਰ ਖ਼ਿਲਾਫ਼ ਤਹਿਸੀਲ ਪੱਧਰੀ ਮੁਜ਼ਾਹਰੇ ਕਰਨ ਦਾ ਐਲਾਨ ਕੀਤਾ ਹੈ। ਕਿਸਾਨ ਆਗੂਆਂ ਬੂਟਾ ਸਿੰਘ ਬੁਰਜਗਿੱਲ ਅਤੇ ਜਗਮੋਹਨ ਸਿੰਘ ਨੇ ਦੱਸਿਆ ਕਿ ਮੁਜ਼ਾਹਰਿਆਂ ਮਗਰੋਂ ਐੱਸਡੀਐੱਮ ਰਾਹੀਂ ਮੁੱਖ ਮੰਤਰੀ ਨੂੰ ਮੰਗ ਪੱਤਰ ਭੇਜੇ ਜਾਣਗੇ। ਕਿਸਾਨ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੂੰਗੀ ਦੀ ਖਰੀਦ ਕਰਨ ਦਾ ਐਲਾਨ ਤਾਂ ਕਰ ਦਿੱਤਾ ਗਿਆ ਹੈ, ਪਰ ਜੋ ਰਿਪੋਰਟਾਂ ਸਾਹਮਣੇ ਆ ਰਹੀਆਂ ਹਨ, ਉਸ ਮੁਤਾਬਕ ਮੂੰਗੀ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਕੇਂਦਰ ਵੱਲੋਂ ਨਿਰਧਾਰਤ ਐੱਮਐੱਸਪੀ ਅਨੁਸਾਰ ਮੂੰਗੀ ਦੀ ਖਰੀਦ ਕੀਤੀ ਜਾਵੇ। ਕਿਸਾਨ ਆਗੂਆਂ ਨੇ ਦੋਸ਼ ਲਾਇਆ ਕਿ ਸੂਬੇ ਦੇ ਵੱਡੇ ਹਿੱਸੇ ਵਿੱਚ ਨਹਿਰੀ ਪਾਣੀ ਦੀ ਵਿਵਸਥਾ ਪੂਰੀ ਤਰ੍ਹਾਂ ਲੀਹ ਤੋਂ ਲੱਥੀ ਹੋਈ ਹੈ। ਉਨ੍ਹਾਂ ਮੰਗ ਕੀਤੀ ਕਿ ਪੰਜਾਬ ਦੇ ਸਾਰੇ ਇਲਾਕਿਆਂ ’ਚ ਸੂਏ, ਕੱਸੀਆਂ ਅਤੇ ਰਜਬਾਹਿਆਂ ਨੂੰ ਸੁਚਾਰੂ ਢੰਗ ਨਾਲ ਪਾਣੀ ਛੱਡ ਕੇ ਤੁਰੰਤ ਕਿਸਾਨਾਂ ਨੂੰ ਨਹਿਰੀ ਪਾਣੀ ਦੀ ਸਹੂਲਤ ਦਿੱਤੀ ਜਾਵੇ ਤੇ ਹਰ ਇਲਾਕੇ ਨੂੰ ਬਣਦਾ ਨਹਿਰੀ ਪਾਣੀ ਦੇਣ ਦੇ ਸਿਸਟਮ ਦੀ ਸਖਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਫ਼ਸਲੀ ਵਿਭਿੰਨਤਾ ਦੇ ਪ੍ਰੋਗਰਾਮ ਨੂੰ ਮੁੱਖ ਰੱਖਦਿਆਂ ਉਪਰੋਕਤ ਮੰਗਾਂ ਨੂੰ ਪੂਰਾ ਕਰਨਾ ਬੇਹੱਦ ਜ਼ਰੂਰੀ ਹੈ, ਨਹੀਂ ਤਾਂ ਸਰਕਾਰ ਦੇ ਫ਼ਸਲੀ ਵਿਭਿੰਨਤਾ ਦੇ ਦਾਅਵਿਆਂ ਦੀ ਭਰੋਸੇਯੋਗਤਾ ਉੱਪਰ ਗੰਭੀਰ ਸਵਾਲ ਖੜ੍ਹੇ ਹੋਣਗੇ।
ਸਰਕਾਰ ਅਬੋਹਰ ਤੇ ਫ਼ਾਜ਼ਿਲਕਾ ਵੱਲ ਨਹਿਰੀ ਪਾਣੀ ਭੇਜੇ: ਰਾਜੇਵਾਲ
ਚੰਡੀਗੜ੍ਹ (ਟਨਸ): ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਮੰਗ ਕੀਤੀ ਹੈ ਕਿ ਅਬੋਹਰ ਤੇ ਫ਼ਾਜ਼ਿਲਕਾ ਖੇਤਰ ਦੇ ਲੋਕਾਂ ਨੂੰ ਤੁਰੰਤ ਨਹਿਰੀ ਪਾਣੀ ਦੀ ਸਪਲਾਈ ਦਿੱਤੀ ਜਾਵੇ। ਕਿਸਾਨ ਆਗੂ ਨੇ ਕਿਹਾ ਕਿ ਪਿਛਲੇ ਦਿਨੀਂ ਸਿੰਜਾਈ ਵਿਭਾਗ ਨੇ ਨਹਿਰਾਂ ’ਚ ਪਾਣੀ ਦੀ ਸਪਲਾਈ ਬੰਦ ਕਰ ਦਿੱਤੀ ਹੈ। ਇਲਾਕੇ ’ਚ ਧਰਤੀ ਹੇਠਲਾ ਪਾਣੀ ਬੇਹੱਦ ਖਾਰਾ ਹੈ, ਜਿਸ ਕਾਰਨ ਪੀਣ ਵਾਲੇ ਤੇ ਸਿੰਜਾਈ ਵਾਲੇ ਪਾਣੀ ਦੀ ਕਿੱਲਤ ਆ ਰਹੀ ਹੈ ਤੇ ਇਲਾਕੇ ਵਿਚਲੇ ਕਿੰਨੂਆਂ ਦੇ ਬਾਗ਼ ਵੀ ਤਬਾਹ ਹੋ ਰਹੇ ਹਨ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਤੁਰੰਤ ਟੀਮਾਂ ਭੇਜ ਕੇ ਬਾਗਾਂ ਦੇ ਹੋਏ ਨੁਕਸਾਨ ਦਾ ਜਾਇਜ਼ਾ ਲਵੇ ਤੇ ਕਿਸਾਨਾਂ ਨੂੰ ਮੁਆਵਜ਼ਾ ਦੇਵੇ।