27.2 C
Patiāla
Sunday, May 5, 2024

ਪੰਜਾਬ ਦੀ ਧਰਤੀ ਨੂੰ ਗੈਂਗਸਟਰਾਂ ਤੋਂ ਮੁਕਤ ਕਰਾਂਗੇ: ਕੇਜਰੀਵਾਲ

Must read


ਪਾਲ ਸਿੰਘ ਨੌਲੀ

ਜਲੰਧਰ, 15 ਜੂਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਇੱਥੋਂ ਨਵੀਂ ਦਿੱਲੀ ਦੇ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ਲਈ ਸਰਕਾਰੀ ਵੋਲਵੋ ਬੱਸ ਸੇਵਾ ਦੀ ਸ਼ੁਰੂਆਤ ਸਾਂਝੇ ਤੌਰ ਉਤੇ ਕੀਤੀ। ਇਸ ਮੌਕੇ ਬੱਸ ਅੱਡੇ ’ਤੇ ਹੀ ਕੀਤੇ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਵਿਰੋਧੀ ਧਿਰਾਂ ਪੰਜਾਬ ਵਿੱਚ ਅਜਿਹਾ ਮਾਹੌਲ ਪੈਦਾ ਕਰ ਰਹੀਆਂ ਹਨ ਕਿ ਜਿਸ ਤੋਂ ਲੱਗੇ ਕਿ ਅਮਨ-ਕਾਨੂੰਨ ਦੀ ਸਥਿਤੀ ਵਿਗੜ ਰਹੀ ਹੈ। ਦਿੱਲੀ ਦੇ ਮੁੱਖ ਮੰਤਰੀ ਨੇ ਬੜੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਅਸਲ ਵਿੱਚ ਸਾਰੇ ਗੈਂਗਸਟਰ ਪੰਜਾਬ ’ਤੇ ਰਾਜ ਕਰਨ ਵਾਲੀਆਂ ਪਾਰਟੀਆਂ ਨੇ ਹੀ ਪੈਦਾ ਕੀਤੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਅਜਿਹੇ ਸਾਰੇ ਅਨਸਰਾਂ ਨੂੰ ਫੜਿਆ ਜਾਵੇਗਾ ਅਤੇ ਰਾਜ ਸਰਕਾਰ ਸੂਬੇ ਦੇ ਹਰੇਕ ਨਾਗਰਿਕ ਦੀ ਸੁਰੱਖਿਆ ਲਈ ਵਚਨਬੱਧ ਹੈ। ‘ਆਪ’ ਸੁਪਰੀਮੋ ਨੇ ਵਿਰੋਧੀ ਪਾਰਟੀਆਂ ਨੂੰ ਰਗੜੇ ਲਾਉਂਦਿਆਂ ਕਿਹਾ ਕਿ ਉਹ ਪਹਿਲਾਂ ਇਹ ਦੱਸਣ ਕਿ ਕੀ ਭਗਵੰਤ ਮਾਨ ਗੈਂਗਸਟਰਾਂ ਨੂੰ ਆਪਣੇ ਨਾਲ ਲੈ ਕੇ ਆਏ ਸਨ। ਉਨ੍ਹਾਂ ਕਿਹਾ ਕਿ ‘ਇਹ ਸਾਰੇ ਗੈਂਗਸਟਰ ਰਾਜ ਕਰ ਚੁੱਕੀਆਂ ਪਾਰਟੀਆਂ ਨੇ ਹੀ ਪਾਲੇ ਹੋਏ ਹਨ’। ਕੇਜਰੀਵਾਲ ਨੇ ਪੰਜਾਬ ਨੂੰ ਗੈਂਗਸਟਰਾਂ ਤੋਂ ਮੁਕਤ ਕਰਨ ਦਾ ਅਹਿਦ ਕਰਦਿਆਂ ਕਿਹਾ ਕਿ ਵਿਰੋਧੀ ਧਿਰਾਂ ਨੇ ਇਨ੍ਹਾਂ ਅਪਰਾਧੀਆਂ ਦੀ ਖੁੱਲ੍ਹ ਕੇ ਪੁਸ਼ਤਪਨਾਹੀ ਕੀਤੀ ਹੈ। ਉਨ੍ਹਾਂ ਕਿਹਾ ਕਿ ਹੁਣ ਜਦ ਇਨ੍ਹਾਂ ਦੀ ਪੁਸ਼ਤਪਨਾਹੀ ਖ਼ਤਮ ਹੋ ਗਈ ਹੈ ਤਾਂ ਇਨ੍ਹਾਂ ਨੂੰ ਜਲਦੀ ਹੀ ਸਲਾਖਾਂ ਪਿੱਛੇ ਡੱਕਿਆ ਜਾਵੇਗਾ। ‘ਆਪ’ ਕਨਵੀਨਰ ਨੇ ਕਿਹਾ ਕਿ ਪਟਿਆਲਾ ਵਿੱਚ ਹੋਏ ਦੰਗਿਆਂ ਤੇ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦੇ ਕਾਤਲਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਮਲੇ ’ਚ ਗੈਂਗਸਟਰ ਨੂੰ ਤਿਹਾੜ ਜੇਲ ’ਚੋਂ ਪੁੱਛ-ਪੜਤਾਲ ਲਈ ਲਿਆਂਦਾ ਗਿਆ ਹੈ। ਉਨ੍ਹਾਂ ਜ਼ਿਕਰ ਕੀਤਾ ਕਿ 2017 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਕੁਝ ਦਿਨ ਪਹਿਲਾਂ ਮੌੜ ਵਿੱੱਚ ਬੰਬ ਧਮਾਕਾ ਹੋਇਆ ਸੀ ਪਰ ਪੰਜ ਸਾਲਾਂ ਦੌਰਾਨ ਅੱਜ ਤੱਕ ਕਿਸੇ ਦੀ ਗ੍ਰਿਫ਼ਤਾਰੀ ਨਹੀਂ ਹੋਈ। ਉਨ੍ਹਾਂ ਦੋਸ਼ ਲਾਇਆ ਕਿ, ‘ਪਹਿਲਾਂ ਕਿਸੇ ਵੀ ਦੋਸ਼ੀ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ ਸੀ ਕਿਉਂਕਿ ਉਨ੍ਹਾਂ ਨੂੰ ਸਰਕਾਰ ਦੇ ਲੋਕਾਂ ਵੱਲੋਂ ਹੀ ਬਚਾਇਆ ਜਾ ਰਿਹਾ ਸੀ। ਪਰ ਹੁਣ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ। ਪੰਜਾਬ ਦੇ ਹਰੇਕ ਵਿਅਕਤੀ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਸਰਕਾਰ ਦੀ ਹੈ।’ ਉਨ੍ਹਾਂ ਕਿਹਾ ਕਿ ਪਿਛਲੇ ਤਿੰਨ ਮਹੀਨਿਆਂ ਵਿੱਚ 130 ਗੈਂਗਸਟਰ ਗ੍ਰਿਫ਼ਤਾਰ ਕੀਤੇ ਜਾ ਚੁੱਕੇ ਹਨ। ‘ਆਪ’ ਆਗੂ ਨੇ ਦੁਹਰਾਇਆ ਕਿ ਪੰਜਾਬ ਵਿੱਚ ਭ੍ਰਿਸ਼ਟਾਚਾਰ ਖ਼ਤਮ ਹੋ ਗਿਆ ਹੈ ਅਤੇ ਇੱਕ ਮੰਤਰੀ ਦੀ ਗ੍ਰਿਫ਼ਤਾਰੀ ਨੇ ਅਫ਼ਸਰਸ਼ਾਹੀ ਅਤੇ ਜ਼ਮੀਨੀ ਪੱਧਰ ’ਤੇ ਸਾਰਿਆਂ ਨੂੰ ਸੁਨੇਹਾ ਦਿੱਤਾ ਹੈ ਕਿ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਮੌਕੇ ਕਿਹਾ ਕਿ ਪੰਜਾਬ ਸਰਕਾਰ ਨੇ ਬੱਸ ਸੇਵਾ ਸ਼ੁਰੂ ਕਰਕੇ ਆਪਣਾ ਵਾਅਦਾ ਪੂਰਾ ਕੀਤਾ ਹੈ ਅਤੇ ਇਸ ਨਾਲ ਪਰਵਾਸੀ ਭਾਰਤੀਆਂ ਨੂੰ ਬਹੁਤ ਫਾਇਦਾ ਹੋਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਬੱਸਾਂ ਦੇ ਚੱਲਣ ਕਾਰਨ ਟਰਾਂਸਪੋਰਟ ਮਾਫੀਆ ਨੂੰ ਨੱਥ ਪਏਗੀ। ਮੁੱਖ ਮੰਤਰੀ ਨੇ ਦੋਸ਼ ਲਾਇਆ ਕਿ ਸਾਬਕਾ ਮੁੱਖ ਮੰਤਰੀਆਂ, ਮੰਤਰੀਆਂ ਤੇ ਵਿਧਾਇਕਾਂ ਨੇ ਲੋਕਾਂ ਨੂੰ ਸਹੂਲਤ ਦੇਣ ਦੀ ਬਜਾਏ ਆਪਣੀਆਂ ਬੱਸਾਂ ਦੀ ਫਲੀਟ ਨੂੰ ਵਧਾਉਣ ਲਈ ਹੀ ਸਾਰਾ ਜ਼ੋਰ ਲਾਈ ਰੱਖਿਆ ਤੇ ਸਰਕਾਰੀ ਖ਼ਜ਼ਾਨੇ ਨੂੰ ਵੀ ਲੁੱਟਿਆ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਪੰਜਾਬੀਆਂ ਦੇ ਹਿੱਤਾਂ ਦੀ ਰਾਖੀ ਲਈ ਹਰ ਕਦਮ ਚੁੱਕੇਗੀ ਤੇ ਸੂਬੇ ਵਿੱਚੋਂ ਹਰ ਤਰ੍ਹਾਂ ਦੇ ਮਾਫ਼ੀਆ ਜਾਂ ਅਜਾਰੇਦਾਰੀ ਨੂੰ ਖ਼ਤਮ ਕਰੇਗੀ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੋਲਵੋ ਬੱਸਾਂ ਨੂੰ ਹਰੀ ਝੰਡੀ ਦਿਖਾਉਂਦੇ ਹੋਏ। -ਫੋਟੋ: ਮਲਕੀਅਤ ਸਿੰਘ

ਕਈ ਸ਼ਹਿਰਾਂ ਤੋਂ ਸਿੱਧੀਆਂ ਏਅਰਪੋਰਟ ਟਰਮੀਨਲ ਤੱਕ ਜਾਣਗੀਆਂ ਬੱਸਾਂ

ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਰੋਜ਼ਾਨਾ ਸੱਤ ਵੋਲਵੋ ਬੱਸਾਂ ਜਲੰਧਰ ਬੱਸ ਸਟੈਂਡ ਤੋਂ ਦਿੱਲੀ ਏਅਰਪੋਰਟ ਲਈ ਚੱਲਣਗੀਆਂ। ਜਦਕਿ ਅਜਿਹੀਆਂ ਹੀ 55 ਬੱਸਾਂ ਅੰਮ੍ਰਿਤਸਰ, ਪਠਾਨਕੋਟ, ਲੁਧਿਆਣਾ, ਹੁਸ਼ਿਆਰਪੁਰ, ਕਪੂਰਥਲਾ, ਪਟਿਆਲਾ ਅਤੇ ਚੰਡੀਗੜ੍ਹ ਤੋਂ ਦਿੱਲੀ ਹਵਾਈ ਅੱਡੇ ਲਈ ਰੋਜ਼ਾਨਾ ਚੱਲਣਗੀਆਂ। ਇਸ ਮੌਕੇ ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਤੇ ਦਿੱਲੀ ਦੇ ਟਰਾਂਸਪੋਰਟ ਮੰਤਰੀ ਕੈਲਾਸ਼ ਗਹਿਲੋਤ ਨੇ ਵੀ ਸੰਬੋਧਨ ਕੀਤਾ। ਗਹਿਲੋਤ ਨੇ ਸਪੱਸ਼ਟ ਕੀਤਾ ਕਿ ਪੰਜਾਬ ਰੋਡਵੇਜ਼, ਪਨਬੱਸ ਤੇ ਪੀਆਰਟੀਸੀ ਦੀਆਂ ਵੋਲਵੋ ਬੱਸਾਂ ਸਿੱਧੀਆਂ ਏਅਰਪੋਰਟ ਟਰਮੀਨਲ ’ਤੇ ਹੀ ਪੁੱਜਣਗੀਆਂ।





News Source link

- Advertisement -

More articles

- Advertisement -

Latest article