ਦਰਸ਼ਨ ਸਿੰਘ ਸੋਢੀ
ਮੁਹਾਲੀ, 21 ਜੂਨ
ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦੇ ਕਥਿਤ ਦੋਸ਼ਾਂ ਤਹਿਤ ਗ੍ਰਿਫ਼ਤਾਰ ਸੀਨੀਅਰ ਆਈਏਐੱਸ ਸੰਜੈ ਪੋਪਲੀ ਅਤੇ ਉਸ ਦੇ ਸਹਾਇਕ ਸਕੱਤਰ/ਸੁਪਰਡੈਂਟ ਸੰਦੀਪ ਵਤਸ ਨੂੰ ਅੱਜ ਇਥੋਂ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਆਈਏਐੱਸ ਅਧਿਕਾਰੀ ਅਤੇ ਸੁਪਰਡੈਂਟ ਨੂੰ ਚਾਰ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ। ਇਸ ਤੋਂ ਪਹਿਲਾਂ ਦੋਵਾਂ ਦਾ ਸਰਕਾਰੀ ਹਸਪਤਾਲ ਵਿੱਚ ਮੈਡੀਕਲ ਕਰਵਾਇਆ ਗਿਆ। ਵਿਜੀਲੈਂਸ ਦੀ ਜਾਂਚ ਟੀਮ ਨੇ ਸਰਕਾਰੀ ਵਕੀਲ ਰਾਹੀਂ ਅਰਜ਼ੀ ਦਾਇਰ ਕਰਕੇ 7 ਦਿਨ ਦਾ ਪੁਲੀਸ ਰਿਮਾਂਡ ਮੰਗਿਆ ਗਿਆ ਸੀ। ਮੁਲਜ਼ਮਾਂ ਨੂੰ 25 ਜੂਨ ਨੂੰ ਦੁਬਾਰਾ ਅਦਾਲਤ ਵਿੱਚ ਪੇਸ਼ ਕਰਨ ਲਈ ਕਿਹਾ ਗਿਆ ਹੈ। ਉਧਰ ਬਚਾਅ ਪੱਖ ਦੇ ਵਕੀਲਾਂ ਨੇ ਪੁਲੀਸ ਰਿਮਾਂਡ ਦਾ ਵਿਰੋਧ ਕਰਦਿਆਂ ਕਿਹਾ ਕਿ ਅਧਿਕਾਰੀ ਨੂੰ ਝੂਠੇ ਕੇਸ ਵਿੱਚ ਫਸਾਇਆ ਜਾ ਰਿਹਾ ਹੈ। ਪੋਪਲੀ ਦੇ ਵਕੀਲਾਂ ਨੇ ਵਿਜੀਲੈਂਸ ਦੀ ਕਾਰਵਾਈ ਰਿਪੋਰਟ ਸਮੇਤ ਠੇਕੇਦਾਰ ਦੀ ਸ਼ਿਕਾਇਤ ਦੀ ਕਾਪੀ ਅਤੇ ਵੀਡੀਓ ਰਿਕਾਰਡਿੰਗ ਮੁਹੱਈਆ ਕਰਵਾਉਣ ਦੀ ਮੰਗ ਕੀਤੀ ਹੈ।