ਜੋਗਿੰਦਰ ਸਿੰਘ ਮਾਨ
ਮਾਨਸਾ, 27 ਜੂਨ
ਅੰਮ੍ਰਿਤਸਰ ਪੁਲੀਸ ਨੇ ਅੱਜ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਟਰਾਂਜ਼ਿਟ ਰਿਮਾਂਡ ਲੈ ਲਿਆ ਹੈ। ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਰਿਮਾਂਡ ਖ਼ਤਮ ਹੋਣ ਮਗਰੋਂ ਲਾਰੈਂਸ ਨੂੰ ਅੱਜ ਮਾਨਸਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ। ਅੰਮ੍ਰਿਤਸਰ ਪੁਲੀਸ ਨੇ ਰਾਣਾ ਕੰਡੋਰ ਵਾਲੀਆ ਨਾਂ ਦੇ ਗੈਂਗਸਟਰ ਦੇ ਕਤਲ ਮਾਮਲੇ ਵਿੱਚ ਅਦਾਲਤ ਨੂੰ ਟਰਾਂਜ਼ਿਟ ਰਿਮਾਂਡ ਦੇਣ ਦੀ ਅਪੀਲ ਕੀਤੀ ਸੀ। ਇਸ ਕਤਲ ਕਾਂਡ ਵਿੱਚ ਜੱਗੂ ਅਤੇ ਲਾਰੈਂਸ ਬਿਸ਼ਨੋਈ ਦਾ ਨਾਮ ਸਾਹਮਣੇ ਆਇਆ ਸੀ। ਅਦਾਲਤ ਨੇ ਲਾਰੈਂਸ ਨੂੰ ਅੰਮ੍ਰਿਤਸਰ ਪੁਲੀਸ ਦੇ ਹਵਾਲੇ ਕਰ ਦਿੱਤਾ ਅਤੇ ਨਾਲ ਹੀ ਉਸ ਨੂੰ 24 ਘੰਟਿਆਂ ਬਾਅਦ ਮੁੜ ਅਦਾਲਤ ਵਿੱਚ ਪੇਸ਼ ਕਰਨ ਦੇ ਆਦੇਸ਼ ਦਿੱਤੇ।
ਇਸੇ ਦੌਰਾਨ ਲਾਰੈਂਸ ਬਿਸ਼ਨੋਈ ਦੇ ਵਕੀਲ ਸਤਨਾਮ ਸਿੰਘ ਧੀਮਾਨ ਨੇ ਦੱਸਿਆ ਕਿ ਅੰਮ੍ਰਿਤਸਰ ਪੁਲੀਸ ਉਸ ਨੂੰ ਟਰਾਂਜ਼ਿਟ ਰਿਮਾਂਡ ’ਤੇ ਲੈ ਗਈ ਹੈ। ਇਸ ਤੋਂ ਪਹਿਲਾਂ ਲਾਰੈਂਸ ਦੇ ਪਿਤਾ ਨੇ ਸਿੱਧੂ ਮੂਸੇਵਾਲਾ ਕਤਲ ਕਾਂਡ ਮਾਮਲੇ ਵਿੱਚ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਸੀ ਅਤੇ ਆਪਣੀ ਅਪੀਲ ਵਿੱਚ ਕਿਹਾ ਸੀ ਕਿ ਉਨ੍ਹਾਂ ਦੇ ਪੁੱਤਰ ਨੂੰ ਮਾਨਸਾ ਦੀ ਅਦਾਲਤ ਵਿੱਚ ਕਾਨੂੰਨੀ ਮੱਦਦ ਨਹੀਂ ਮਿਲ ਰਹੀ।