ਜੋਗਿੰਦਰ ਸਿੰਘ ਮਾਨ
ਮਾਨਸਾ, 21 ਜੁਲਾਈ
ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਉਸ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੂੰ ਜਾਨ ਤੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਪਿਤਾ ਬਲਕੌਰ ਸਿੰਘ ਸਿੱਧੂ ਨੇ ਪੁਲੀਸ ਨੂੰ ਦੱਸਿਆ ਕਿ ਕੁੱਝ ਦਿਨਾਂ ਤੋਂ ਇੰਸਟਾਗ੍ਰਾਮ ’ਤੇ ਪਾਕਿਸਤਾਨ ਤੋਂ ਧਮਕੀਆਂ ਮਿਲ ਰਹੀਆਂ ਹਨ। ਸਿੱਧੂ ਮੂਸੇਵਾਲਾ ਦੇ ਪਿਤਾ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਸ਼ੁਭਦੀਪ ਸਿੱਧੂ ਦੇ ਦੋਸਤਾਂ ਨੇ ਦੱਸਿਆ ਕਿ ਇੰਸਟਾਗ੍ਰਾਮ ’ਤੇ ਪਾਕਿਸਤਾਨ ਤੋਂ ਪੋਸਟ ਪਾਈ ਗਈ ਹੈ, ਜਿਸ ਵਿੱਚ ਲਿਖਿਆ ਗਿਆ ਹੈ ਕਿ ਅਗਲਾ ਨੰਬਰ ਬਾਪੂ ਦਾ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਲਈ ਮਾਨਸਾ ਪੁਲੀਸ ਨੂੰ ਇਤਲਾਹ ਦਿੱਤੀ ਗਈ ਹੈ। ਇਸੇ ਦੌਰਾਨ ਮਾਨਸਾ ਦੇ ਸੀਨੀਅਰ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਪੁਲੀਸ ਮਾਮਲੇ ਲਈ ਜਾਂਚ ਵਿੱਚ ਜੁੱਟ ਗਈ ਹੈ।