ਜਗਮੋਹਨ ਸਿੰਘ
ਰੂਪਨਗਰ, 27 ਜੁਲਾਈ
ਇੱਥੇ ਪੁਲੀਸ ਲਾਈਨ ਰੂਪਨਗਰ ਵਿੱਚ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਅੱਜ ਰੂਪਨਗਰ ਜ਼ਿਲ੍ਹੇ ਦੇ ਪੁਲੀਸ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਮੀਟਿੰਗ ਦੌਰਾਨ ਡੀਜੀਪੀ ਗੌਰਵ ਯਾਦਵ ਨੂੰ ਸਮੂਹ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਉਹ ਪੰਜਾਬ ਵਿੱਚ ਅਮਨ ਤੇ ਸ਼ਾਂਤੀ ਨੂੰ ਹਰ ਹੀਲੇ ਕਾਇਮ ਰੱਖਦੇ ਹੋਏ ਲੋਕਾਂ ਦੀ ਸੁਰੱਖਿਆ ਲਈ ਸ਼ਰਾਰਤੀ ਅਨਸਰਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕਰਨ। ਇਸ ਤੋਂ ਇਲਾਵਾ ਉਨ੍ਹਾਂ ਨਸ਼ਾਖੋਰੀ ਦਾ ਜੜ੍ਹੋਂ ਖਾਤਮਾ ਕਰਨ ਤੇ ਲੋਕਾਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ਤੇ ਹੱਲ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੇ ਅਫਸਰਾਂ ਤੇ ਕਰਮਚਾਰੀਆਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਅਧਿਕਾਰੀਆਂ ਤੋਂ ਕੰਮ ਕਾਰ ਦੌਰਾਨ ਪੇਸ਼ ਆਉਂਦੀਆਂ ਮੁਸ਼ਕਲਾਂ ਬਾਰੇ ਜਾਣਕਾਰੀ ਹਾਸਲ ਕੀਤੀ ਅਤੇ ਉਨ੍ਹਾਂ ਦੇ ਹੱਲ ਲਈ ਸੁਝਾਅ ਵੀ ਲਏ। ਮੀਟਿੰਗ ਵਿੱਚ ਰੂਪਨਗਰ ਰੇਂਜ ਦੇ ਡੀਆਈਜੀ ਗੁਰਪ੍ਰੀਤ ਸਿੰਘ ਭੁੱਲਰ ਤੋਂ ਇਲਾਵਾ ਐੱਸ.ਐੱਸ.ਪੀ. ਰੂਪਨਗਰ ਡਾ. ਸੰਦੀਪ ਗਰਗ, ਐੱਸ.ਐੱਸ.ਪੀ. ਫਤਿਹਗੜ੍ਹ ਸਾਹਿਬ ਰਵਜੋਤ ਕੌਰ ਬੈਂਸ, ਐੱਸ.ਐੱਸ.ਪੀ. ਐੱਸ.ਏ.ਐੱਸ. ਨਗਰ ਵਿਵੇਕਸ਼ੀਲ ਸੋਨੀ ਆਦਿ ਹਾਜ਼ਰ ਸਨ।