38 C
Patiāla
Thursday, April 25, 2024

ਨਸ਼ਿਆਂ ਖ਼ਿਲਾਫ਼ ਪੰਜਾਬ ਦੀ ਹਰ ਮਦਦ ਕਰਾਂਗੇ: ਸ਼ਾਹ

Must read


ਆਤਿਸ਼ ਗੁਪਤਾ

ਮੁੱਖ ਅੰਸ਼

  • ਨਸ਼ਿਆਂ ਦੇ ਖਾਤਮੇ ਲਈ ‘ਜ਼ੀਰੋ ਟਾਲਰੈਂਸ’ ਨੀਤੀ ਅਪਣਾਉਣ ਦਾ ਦਾਅਵਾ
  • ਨਸ਼ਾ ਤਸਕਰੀ ਰੋਕਣ ਅਤੇ ਕੌਮੀ ਸੁਰੱਖਿਆ ਲਈ ਕੇਂਦਰ ਤੇ ਸੂਬਿਆਂ ਨੂੰ ਇਕਜੁੱਟ ਹੋਣ ਦਾ ਸੱਦਾ

ਚੰਡੀਗੜ੍ਹ, 30 ਜੁਲਾਈ

ਇੱਥੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਕੇਂਦਰ ਨੇ ਨਸ਼ਿਆਂ ਖ਼ਿਲਾਫ਼ ‘ਜ਼ੀਰੋ ਟਾਲਰੈਂਸ’ ਦੀ ਨੀਤੀ ਅਪਣਾਈ ਹੈ, ਜਿਸ ਦੇ ਨਤੀਜੇ ਸਾਹਮਣੇ ਆ ਰਹੇ ਹਨ। ਨਸ਼ਿਆਂ ਵਿਰੁੱਧ ਲੜਾਈ ਸਹੀ ਦਿਸ਼ਾ ਵੱਲ ਵਧ ਰਹੀ ਹੈ। ਉਹ ਨਾਰਕੋਟਿਕ ਕੰਟਰੋਲ ਬਿਊਰੋ ਵੱਲੋਂ ਪੰਜਾਬ ਭਵਨ ਵਿੱਚ ‘ਨਸ਼ਾ ਤਸਕਰੀ ਅਤੇ ਕੌਮੀ ਸੁਰੱਖਿਆ’ ਬਾਰੇ ਕਰਵਾਏ ਸੈਮੀਨਾਰ ’ਚ ਪੁੱਜੇ ਸਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਰਹੱਦੀ ਸੂਬਾ ਹੋਣ ਕਾਰਨ ਇੱਥੇ ਨਸ਼ਿਆਂ ਦੀ ਸਮੱਸਿਆ ਜ਼ਿਆਦਾ ਹੈ, ਜਿਸ ਦੇ ਖਾਤਮੇ ਲਈ ਕੇਂਦਰ ਸਰਕਾਰ ਸੂਬੇ ਦੀ ਹਰ ਸੰਭਵ ਮਦਦ ਲਈ ਤਿਆਰ ਹੈ। ਸ੍ਰੀ ਸ਼ਾਹ ਨੇ ਅੰਮ੍ਰਿਤਸਰ ’ਚ ਫੋਰੈਂਸਿਕ ਲੈਬ ਅਤੇ ਐੱਨਸੀਬੀ ਦਾ ਸਿਖਲਾਈ ਕੇਂਦਰ ਖੋਲ੍ਹਣ ਦਾ ਐਲਾਨ ਕੀਤਾ, ਜਿਸ ਲਈ ਜ਼ਮੀਨ ਪੰਜਾਬ ਸਰਕਾਰ ਨੂੰ ਮੁਹੱਈਆ ਕਰਵਾਉਣੀ ਪਵੇਗੀ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਗ੍ਰਹਿ ਮੰਤਰੀ ਦੇ ਐਲਾਨ ਦਾ ਸਵਾਗਤ ਕਰਦਿਆਂ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਜ਼ਮੀਨ ਮੁਹੱਈਆ ਕਰਵਾਉਣ ਲਈ ਤਿਆਰ ਹੈ।

ਸੈਮੀਨਾਰ ਵਿੱਚ ਪੰਜਾਬ ਦੇ ਰਾਜਪਾਲ ਅਤੇ ਯੂਟੀ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਤੇ ਜੰਮੂ ਕਸ਼ਮੀਰ ਦੇ ਅਧਿਕਾਰੀਆਂ ਨੇ ਹਿੱਸਾ ਲਿਆ। ਇਸ ਮੌਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਦੇਸ਼ ਵਿੱਚੋਂ ਨਸ਼ਿਆਂ ਦੀ ਰੋਕਥਾਮ ਲਈ ਨਾਰਕੋਟਿਕ ਕੰਟਰੋਲ ਬਿਊਰੋ (ਐੱਨਸੀਬੀ) ਦਾ ਗਠਨ ਕੀਤਾ ਗਿਆ ਹੈ, ਜਿਸ ਵੱਲੋਂ ਵੱਡੀ ਮਾਤਰਾ ਵਿੱਚ ਬਰਾਮਦ ਹੋਣ ਵਾਲੇ ਨਸ਼ਿਆਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਸਾਲ 2006-13 ਦੌਰਾਨ 1.52 ਲੱਖ ਕਿਲੋਗ੍ਰਾਮ ਨਸ਼ੀਲੇ ਪਦਾਰਥ ਜ਼ਬਤ ਕੀਤੇ ਗਏ ਸਨ ਜਦਕਿ ਸਾਲ 2014-21 ਦੌਰਾਨ 3.3 ਲੱਖ ਕਿਲੋਗ੍ਰਾਮ ਨਸ਼ੀਲੇ ਪਦਾਰਥ ਜ਼ਬਤ ਕੀਤੇ ਗਏ ਜਦਕਿ ਗ੍ਰਿਫ਼ਤਾਰੀਆਂ ਵਿੱਚ 260 ਫ਼ੀਸਦੀ ਵਾਧਾ ਹੋਇਆ। ਉਨ੍ਹਾਂ ਕਿਹਾ ਕਿ ਸਾਲ 2006-13 ਦੌਰਾਨ 768 ਕਰੋੜ ਦੀ ਨਸ਼ੀਲੀ ਸਮੱਗਰੀ ਜ਼ਬਤ ਕੀਤੀ ਗਈ ਸੀ ਜਦਕਿ ਮੋਦੀ ਸਰਕਾਰ ਨੇ ਸਾਲ 2014-21 ਤੱਕ 20 ਹਜ਼ਾਰ ਕਰੋੜ ਦੀ ਨਸ਼ੀਲੀ ਸਮੱਗਰੀ ਜ਼ਬਤ ਕੀਤੀ ਹੈ। ਕੇਂਦਰੀ ਗ੍ਰਹਿ ਮੰਤਰੀ ਸ੍ਰੀ ਸ਼ਾਹ ਨੇ ਕਿਹਾ ਕਿ ਕੇਂਦਰ ਸਰਕਾਰ ਆਉਣ ਵਾਲੇ ਸਮੇਂ ਵਿੱਚ ਨਸ਼ਾ ਤਸਕਰੀ ਦੀ ਰੋਕਥਾਮ ਲਈ ਕਾਨੂੰਨ ਨੂੰ ਹੋਰ ਸਖ਼ਤ ਬਣਾਉਣ ਲਈ ਕੰਮ ਕਰ ਰਹੀ ਹੈ ਜਦਕਿ ਨਸ਼ੀਲੇ ਪਦਾਰਥਾਂ ਦੀ ਰੋਕਥਾਮ ਲਈ ਸੂਬਾ ਸਰਕਾਰਾਂ ਨਾਲ ਵੀ ਸੰਪਰਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿਹਤਮੰਦ ਸਮਾਜ ਅਤੇ ਖੁਸ਼ਹਾਲ ਦੇਸ਼ ਦੀ ਸਿਰਜਣਾ ਲਈ ਕੇਂਦਰ ਅਤੇ ਸੂਬਿਆਂ ਨੂੰ ਇਕਜੁੱਟ ਹੋ ਕੇ ਲੜਾਈ ਲੜਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਰਗੇ ਸਰਹੱਦੀ ਸੂਬੇ ਵਿੱਚ ਨਸ਼ਿਆਂ ਦੀ ਰੋਕਥਾਮ ਲਈ ਕੇਂਦਰ ਸਰਕਾਰ ਪੰਜਾਬ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ। ਕੇਂਦਰ ਸਰਕਾਰ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਦੇ ਦਲ-ਦਲ ਵਿੱਚੋਂ ਕੱਢਣ ਲਈ ਹਰ ਤਰ੍ਹਾਂ ਦੀ ਮਦਦ ਲਈ ਤਿਆਰ ਹੈ। ਅੱਜ ਐੱਨਸੀਬੀ ਵੱਲੋਂ ਦੇਸ਼ ਵਿੱਚ 31,000 ਕਿਲੋ ਨਸ਼ੀਲੇ ਪਦਾਰਥ ਨਸ਼ਟ ਕੀਤੇ ਗਏ ਹਨ, ਜਿਸ ਨੂੰ ਵੀਡੀਓ ਰਾਹੀਂ ਕੇਂਦਰੀ ਗ੍ਰਹਿ ਮੰਤਰੀ ਨੂੰ ਦਿਖਾਇਆ ਗਿਆ। ਵੀਡੀਓ ਮੁਤਾਬਕ ਦਿੱਲੀ ਵਿੱਚ 19500 ਕਿਲੋ, ਕੋਲਕਾਤਾ ’ਚ 3077 ਕਿਲੋ, ਚੇਨੱਈ ’ਚ 1302 ਅਤੇ ਗੁਹਾਟੀ ’ਚ 7261 ਕਿਲੋ ਨਸ਼ੀਲੇ ਪਦਾਰਥ ਨਸ਼ਟ ਕੀਤੇ ਗਏ ਹਨ। ਐੱਨਸੀਬੀ ਦੇ ਬੁਲਾਰੇ ਨੇ ਦੱਸਿਆ ਕਿ 1 ਜੂਨ ਤੋਂ ਹੁਣ ਤੱਕ 82 ਹਜ਼ਾਰ ਕਿਲੋਗ੍ਰਾਮ ਨਸ਼ੀਲੇ ਪਦਾਰਥ ਨਸ਼ਟ ਕੀਤੇ ਗਏ ਹਨ।

ਮੁੱਖ ਮੰਤਰੀ ਵੱਲੋਂ ਸੂਬਿਆਂ ਨੂੰ ਸਾਂਝੀ ਕਾਰਵਾਈ ਕਰਨ ਦਾ ਸੱਦਾ

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਨਾਰਕੋ-ਗੈਂਗਸਟਰ-ਅਤਿਵਾਦ ਦੇ ਨਾਪਾਕ ਗੱਠਜੋੜ ਦਾ ਮੁਕਾਬਲਾ ਕਰਨ ਲਈ ਸੂਬਿਆਂ ਨੂੰ ਸਾਂਝੀ ਕਾਰਵਾਈ ਕਰਨ ਦਾ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਇਸ ਖ਼ਤਰੇ ਨਾਲ ਲੜਨ ਲਈ ਸਾਰੇ ਮਿਲ ਕੇ ਕਾਰਵਾਈ ਕਰਨ। ਉਨ੍ਹਾਂ ਕਿਹਾ ਕਿ ਸੂਬਿਆਂ ਨੂੰ ਸਿਹਰਾ ਲੈਣ ਦੀ ਦੌੜ ਵਿੱਚ ਨਹੀਂ ਪੈਣਾ ਚਾਹੀਦਾ ਸਗੋਂ ਗੈਂਗਸਟਰਾਂ, ਨਸ਼ਾ ਤਸਕਰਾਂ ਤੇ ਅਤਿਵਾਦੀਆਂ ਦੇ ਖ਼ਾਤਮੇ ’ਤੇ ਧਿਆਨ ਕੇਂਦਰਿਤ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਪੀੜ੍ਹੀਆਂ ਦੇ ਹਿੱਤਾਂ ਦੀ ਰੱਖਿਆ ਲਈ ਇਸ ਖ਼ਤਰੇ ਨੂੰ ਛੇਤੀ ਤੋਂ ਛੇਤੀ ਖ਼ਤਮ ਕਰਨ ਦੀ ਲੋੜ ਹੈ। -ਟਨਸ

ਜਲਦ ਸ਼ੁਰੂ ਹੋਵੇਗੀ ਕੌਮੀ ਨਾਰਕੋਟਿਕਸ ਹੈਲਪਲਾਈਨ

ਸ੍ਰੀ ਸ਼ਾਹ ਨੇ ਕਿਹਾ ਕਿ ਦੇਸ਼ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਇੱਕ ਕੌਮੀ ਨਾਰਕੋਟਿਕਸ ਹੈਲਪਲਾਈਨ ਦੀ ਲੋੜ ਹੈ, ਜਿਸ ’ਤੇ ਐੱਨਸੀਬੀ ਕੰਮ ਕਰ ਰਹੀ ਹੈ ਤੇ ਇਸਨੂੰ ਜਲਦ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਦੇਸ਼ ਦੇ 21 ਸੂਬਿਆਂ ਨੇ ਐਂਟੀ-ਨਾਰਕੋਟਿਕਸ ਟਾਸਕ ਫੋਰਸ ਦਾ ਗਠਨ ਕੀਤਾ ਹੈ ਜਦਕਿ ਰਹਿੰਦੇ ਸੂਬਿਆਂ ਵੱਲੋਂ ਵੀ ਜਲਦ ਹੀ ਐਂਟੀ-ਨਾਰਕੋਟਿਕਸ ਟਾਸਕ ਫੋਰਸ ਬਣਾਈ ਜਾਵੇਗੀ। ਉਨ੍ਹਾਂ ਸੂਬਿਆਂ ਨੂੰ ਐਂਟੀ-ਨਾਰਕੋਟਿਕਸ ਟਾਸਕ ਫੋਰਸ ਦੇ ਕੰਮ-ਕਾਜ ਦੀ ਸਮੇਂ-ਸਮੇਂ ’ਤੇ ਰਿਪੋਰਟ ਲੈਣ ਤੇ ਮਹੀਨੇ ਵਿੱਚ ਇੱਕ ਦਿਨ ਨਸ਼ਿਆਂ ਦੀ ਰੋਕਥਾਮ ਲਈ ਕੰਮ ਕਰਨ ਲਈ ਅਪੀਲ ਕੀਤੀ।





News Source link

- Advertisement -

More articles

- Advertisement -

Latest article